
ਮਾਨਸਾ, 07 ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼ ) : ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪੰਜਵੀਂ ਜਮਾਤ ਦੇ ਨਤੀਜਿਆਂ ਵਿੱਚੋ ਪਿੰਡ ਰੱਲਾ ਦੀਆਂ ਵਿਦਿਆਰਥਣਾਂ ਜਸਪ੍ਰੀਤ ਕੌਰ ਅਤੇ ਨਵਦੀਪ ਕੌਰ ਨੂੰ ਪੰਜਾਬ ਵਿੱਚੋਂ ਪਹਿਲਾ ਅਤੇ ਦੂਜਾ ਸਥਾਨ ਪ੍ਰਾਪਤ ਕਰਨ ਤੇ ਮਾਨਸਾ ਵਿਧਾਇਕ ਡਾ. ਵਿਜੈ ਸਿੰਗਲਾ ਨੇ ਸਾਈਕਲ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਵਿਧਾਇਕ ਸਿੰਗਲਾ ਨੇ ਕਿਹਾ ਕਿ ਅਜਿਹੇ ਹੋਣਹਾਰ ਵਿਦਿਆਰਥੀ ਸਾਡੇ ਦੇਸ਼ ਦਾ ਭਵਿੱਖ ਹਨ। ਇਨ੍ਹਾਂ ਬੱਚਿਆਂ ਨੇ ਇਕੱਲੇ ਰੱਲੇ ਪਿੰਡ ਦਾ ਹੀ ਨਹੀਂ ਸਗੋ ਮਾਨਸਾ ਹਲਕੇ ਦਾ ਅਤੇ ਪੂਰੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ ਅਤੇ ਇਨ੍ਹਾਂ ਬੱਚਿਆਂ ਦੀ ਪੜ੍ਹਾਈ ਨੂੰ ਨਿਰੰਤਰ ਜਾਰੀ ਰੱਖਣ ਲਈ ਉਹ ਨਿੱਜੀ ਤੌਰ ਤੇ ਵਚਨਬੱਧ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਹੋਣਹਾਰ ਵਿਦਿਆਰਥਣਾਂ ਨੂੰ ਸਨਮਾਨਿਤ ਕਰਦਿਆਂ ਉਹ ਖੁਸ਼ੀ ਮਹਿਸੂਸ ਕਰ ਰਹੇ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਪਿੰਡ ਰੱਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਵੀ ਵਧਾਈ ਦੇ ਪਾਤਰ ਹਨ ਜਿਨ੍ਹਾਂ ਦੀ ਸਖਤ ਮਿਹਨਤ ਅਤੇ ਘਾਲਣਾ ਨਾਲ ਇਨ੍ਹਾਂ ਬੱਚਿਆਂ ਨੇ ਸ਼ਾਨਾਮੱਤੀ ਪ੍ਰਾਪਤੀ ਕੀਤੀ ਹੈ।
