ਬਠਿੰਡਾ, 07 ਜੁਲਾਈ:(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ):
ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਛੇਵੀਂ ਜਮਾਤ ਤੋਂ ਅੱਠਵੀਂ ਜਮਾਤ ਤੱਕ ਸਮਰ ਕੈਂਪ ਬਹੁਤ ਵਧੀਆ ਤਰੀਕੇ ਨਾਲ ਚੱਲ ਰਹੇ ਹਨ। ਕੈਂਪ ਦੇ ਪੰਜਵੇਂ ਦਿਨ ਸਕੂਲਾਂ ਵਿੱਚ ਮਿੰਨੀ ਅਧਿਆਪਕ ਮਾਪੇ ਮਿਲਣੀ ਦਾ ਆਯੋਜਨ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵਪਾਲ ਗੋਇਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਇਕਬਾਲ ਸਿੰਘ ਬੁੱਟਰ ਨੇ ਦੱਸਿਆ ਕਿ ਸਮਰ ਕੈਂਪਾਂ ਵਿੱਚ ਜਿੱਥੇ ਬੱਚੇ ਬੜੇ ਉਤਸ਼ਾਹ ਨਾਲ ਭਾਗ ਲੈ ਰਹੇ ਉੱਥੇ ਅਧਿਆਪਕ ਵੀ ਸਮਰ ਕੈਂਪਾਂ ਵਿੱਚ ਤਨਦੇਹੀ ਨਾਲ ਕੰਮ ਕਰ ਰਹੇ ਹਨ।ਅੱਜ ਅਧਿਆਪਕ ਮਾਪੇ ਮਿਲਣੀ ਵਿੱਚ ਅਧਿਆਪਕ ਦੀ ਅਗਵਾਈ ਵਿੱਚ ਵਿਦਿਆਰਥੀਆਂ ਵੱਲੋਂ ਆਪਣੇ ਹੱਥੀਂ ਤਿਆਰ ਕੀਤੇ ਸਮਾਨ ਦੀ ਪ੍ਰਦਰਸ਼ਨੀ ਲਗਾਈ ਗਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਦਫ਼ਤਰ ਵੱਲੋਂ ਸਮਰ ਕੈਂਪਾਂ ਦੀ ਲਗਾਤਾਰ ਮੋਨੀਟਰਿੰਗ ਕੀਤੀ ਜਾ ਰਹੀ ਹੈ।ਅੱਜ ਸੰਬਧਿਤ ਅਧਿਕਾਰੀਆਂ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੰਡੂਕੇ, ਸਰਕਾਰੀ ਹਾਈ ਸਕੂਲ ਡਿੱਖ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਮਣ ਕਲਾਂ, ਸਰਕਾਰੀ ਮਿਡਲ ਸਕੂਲ, ਸੁੱਖਾ ਸਿੰਘ ਵਾਲਾ ਵਿਖੇ ਸਮਰ ਕੈਂਪਾਂ ਦਾ ਦੌਰਾ ਕੀਤਾ ਗਿਆ।