ਪੰਜਾਬ ਦੇ ਵਿੱਤੀ ਸੰਕਟ ਨੂੰ ਦੂਰ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਤੋਂ ਹੀ ਸੁਧਾਰ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਪੰਜਾਬ ਦੇ ਮੌਜੂਦਾ ਅਤੇ ਸਾਬਕਾ ਵਿਧਾਇਕਾਂ ਦੀ ਪੈਨਸ਼ਨ ਵਿੱਚ ਕਟੌਤੀ ਦਾ ਵੱਡਾ ਐਲਾਨ ਕੀਤਾ ਹੈ।
ਹੁਣ ਪੰਜਾਬ ਦੇ ਮੌਜੂਦਾ ਅਤੇ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇੱਕ ਟਰਮ ਲਈ ਹੀ ਪੈਨਸ਼ਨ ਮਿਲੇਗੀ, ਉਸ ਤੋਂ ਬਾਅਦ ਭਾਵੇਂ ਉਹ ਕਿੰਨੀ ਵੀ ਵਾਰ ਵਿਧਾਨ ਸਭਾ ਚੋਣ ਜਿੱਤ ਚੁੱਕੇ ਹੋਣ।
ਪੰਜਾਬ ਦੀ ਆਰਥਿਕ ਹਾਲਤ ਮਾੜੀ ਹੈ ਅਤੇ ਸੂਬੇ ਸਿਰ ਕਰੀਬ 3 ਲੱਖ ਕਰੋੜ ਰੁਪਏ ਦਾ ਕਰਜ਼ਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਦੌਰਾਨ ਇਸ ਗੱਲ ਦਾ ਜ਼ਿਕਰ ਕੀਤਾ ਸੀ ਅਤੇ ਕੇਂਦਰ ਸਰਕਾਰ ਤੋਂ ਪੰਜਾਬ ਨੂੰ 2 ਸਾਲਾਂ ਲਈ ਸਾਲਾਨਾ 50 ਹਜ਼ਾਰ ਕਰੋੜ ਰੁਪਏ ਦਾ ਵਿੱਤੀ ਪੈਕੇਜ ਦੇਣ ਦੀ ਮੰਗ ਕੀਤੀ ਸੀ। ਵਿਧਾਇਕਾਂ ਦੀ ਪੈਨਸ਼ਨ ਵਿੱਚ ਕਟੌਤੀ ਦਾ ਫੈਸਲਾ ਲੈਣ ਤੋਂ ਬਾਅਦ ਭਗਵੰਤ ਮਾਨ ਨੇ ਕਿਹਾ ਕਿ ਹੁਣ ਪੰਜਾਬ ਦੇ ਲੋਕਾਂ ਦੇ ਹਿੱਤ ਵਿੱਚ ਹਜ਼ਾਰਾਂ ਕਰੋੜ ਰੁਪਏ ਖਰਚ ਕੀਤੇ ਜਾਣਗੇ।
ਪੰਜ ਸਾਲਾਂ ਵਿੱਚ 80 ਕਰੋੜ ਰੁਪਏ ਦੀ ਬਚਤ ਹੋਵੇਗੀ
ਇਸ ਦੇ ਨਾਲ ਹੀ 10 ਵਾਰ ਦੇ ਵਿਧਾਇਕ ਦੀ ਪੈਨਸ਼ਨ 6 ਲੱਖ 62 ਹਜ਼ਾਰ ਪ੍ਰਤੀ ਮਹੀਨਾ ਹੈ। ਹੁਣ ਸਾਰੇ ਸਾਬਕਾ ਅਤੇ ਮੌਜੂਦਾ ਵਿਧਾਇਕਾਂ ਨੂੰ ਸਿਰਫ਼ 75 ਹਜ਼ਾਰ ਰੁਪਏ ਪੈਨਸ਼ਨ ਮਿਲੇਗੀ। ਇਸ ਤਰ੍ਹਾਂ 5 ਸਾਲਾਂ ‘ਚ 80 ਕਰੋੜ ਰੁਪਏ ਦੀ ਬਚਤ ਹੋਵੇਗੀ।
ਪ੍ਰਕਾਸ਼ ਸਿੰਘ ਬਾਦਲ ਨੇ ਆਪਣੀ ਪੈਨਸ਼ਨ ਛੱਡ ਦਿੱਤੀ ਹੈ
ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਅਤੇ 11 ਵਾਰ ਵਿਧਾਇਕ ਰਹਿ ਚੁੱਕੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਸਾਬਕਾ ਵਿਧਾਇਕ ਵਜੋਂ ਮਿਲੀ ਪੈਨਸ਼ਨ ਪਹਿਲਾਂ ਹੀ ਛੱਡ ਚੁੱਕੇ ਹਨ। ਇਸ ਵਾਰ ਚੋਣ ਹਾਰਨ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਵਿਧਾਨ ਸਭਾ ਦੇ ਸਪੀਕਰ ਤੋਂ ਮੰਗ ਕੀਤੀ ਸੀ ਕਿ ਸਾਬਕਾ ਵਿਧਾਇਕ ਹੋਣ ਦੇ ਨਾਤੇ ਉਨ੍ਹਾਂ ਦੀ ਪੈਨਸ਼ਨ ਪੰਜਾਬ ਦੇ ਲੋਕਾਂ ਦੇ ਹਿੱਤ ‘ਚ ਖਰਚ ਕੀਤੀ ਜਾਵੇ।
ਛੇ ਵਾਰ ਵਿਧਾਇਕ ਰਹੇ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ, ਲਾਲ ਸਿੰਘ, ਸਰਵਣ ਸਿੰਘ ਫਿਲੌਰ ਨੂੰ ਹਰ ਮਹੀਨੇ 3 ਲੱਖ 25 ਹਜ਼ਾਰ ਰੁਪਏ ਪੈਨਸ਼ਨ ਮਿਲਦੀ ਹੈ। ਰਵੀਇੰਦਰ ਸਿੰਘ, ਬਲਵਿੰਦਰ ਸਿੰਘ ਨੂੰ ਹਰ ਮਹੀਨੇ 2 ਲੱਖ 75 ਹਜ਼ਾਰ ਰੁਪਏ ਦੀ ਰਾਸ਼ੀ ਮਿਲਦੀ ਹੈ।