
ਮਾਨਸਾ, 31 ਜੁਲਾਈ :- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਮਾਨਸਾ ਵਿੱਚ ਵਿਕਾਸ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਵਿਕਾਸ ਕਾਰਜਾਂ ਦੀਆਂ ਸ਼ੁਰੂਆਤ ਕਰਦਿਆਂ ਹਲਕਾ ਵਿਧਾਇਕ ਡਾ. ਵਿਜੈ ਸਿੰਗਲਾ ਜੀ ਵੱਲੋਂ ਅੱਜ ਭੀਖੀ ਵਿਖੇ ਜੋੜ ਸੜਕ ਭੀਖੀ ਮੁਸਲਿਮ ਕਬਰਸਤਾਨ ਤੋਂ ਸੂਏ ਦੇ ਪੂਲ ਤੱਕ ਸੜਕ ਦੀ ਨਵੀਂ ਉਸਾਰੀ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਇਲਾਵਾ ਵਿਧਾਇਕ ਡਾ.ਵਿਜੈ ਸਿੰਗਲਾ ਨੇ ਵੱਖ ਵੱਖ ਪਿੰਡਾਂ ਵਿੱਚ ਗਲੀਆਂ-ਨਾਲੀਆਂ ਬਣਾਉਣ ਦੇ ਕੰਮ ਦੀ ਵੀ ਸ਼ੁਰੂਆਤ ਕਰਵਾਈ ਗਈ ਹੈ। ਹਲਕੇ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਵਿਧਾਇਕ ਡਾ.ਵਿਜੈ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੁਨਿਆਦੀ ਢਾਂਚੇ ਨੂੰ ਅਪਗਰੇਡ ਕੀਤਾ ਜਾਵੇਗਾ ਤਾਂ ਜੋ ਆਮ ਲੋਕਾਂ ਨੂੰ ਵਿਕਾਸ ਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਹਲਕੇ ਦੀਆਂ ਕੁਝ ਸੜਕਾਂ ਦੀ ਹਾਲਤ ਠੀਕ ਨਹੀਂ ਹੈ ਜਿਨ੍ਹਾਂ ਨੂੰ ਪਹਿਲ ਦੇ ਅਧਾਰ ’ਤੇ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੜਕਾਂ ਦੀ ਮੁਰੰਮਤ ਹੋਣ ਨਾਲ ਰਾਹਗੀਰਾਂ ਨੂੰ ਵੱਡੀ ਰਾਹਤ ਮਿਲਣ ਦੇ ਨਾਲ ਸੜਕੀ ਦੁਰਘਟਨਾਵਾਂ ਤੋਂ ਵੀ ਬਚਾਅ ਹੋਵੇਗਾ ਅਤੇ ਲੋਕਾਂ ਦੀਆਂ ਆਸਾਂ ਉਮੀਦਾਂ ’ਤੇ ਖਰ੍ਹਾ ਉੱਤਰਨ ਲਈ ਪੂਰੇ ਯਤਨ ਕੀਤੇ ਜਾਣਗੇ।
