
ਮਾਨਸਾ, 28 ਸਤੰਬਰ(ਸਾਰਾ ਯਹਾਂ/ਚਾਨਣਦੀਪ ਔਲਖ) ਸਿਵਲ ਸਰਜਨ ਮਾਨਸਾ ਡਾ ਅਸ਼ਵਨੀ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ.ਅਰਸ਼ਦੀਪ ਸਿੰਘ ਅਤੇ ਸ੍ਰੀ ਸੰਤੋਸ਼ ਭਾਰਤੀ ਨੋਡਲ ਅਫਸਰ ਨੈਸ਼ਨਲ ਰੇਬੀਜ਼ ਕੰਟਰੋਲ ਪ੍ਰੋਗਰਾਮ ਮਾਨਸਾ ਦੀ ਅਗਵਾਈ ਵਿਚ ਅੱਜ ਵੱਖ ਵੱਖ ਥਾਵਾਂ ਤੇ ਵਿਸ਼ਵ ਰੇਬੀਜ਼ ਦਿਵਸ ਤਹਿਤ ਜਾਗਰੂਕਤਾ ਸਮਾਗਮਾਂ ਦਾ ਆਯੋਜਨ ਕੀਤਾ ਗਿਆ। ਡਾ ਹਰਦੀਪ ਸ਼ਰਮਾ ਐਸ ਐਮ ਓ ਖਿਆਲਾ ਕਲਾਂ ਦੀ ਰਹਿਨੁਮਾਈ ਹੇਠ ਅੱਜ ਨੰਗਲ ਕਲਾਂ ਵਿਖੇ ਹਲਕਾਅ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਿਹਤ ਕਰਮਚਾਰੀ ਚਾਨਣ ਦੀਪ ਸਿੰਘ ਨੇ ਹਲਕਾਅ ਦੀ ਬਿਮਾਰੀ ਤੋਂ ਸਾਵਧਾਨ ਕਰਦਿਆਂ ਦੱਸਿਆ ਕਿ ਕੁੱਤੇ ਤੋਂ ਇਲਾਵਾ ਬਿੱਲੀ ਜਾਂ ਕਿਸੇ ਹੋਰ ਜਾਨਵਰ ਦੇ ਕੱਟਣ ਨਾਲ ਵੀ ਰੇਬੀਜ਼ ਹੋਣ ਦਾ ਖ਼ਤਰਾ ਹੁੰਦਾ ਹੈ, ਜੋ ਵਾਇਰਸ ਨਾਲ ਫੈਲਣ ਵਾਲਾ ਇਕ ਬੇਹੱਦ ਗੰਭੀਰ ਰੋਗ ਹੈ। ਉਨ੍ਹਾਂ ਕਿਹਾ ਕਿ ਹਰ ਸਾਲ ਦੇਸ਼ ਵਿਚ ਲਗਪਗ 50 ਹਜ਼ਾਰ ਲੋਕਾਂ ਦੀ ਰੇਬੀਜ਼ ਦੀ ਲਾਗ ਕਾਰਨ ਮੌਤ ਹੋ ਜਾਂਦੀ ਹੈ ਅਤੇ ਰੇਬੀਜ਼ ਤੋਂ ਬਚਾਅ ਲਈ ਟੀਕਾਕਰਨ ਹੀ ਇਕਮਾਤਰ ਉਪਾਅ ਹੈ।
ਰੇਬੀਜ਼ ਇਕ ਅਜਿਹਾ ਵਾਇਰਸ ਲਾਗ ਹੈ, ਜੋ ਆਮ ਤੌਰ ‘ਤੇ ਇਨਫੈਕਟਿਡ ਜਾਨਵਰਾਂ ਦੇ ਕੱਟਣ ਨਾਲ ਫੈਲਦਾ ਹੈ। ਰੇਬੀਜ਼ ਦਾ ਵਾਇਰਸ ਕਈ ਵਾਰ ਪਾਲਤੂ ਜਾਨਵਰ ਦੇ ਚੱਟਣ ਜਾਂ ਜਾਨਵਰ ਦੇ ਲਾਰ ਨਾਲ ਸਿੱਧਾ ਸੰਪਰਕ ਵਿਚ ਹੋਣ ਨਾਲ ਵੀ ਫੈਲ ਜਾਂਦਾ ਹੈ। ਰੇਬੀਜ਼ ਦੇ ਲੱਛਣ ਬੇਹੱਦ ਦੇਰ ਨਾਲ ਨਜ਼ਰ ਆਉਂਦੇ ਹਨ। ਜੇਕਰ ਸਮਾਂ ਰਹਿੰਦੇ ਇਸ ਦਾ ਇਲਾਜ ਨਾ ਕੀਤਾ ਜਾਵੇ ਤਾਂ ਇਹ ਰੋਗ ਜਾਨਲੇਵਾ ਸਾਬਤ ਹੋ ਜਾਂਦਾ ਹੈ। ਸਿਹਤ ਟੀਮ ਨੇ ਅਪੀਲ ਕੀਤੀ ਕਿ ਜਿਨ੍ਹਾਂ ਵਿਅਕਤੀਆਂ ਨੇ ਆਪਣੇ ਘਰਾਂ ਵਿਚ ਪਾਲਤੂ ਕੁੱਤੇ ਰੱਖੇ ਹੋਏ ਹਨ, ਉਹ ਉਨ੍ਹਾਂ ਦਾ ਟੀਕਾਕਰਨ ਜ਼ਰੂਰ ਕਰਵਾਉਣ ਤਾਂ ਜੋ ਕੁੱਤੇ ਦੇ ਵੱਢਣ ‘ਤੇ ਲੋਕਾਂ ਨੂੰ ਹਲਕਾਅ ਦੀ ਬਿਮਾਰੀ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਰੇਬੀਜ਼ ਦਾ ਕੋਈ ਇਲਾਜ ਨਹੀਂ, ਸਿਰਫ਼ ਬਚਾਅ ਲਈ ਉਪਰਾਲੇ ਹੀ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਕੁੱਤੇ ਜਾਂ ਕਿਸੇ ਹੋਰ ਜਾਨਵਰ ਦੇ ਵੱਢਣ ‘ਤੇ ਅਣਗਹਿਲੀ ਨਹੀਂ ਵਰਤਣੀ ਚਾਹੀਦੀ। ਉਨ੍ਹਾਂ ਦੱਸਿਆ ਕਿ ਜੇ ਕੁੱਤਾ ਵੱਢ ਲਵੇ ਤਾਂ ਤੁਰੰਤ ਮੁੱਢਲੀ ਸਹਾਇਤਾ ਦੇ ਤੌਰ ਜ਼ਖਮ ਨੂੰ ਵਗਦੇ ਪਾਣੀ ਵਿਚ ਸਾਬਣ ਨਾਲ 15 ਮਿੰਟ ਤੱਕ ਧੋਣ ਨਾਲ ਇਸ ਬਿਮਾਰੀ ਦੇ ਜ਼ੋਖਮ ਨੂੰ ਘਟਾਇਆ ਜਾ ਸਕਦਾ ਹੈ। ਕੁੱਤੇ ਦੇ ਵੱਢਣ ‘ਤੇ ਤੁਰੰਤ ਨੇੜਲੀ ਸਿਹਤ ਸੰਸਥਾ ਵਿਚ ਜਾ ਕੇ ਡਾਕਟਰੀ ਸਲਾਹ ਅਨੁਸਾਰ ਬਿਮਾਰੀ ਤੋਂ ਬਚਾਅ ਲਈ ਐਂਟੀ ਰੇਬੀਜ਼ ਦੇ ਟੀਕੇ ਲਗਵਾਉਣੇ ਬੇਹੱਦ ਜ਼ਰੂਰੀ ਹਨ, ਜਿਸ ਨਾਲ ਰੇਬੀਜ਼ ਬਿਮਾਰੀ ਹੋਣ ਤੋਂ ਕਾਫੀ ਹੱਦ ਤਕ ਬਚਿਆ ਜਾ ਸਕਦਾ ਹੈ। ਭਾਰਤ ਸਰਕਾਰ ਨੇ ਸਾਲ 2030 ਤਕ ਕੁੱਤਿਆਂ ਦੇ ਵੱਢਣ ਨਾਲ ਹੋਣ ਵਾਲੇ ਰੇਬੀਜ਼ ਨੂੰ ਖਤਮ ਕਰਨ ਦਾ ਟੀਚਾ ਮਿੱਥਿਆ ਹੋਇਆ ਹੈ। ਇਸ ਮੌਕੇ ਰਮਨਦੀਪ ਕੌਰ ਸੀ ਐੱਚ ਓ, ਰਮਨਦੀਪ ਕੌਰ ਏ ਐਨ ਐਮ, ਬਲਜੀਤ ਕੌਰ ਆਸ਼ਾ ਫੈਸੀਲੇਟਰ, ਆਸ਼ਾ ਵਰਕਰ ਵੀਰਪਾਲ ਕੌਰ, ਗਗਨਦੀਪ ਕੌਰ, ਗੀਤਾ ਅਤੇ ਪਿੰਡ ਵਾਸੀ ਹਾਜ਼ਰ ਸਨ।
