ਮਾਨਸਾ, 14 ਜੂਨ (ਸਾਰਾ ਯਹਾਂ/ ਮੁੱਖ ਸੰਪਾਦਕ) :ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਵੱਲੋਂ ਜ਼ਿਲ੍ਹੇ ਦੇ ਪਿੰਡ ਖਿੱਲਣ, ਖਾਰਾ, ਸਹਾਰਨਾ ਅਤੇ ਬਰਨਾਲਾ ਵਿਖੇ ਲੋਕ ਮਿਲਣੀ ਦਾ ਆਯੋਜਨ ਕੀਤਾ ਗਿਆ, ਜਿੱਥੇ ਲੋਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ। ਵਿਧਾਇਕ ਵੱਲੋਂ ਆਪਣੀਆਂ ਸਮੱਸਿਆਵਾਂ ਲੈ ਕੇ ਪੁੱਜੇ ਲੋਕਾਂ ਦੀ ਸੁਣਵਾਈ ਕਰਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮੱਸਿਆਵਾਂ ਦੇ ਢੁਕਵੇਂ ਹੱਲ ਲਈ ਦਿਸ਼ਾ ਨਿਰਦੇਸ਼ ਦਿੱਤੇ ਹਨ।
ਕੈਂਪ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਵਿਜੈ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ’ਤੇ ਸੂਬੇ ਦੇ ਵੱਖ ਵੱਖ ਪਿੰਡਾਂ ਵਿਚ ਇਸ ਤਰ੍ਹਾਂ ਦੀਆਂ ਲੋਕ ਮਿਲਣੀਆਂ ਕੀਤੀਆਂ ਜਾ ਰਹੀਆਂ ਹਨ, ਜਿੱਥੇ ਆਲੇ ਦੁਆਲੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਰਾਹੀਂ ਸਮੂਹ ਵਿਭਾਗੀ ਅਧਿਕਾਰੀ ਲੋਕਾਂ ਕੋਲ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਲੋਕ ਮਿਲਣੀਆਂ ਪਿੰਡ ਪੱਧਰ ’ਤੇ ਲੋਕਾਂ ਦੇ ਦੁਆਰ ਤੱਕ ਇਸੇ ਤਰ੍ਹਾਂ ਜਾਰੀ ਰਹਿਣਗੀਆਂ ਤਾਂ ਜੋ ਦੂਰ ਦੁਰਾਡੇ ਪਿੰਡਾਂ ਦੇ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਖੱਜਲ ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਆਯੋਜਿਤ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜਿੱਥੇ ਲੋਕ ਵਧ ਚੜ੍ਹ ਕੇ ਆਪਣੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਲਈ ਸ਼ਿਰਕਤ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਪਿੰਡ ਖਿੱਲਣ ਵਿਖੇ ਨਰੇਗਾ ਭਵਨ ਦਾ ਉਦਘਾਟਨ ਵੀ ਕੀਤਾ।