ਵਿੱਦਿਅਕ ਮੁਕਾਬਲਿਆਂ ਦੀ ਲੜੀ ਤਹਿਤ ਭਾਸ਼ਨ ਪ੍ਰਤੀਯੋਗਤਾ 17 ਅਗਸਤ ਤੋਂ

0
4

ਮਾਨਸਾ 16 ਅਗਸਤ (ਸਾਰਾ ਯਹਾ, ਬਲਜੀਤ ਸ਼ਰਮਾ) : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਤੀਸਰੀ ਪ੍ਰਤੀਯੋਗਤਾ ਭਾਸ਼ਨ 17 ਅਗਸਤ ਤੋਂ ਆਰੰਭ ਹੋਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ਼੍ਰੀ ਸੁਰਜੀਤ ਸਿੰਘ ਸਿੱਧੂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਸ਼੍ਰੀ ਸਰਬਜੀਤ ਸਿੰਘ ਨੇ ਦੱਸਿਆ ਕਿ ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਕਰਵਾਏ ਜਾ ਰਹੇ ਇੰਨ੍ਹਾਂ ਵਿੱਦਿਅਕ ਮੁਕਾਬਲਿਆਂ ਤਹਿਤ ਸ਼ਬਦ ਗਾਇਨ, ਗੀਤ ਗਾਇਨ ਤੇ ਕਵਿਤਾ ਉਚਾਰਨ ਪ੍ਰਤੀਯੋਗਤਾਵਾਂ ਹੋ ਚੁੱਕੀਆਂ ਹਨ, ਜਿੰਨ੍ਹਾਂ ‘ਚ ਜ਼ਿਲ੍ਹੇ ਭਰ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ ਵੱਡੀ ਗਿਣਤੀ ‘ਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ, ਉਨ੍ਹਾਂ ਸਬੰਧੀ ਗੀਤ ਤੇ ਕਵਿਤਾਵਾਂ ਦਾ ਉਚਾਰਨ ਕਰਕੇ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ ‘ਚ ਹਿੱਸਾ ਲਿਆ।
ਉਨ੍ਹਾਂ ਦੱਸਿਆ ਕਿ ਰਾਜ ਸਿੱਖਿਆ, ਸਿਖਲਾਈ ਤੇ ਖੋਜ ਪ੍ਰੀਸ਼ਦ ਵੱਲੋਂ ਕਰਵਾਏ ਜਾ ਰਹੇ ਇੰਨ੍ਹਾਂ ਸਕੂਲ ਪੱਧਰ ਦੇ ਭਾਸ਼ਨ ਮੁਕਾਬਲਿਆਂ ‘ਚ ਹਿੱਸਾ ਲੈਣ ਵਾਲੇ ਪ੍ਰਤੀਯੋਗੀ 17 ਅਗਸਤ ਤੋਂ 21 ਅਗਸਤ ਰਾਤ 12 ਵਜੇ ਤੱਕ ਆਪਣੀ ਪੇਸ਼ਕਾਰੀ ਦੀਆਂ ਵੀਡੀਓਜ਼ ਸ਼ੋਸ਼ਲ ਮੀਡੀਆ ਦੇ ਵੱਖ-ਵੱਖ ਮਾਧਿਅਮਾਂ ‘ਤੇ ਅਪਲੋਡ (ਲੋਕਾਂ ਲਈ) ਕਰ ਸਕਦੇ ਹਨ।ਉਨ੍ਹਾਂ ਦੱਸਿਆ ਕਿ 22 ਅਗਸਤ ਨੂੰ ਸਕੂਲ ਮੁਖੀ ਆਪੋ-ਆਪਣੇ ਸਕੂਲਾਂ ਦਾ ਨਤੀਜਾ/ਰਜਿਸਟ੍ਰੇਸ਼ਨ ਅਪਲੋਡ ਕਰਨਗੇ ਅਤੇ 23 ਅਗਸਤ ਨੂੰ ਸਟੇਟ ਤਕਨੀਕੀ ਟੀਮ ਵੀਡੀਓਜ਼ ਦੀ ਬਲਾਕ ਵਾਰ ਵੰਡ ਕਰੇਗੀ।
ਉਨ੍ਹਾਂ ਨਿਯਮਾਂ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਾਰੇ ਵਰਗਾਂ ਦੇ ਪ੍ਰਤੀਯੋਗੀ 3 ਤੋਂ 5 ਮਿੰਟ ‘ਚ ਆਪਣਾ ਭਾਸ਼ਨ ਪੂਰਾ ਕਰਕੇ, ਆਪਣੀ ਦਾਅਵੇਦਾਰੀ ਪੇਸ਼ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਭਾਸ਼ਨ ਪੂਰੀ ਤਰ੍ਹਾਂ ਗੁਰ ਮਰਿਆਦਾ ਤੇ ਨਿਯਮਾਂ ਅਨੁਸਾਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ, ਜੀਵਨ, ਸਿਧਾਂਤਾਂ, ਉਦੇਸ਼ਾਂ, ਉਸਤਤ ਤੇ ਕੁਰਬਾਨੀ ‘ਤੇ ਅਧਾਰਤ ਹੋਣਗੇ ਅਤੇ ਭਾਸ਼ਨ ਪੜਕੇ ਨਹੀਂ ਬੋਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪ੍ਰਤੀਯੋਗੀ ਲਗਾਤਾਰ ਤੇ ਜ਼ੁਬਾਨੀ ਉਚਾਰਨ ਕਰੇਗਾ ਅਤੇ ਕੱਟ-ਕੱਟ ਕੇ ਵੀਡੀਓ ਨਹੀਂ ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਅੱਗੇ ਬਲਾਕ, ਜ਼ਿਲ੍ਹਾ ਤੇ ਰਾਜ ਪੱਧਰੀ ਦੇ ਨਤੀਜਿਆਂ ਦੀ ਪ੍ਰਕਿਰਿਆ ਆਰੰਭ ਹੋਵੇਗੀ।
ਇਸ ਮੌਕੇ ਜ਼ਿਲ੍ਹਾ ਨੋਡਲ ਅਫਸਰ (ਸ) ਨਰਿੰਦਰ ਸਿੰਘ ਮੋਹਲ ਅਤੇ ਜ਼ਿਲ੍ਹਾ ਨੋਡਲ ਅਫਸਰ (ਪ੍ਰਾਇਮਰੀ) ਸੁਖਰਾਜ ਸਿੰਘ ਨੇ ਦੱਸਿਆ ਕਿ ਪਹਿਲੇ ਹੋਏ ਮੁਕਾਬਲਿਆਂ ਵਾਂਗ ਮਾਨਸਾ ਜ਼ਿਲ੍ਹੇ ਦੇ ਪ੍ਰਤੀਯੋਗੀ ਭਾਸ਼ਨ ਮੁਕਾਬਲੇ ‘ਚ ਵੱਧ ਚੜ੍ਹ ਕੇ ਹਿੱਸਾ ਲੈਣਗੇ।

LEAVE A REPLY

Please enter your comment!
Please enter your name here