
ਮਾਨਸਾ 23 ਜੂਨ (ਸਾਰਾ ਯਹਾਂ/ ਮੁੱਖ ਸੰਪਾਦਕ ): ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਸ਼ਵ ਆਬਾਦੀ ਦਿਵਸ ਮਨਾਉਣ ਸਬੰਧੀ ਸਿਵਲ ਸਰਜਨ ਮਾਨਸਾ ਡਾ. ਜਸਵਿੰਦਰ ਸਿੰਘ ਵੱਲੋਂ ਜ਼ਿਲੇ ਦੇ ਪ੍ਰੋਗਰਾਮ ਅਫਸਰਾਂ ਨਾਲ ਇਕ ਜ਼ਰੂਰੀ ਮੀਟਿੰਗ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਜਸਵਿੰਦਰ ਸਿੰਘ ਨੇ ਕਿਹਾ ਕਿ ਵਿਸ਼ਵ ਆਬਾਦੀ ਦਿਵਸ ਹਰ ਸਾਲ 11 ਜੁਲਾਈ ਨੂੰ ਮਨਾਇਆ ਜਾਂਦਾ ਹੈ। ਉਨਾਂ ਕਿਹਾ ਕਿ ਵਿਸ਼ਵ ਆਬਾਦੀ ਦਿਵਸ ਮਨਾਉਣ ਦਾ ਮੁੱਖ ਮੰਤਵ ਵੱਧ ਰਹੀ ਆਬਾਦੀ ’ਤੇ ਕਾਬੂ ਪਾਉਣਾ ਹੈ ਅਤੇ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਕੇ ਅਬਾਦੀ ਨੂੰ ਸਥਿਰ ਕਰਨ ਲਈ ਪ੍ਰੇਰਿਤ ਕਰਨਾ ਹੈ।
ਉਨਾਂ ਦੱਸਿਆ ਕਿ ਇਸ ਸਬੰਧੀ ਇਸ ਪ੍ਰੋਗਰਾਮ ਨੂੰ ਦੋ ਭਾਗਾਂ ਵਿਚ ਵੰਡ ਕੇ ਪਹਿਲੇ ਪੜਾਅ ਵਿੱਚ ਸਿਹਤ ਵਿਭਾਗ ਵੱਲੋਂ 27 ਜੂਨ ਤੋਂ 10 ਜੁਲਾਈ ਤੱਕ ਮੋਬਲਾਈਜ਼ੇਸ਼ਨ ਮੁਹਿੰਮ ਚਲਾਈ ਜਾਵੇਗੀ, ਜਿਸ ਵਿਚ ਸਿਹਤ ਵਿਭਾਗ ਦੇ ਕਰਮਚਾਰੀ, ਆਸ਼ਾ ਫੈਸਿਲੀਟੇਟਰ ਅਤੇ ਆਸ਼ਾ ਵਰਕਰ ਘਰ-ਘਰ ਜਾ ਕੇ ਲੋਕਾਂ ਨੂੰ ਪਰਿਵਾਰ ਨਿਯੋਜਨ ਸਬੰਧੀ ਜਾਣਕਾਰੀ ਦੇਣਗੇ ਅਤੇ ਲੋਕਾਂ ਨੂੰ ਪ੍ਰੇਰਿਤ ਕਰਨਗੇ। ਉਨਾਂ ਦੱਸਿਆ ਕਿ ਦੱਸਿਆ ਕਿ ਦੂਸਰੇ ਪੜਾਅ ਵਿਚ 11 ਜੁਲਾਈ ਤੋਂ 24 ਜੁਲਾਈ ਤੱਕ ਜ਼ਿਲੇ ਦੀਆਂ ਮੁੱਖ ਸਿਹਤ ਸੰਸਥਾਵਾਂ ਵਿਖੇ ਕੈਂਪ ਲਗਾ ਕੇ ਨਲਬੰਦੀ ਤੇ ਨਸਬੰਦੀ ਦੇ ਆਪਰੇਸ਼ਨ ਕੀਤੇ ਜਾਣਗੇ।
ਇਸ ਮੌਕੇ ਜ਼ਿਲਾ ਪਰਿਵਾਰ ਭਲਾਈ ਅਫਸਰ ਡਾ. ਹਰਚੰਦ ਸਿੰਘ, ਜ਼ਿਲਾ ਪ੍ਰੋਗਰਾਮ ਅਫਸਰ ਅਵਤਾਰ ਸਿੰਘ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀ ਮੌਜੂਦ ਸਨ।
