*ਵਿਧਾਇਕ ਧਾਲੀਵਾਲ ਨੇ ਮਹਿਲਾ ‘ਆਪ’ ਆਗੂ ਗੁਰਪ੍ਰੀਤ ਕੌਰ ਜੰਡੂ ਨੂੰ ਕਾਂਗਰਸ ’ਚ ਕਰਵਾਇਆ ਸ਼ਾਮਲ*

0
5

ਫਗਵਾੜਾ  30 ਨਵੰਬਰ (ਸਾਰਾ ਯਹਾਂ/ਸ਼ਿਵ ਕੋੜਾ) ਸ਼ਹਿਰ ਦੇ ਵਾਰਡ ਨੰਬਰ 28 ਅਰਬਨ ਅਸਟੇਟ ਤੋਂ ਆਮ ਆਦਮੀ ਪਾਰਟੀ ਦੀ ਮਹਿਲਾ ਆਗੂ ਗੁਰਪ੍ਰੀਤ ਕੌਰ ਜੰਡੂ ਅੱਜ ਪਰਿਵਾਰ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਈ। ਜੰਡੂ ਪਰਿਵਾਰ ਨੂੰ ਕਾਂਗਰਸ ਵਿੱਚ ਸ਼ਾਮਲ ਕਰਵਾਉਣ ਲਈ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵਿਸ਼ੇਸ਼ ਤੌਰ ’ਤੇ ਅਰਬਨ ਅਸਟੇਟ ਪੁੱਜੇ। ਗੁਰਪ੍ਰੀਤ ਕੌਰ ਜੰਡੂ ਦਾ ਕਾਂਗਰਸ ਵਿੱਚ ਸਵਾਗਤ ਕਰਦਿਆਂ ਉਹਨਾਂ ਨੇ ਕਿਹਾ ਕਿ ਸ੍ਰੀਮਤੀ ਸੋਨੀਆ ਗਾਂਧੀ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਹਮੇਸ਼ਾ ਹੀ ਔਰਤਾਂ ਦਾ ਸਤਿਕਾਰ ਕਰਦੀ ਹੈ। ਉਨ੍ਹਾਂ ਜੰਡੂ ਪਰਿਵਾਰ ਨੂੰ ਕਾਂਗਰਸ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਦੇਣ ਦਾ ਭਰੋਸਾ ਵੀ ਦਿੱਤਾ। ਇਸ ਦੌਰਾਨ ਗੁਰਪ੍ਰੀਤ ਕੌਰ ਜੰਡੂ ਨੇ ਕਿਹਾ ਕਿ ਉਹ ਇੱਕ ਨਵੀਂ ਕਿਸਮ ਦੀ ਰਾਜਨੀਤੀ ਅਤੇ ਸਮਾਜ ਸੇਵਾ ਦਾ ਸੁਪਨਾ ਲੈ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਈ ਸੀ, ਪਰ ਇਸ ਪਾਰਟੀ ਵਿੱਚ ਜੋ ਵੀ ਦੇਖਿਆ, ਉਸ ਨੇ ਉਨ੍ਹਾਂ ਦਾ ਮੋਹ ਭੰਗ ਕਰ ਦਿੱਤਾ ਹੈ। ‘ਆਪ’ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਦੀ ਗਰੰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੀ ਗਰੰਟੀ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ‘ਆਪ’ ਪਾਰਟੀ ਦੇ ਵੱਡੇ ਆਗੂ ਚੋਣ ਜਿੱਤਣ ਲਈ ਲੋਕਾਂ ਨੂੰ ਝੂਠੇ ਲਾਰੇ ਲਗਾਉਣ ਵਿਚ ਮੁਹਾਰਤ ਰੱਖਦੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਅਤੇ ਕਿਸਾਨ ਵਿਰੋਧੀ ਪਾਰਟੀ ਹੈ, ਇਸ ਲਈ ਅੱਜ ਉਨ੍ਹਾਂ ਨੇ ਪਰਿਵਾਰ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਆਉਣ ਵਾਲੀਆਂ ਕਾਰਪੋਰਸ਼ੇਨ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਹੱਕ ਵਿੱਚ ਔਰਤਾਂ ਨੂੰ ਲਾਮਬੰਦ ਕਰਨ ਦੀ ਗੱਲ ਵੀ ਕਹੀ। ਇਸ ਮੌਕੇ ਤਰਨਜੀਤ ਸਿੰਘ ਬੰਟੀ ਵਾਲੀਆ, ਮੁਨੀਸ਼ ਪ੍ਰਭਾਕਰ, ਸੁਸ਼ੀਲ ਮੈਣੀ, ਸ਼ਰਨਜੀਤ ਸਿੰਘ, ਤ੍ਰਿਪਤਾ ਸ਼ਰਮਾ, ਰਣਜੀਤ ਕੌਰ ਰਾਣੀ, ਬਲਜੀਤ ਕੌਰ ਬੁੱਟਰ, ਨਰਿੰਦਰ ਸਿੰਘ ਠੇਕੇਦਾਰ, ਰਵਿੰਦਰ ਸਿੰਘ ਬੱਬੂ ਭੱਲਾ ਆਦਿ ਹਾਜਰ ਸਨ।

NO COMMENTS