ਮਾਨਸਾ, 23 ਜਨਵਰੀ (ਸਾਰਾ ਯਹਾਂ/ਬੀਰਬਲ ਧਾਲੀਵਾਲ)
ਲੋਕਾਂ ਨੂੰ ਟਰੈਫਿਕ ਨਿਯਮਾਂ ਤੋਂ ਜਾਣੂ ਕਰਵਾਉਣ ਲਈ ਵਿੱਢੀ ਮੁਹਿੰਮ ਤਹਿਤ ਅੱਜ ਏ.ਐਸ.ਆਈ. ਸੁਰੇਸ਼ ਕੁਮਾਰ ਵੱਲੋਂ ਮਾਨਸਾ ਦੇ ਬੱਸ ਸਟੈਂਡ ਨੇੜੇ ਆਟੋ ਚਾਲਕਾਂ ਨੂੰ ਟ੍ਰੈਫ੍ਰਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀ ਸੁਰੇਸ਼ ਕੁਮਾਰ ਨੇ ਕਿਹਾ ਕਿ ਆਵਾਜਾਈ ਦੇ ਨਿਯਮਾਂ ਸਬੰਧੀ ਹਰ ਵਿਅਕਤੀ ਨੂੰ ਜਾਣਕਾਰੀ ਹੋਣੀ ਲਾਜ਼ਮੀ ਹੈ। ਸਾਨੂੰ ਸਾਰਿਆਂ ਨੂੰ ਆਵਾਜਾਈ ਦੇ ਨਿਯਮਾਂ ਨੂੰ ਧਿਆਨ ਵਿੱਚ ਰੱਖਦਿਆਂ ਹੀ ਵਾਹਨ ਚਲਾਉਣੇ ਚਾਹੀਦੇ ਹਨ, ਤਾਂ ਜੋ ਕਿਸੇ ਵੀ ਅਣਗਹਿਲੀ ਨਾਲ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਉਨ੍ਹਾਂ ਕਿਹਾ ਕਿ ਸੜ੍ਹਕੀ ਹਾਦਸਿਆਂ ਨੂੰ ਰੋਕਣ ਲਈ ਆਵਾਜਾਈ ਦੇ ਨਿਯਮਾਂ ਦੀ ਪਾਲਣਾ ਕਰਨਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ।
ਇਸ ਦੌਰਾਨ ਉਨ੍ਹਾਂ ਆਟੋ ਚਾਲਕਾਂ ਨੂੰ ਦੱਸਿਆ ਕਿ ਸਾਨੂੰ ਹਮੇਸ਼ਾਂ ਨਿਰਧਾਰਿਤ ਲਾਈਨ ਵਿੱਚ ਹੀ ਗੱਡੀ ਚਲਾਉਣੀ ਚਾਹੀਦੀ ਹੈ। ਇਸ ਤੋਂ ਇਲਾਵਾ ਸਾਨੂੰ ਆਪਣਾ ਵਾਹਨ ਕਦੇ ਵੀ ਗਲਤ ਥਾਂ ’ਤੇ ਪਾਰਕ ਨਹੀਂ ਕਰਨਾ ਚਾਹੀਦਾ, ਜਿਸ ਨਾਲ ਸ਼ਹਿਰ ਅੰਦਰ ਗੱਡੀਆਂ ਦਾ ਜਾਮ ਲੱਗਣ ਵਰਗੀ ਸਥਿਤੀ ਪੈਦਾ ਹੋਵੇ। ਉਨ੍ਹਾਂ ਕਿਹਾ ਕਿ ਸਾਨੂੰ ਕਦੇ ਵੀ ਵਾਹਨ ਚਲਾਉਂਦੇ ਹੋਏ ਜਲਦਬਾਜ਼ੀ ਨਹੀਂ ਕਰਨੀ ਚਾਹੀਦੀ ਕਿਉਂਕਿ ਜਲਦਬਾਜ਼ੀ ਹੀ ਦੁਰਘਟਨਾਵਾਂ ਨੂੰ ਸੱਦਾ ਦਿੰਦੀ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਆਪਣੀ ਅਤੇ ਦੂਜਿਆਂ ਦੀ ਜਾਨ ਦੀ ਹਿਫ਼ਾਜ਼ਤ ਲਈ ਆਵਾਜਾਈ ਦੇ ਨਿਯਮਾਂ ਅਨੁਸਾਰ ਹੀ ਵਾਹਨ ਚਲਾਉਣੇ ਚਾਹੀਦੇ ਹਨ।