ਮਾਨਸਾ, 06 ਫਰਵਰੀ:(ਸਾਰਾ ਯਹਾਂ/ਮੁੱਖ ਸੰਪਾਦਕ)
ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਦੇ ਹਰੇਕ ਜ਼ਿਲ੍ਹੇ ਅੰਦਰ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਪੰਜਾਬ ਸਰਕਾਰ ਦੀਆਂ ਸੇਵਾਵਾਂ ਲੋਕਾਂ ਨੂੰ ਘਰਾਂ ਦੇ ਨੇੜੇ ਮੁਹੱਈਆ ਕਰਵਾਈਆਂ ਜਾ ਸਕਣ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸਰਦੂਲਗੜ੍ਹ ਸ੍ਰ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਪਿੰਡ ਝੇਰਿਆਂਵਾਲੀ ਵਿਖੇ ਲਗਾਏ ਕੈਂਪ ਦਾ ਜਾਇਜ਼ਾ ਲੈਂਦਿਆਂ ਕੀਤਾ।
ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕੈਂਪ ’ਚ ਪਹੁੰਚੇ ਇਲਾਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਤੁਰੰਤ ਪਹਿਲਕਦਮੀ ਨਾਲ ਹੱਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਪਿੰਡਾਂ ਅਤੇ ਵਾਰਡਾਂ ਵਿਚ ਲੱਗਣ ਵਾਲੇ ਵਿਸ਼ੇਸ਼ ਕੈਂਪ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ ’ਤੇ ਹੀ ਹੱਲ ਕਰਨ ਲਈ ਲਾਹੇਵੰਦ ਸਾਬਿਤ ਹੋਣਗੇ। ਉਨ੍ਹਾਂ ਹਲਕਾ ਨਿਵਾਸੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੋਜਨਾਬੱਧ ਢੰਗ ਨਾਲ ਲੋਕ ਹਿਤ ਵਿਚ ਲਗਾਏ ਜਾ ਰਹੇ ਕੈਂਪਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਲਾਹਾ ਲੈਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿੱਥੇ ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਰਾਜ ਦੇ ਲੋਕਾਂ ਨੂੰ ਬਿਹਤਰ ਸੁਵਿਧਾਵਾਂ ਮੁਹੱਈਆ ਕਰਵਾ ਰਹੀ ਹੈ ਉੱਥੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਰਾਜ ਦੇ ਲੋਕਾਂ ਨੂੰ ਵੱਖ ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਵਿਸ਼ੇਸ਼ ਬੱਸਾਂ ਰਾਹੀਂ ਭੇਜਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਨੂੰ ਲੈ ਕੇ ਰਾਜ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿਚ ਵਿਕਾਸ ਪੱਖੋਂ ਕੋਈ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਮੁੜ ਦੁਹਰਾਇਆ ਕਿ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਮੁਹਿੰਮ ਤਹਿਤ ਜ਼ਿਲ੍ਹੇ ਦੀ ਹਰੇਕ ਸਬ ਡਵੀਜਨ ਵਿਚ ਰੋਜ਼ਾਨਾ 4 ਕੈਂਪ ਲੱਗਣਗੇ। ਇਸ ਨਿਵੇਕਲੀ ਪਹਿਲਕਦਮੀ ਨਾਲ ਲੋਕਾਂ ਤੱਕ ਪਹੁੰਚ ਕਰਨ ਲਈ ਜ਼ਿਲ੍ਹੇ ਦੇ ਹਰ ਪਿੰਡ ਅਤੇ ਨਗਰ ਕੌਂਸਲ ਦੇ ਵਾਰਡਾਂ ਵਿਚ ਕੈਂਪ ਲਗਾਏ ਜਾਣਗੇ।
ਉਨ੍ਹਾਂ ਦੱਸਿਆ ਕਿ 07 ਫਰਵਰੀ ਨੂੰ ਸਰਦੂਲਗੜ੍ਹ ਦੇ ਵਾਰਡ ਨੰਬਰ 2 ਵਿਖੇ 11 ਵਜੇ ਤੋਂ 01 ਵਜੇ ਤੱਕ, ਪਿੰਡ ਚੋਟੀਆਂ ਵਿਖੇ 2 ਵਜੇ ਤੋਂ 4 ਵਜੇ ਤੱਕ, ਕਰੀਪੁਰ ਡੁੰਮ ਵਿਖੇ 10 ਵਜੇ ਤੋਂ 12 ਵਜੇ ਤੱਕ, ਰਾਏਪੁਰ ਵਿਖੇ 10 ਵਜੇ ਤੋਂ 12 ਵਜੇ ਤੱਕ ਅਤੇ ਮੀਆਂ ਵਿਖੇ 2 ਵਜੇ ਤੋਂ 4 ਵਜੇ ਤੱਕ ਕੈਂਪ ਲਗਾਏ ਜਾਣਗੇ।