ਚੰਡੀਗੜ੍ਹ 1,ਮਾਰਚ(ਸਾਰਾ ਯਹਾਂ/ਬਿਊਰੋ ਨਿਊਜ਼): ਚੋਣ ਕਮਿਸ਼ਨ ਨੇ ਵੋਟਾਂ ਦੀ ਗਿਣਤੀ ਨੂੰ ਲੈ ਕੇ ਸੋਮਵਾਰ ਨੂੰ ਕਰਮਚਾਰੀਆਂ ਤੇ ਅਫ਼ਸਰਾਂ ਦੀ ਡਿਊਟੀ ਲਗਾਉਣ ਸਬੰਧੀ ਆਦੇਸ਼ ਜਾਰੀ ਕੀਤੇ ਹਨ। ਪੰਜਾਬ ਵਿਧਾਨ ਸਭਾ ਲਈ 20 ਫਰਵਰੀ ਨੂੰ ਵੋਟਾਂ ਪਈਆਂ ਸੀ ਤੇ 10 ਮਾਰਚ ਨੂੰ ਇਸ ਦੇ ਨਤੀਜੇ ਆਉਣਗੇ। ਇਸ ਲਈ ਚੋਣ ਕਮਿਸ਼ਨ ਨੇ ਚੋਣਾਵੀ ਡਿਊਟੀ ‘ਚ ਲੱਗੇ ਕਰਮਚਾਰੀਆਂ ਦੀ 3 ਤੇ 9 ਮਾਰਚ ਨੂੰ ਟ੍ਰੇਨਿੰਗ ਕਰਵਾਉਣੀ ਹੈ।
ਦੱਸ ਦੇਈਏ ਕਿ ਸਟ੍ਰਾਂਗ ਰੂਮ ‘ਚ 14 ਟੇਬਲ ਲਾਏ ਗਏ ਹਨ। ਪੋਸਟਲ ਬੈਲੇਟ ਪੇਪਰ ਨਾਲ ਹੋਈ ਵੋਟਾਂ ਦੀ ਗਿਣਤੀ ਦੇ ਲਈ ਵੱਖ ਟੇਬਲ ਲੱਗਣਗੇ। ਇੱਕ ਟੇਬਲ ‘ਤੇ ਕਾਊਂਟਿੰਗ ਸੁਪਰਵਾਈਜ਼ਰ, ਕਾਊਂਟਿੰਗ ਅਸਿਸਟੈਂਟ, ਮਾਈਕ੍ਰੋ ਓਬਜ਼ਰਵਰ ਲਾਜ਼ਮੀ ਤੌਰ ‘ਤੇ ਤਾਇਨਾਤ ਰਹਿਣਗੇ।
ਅਕਾਲੀ ਦਲ ਦੀ ਬਣੇਗੀ ਸਰਕਾਰ: ਬਾਦਲ
ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਆਉਣੇ ਹਨ ਪਰ ਸਾਰੀਆਂ ਸਿਆਸੀ ਧਿਰਾਂ ਦਾਅਵਾ ਕਰ ਰਹੀਆਂ ਹਨ ਕਿ ਇਸ ਵਾਰ ਸਰਕਾਰ ਉਨ੍ਹਾਂ ਦੀ ਹੀ ਬਣੇਗੀ। ਅਜਿਹੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਵੱਡਾ ਦਾਅਵਾ ਕੀਤਾ ਹੈ
ਬਾਦਲ ਨੇ ਕਿਹਾ ਹੈ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਹੀ ਸਰਕਾਰ ਬਣਾਏਗਾ। ਉਨ੍ਹਾਂ ਕਿਹਾ ਕਿ ਜਿਵੇਂ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਹੱਕ ਵਿੱਚ ਵੋਟਾਂ ਪਾਈਆਂ ਹਨ, ਉਸ ਤੋਂ ਇਹ ਸਾਫ਼ ਹੋ ਗਿਆ ਹੈ ਕਿ ਹੁਣ ਸੂਬੇ ਵਿੱਚ ਅਕਾਲੀ ਦਲ ਦੀ ਸਰਕਾਰ ਬਣਨ ਤੋਂ ਕੋਈ ਰੋਕ ਨਹੀਂ ਸਕੇਗਾ। ਉਨ੍ਹਾਂ ਕਿਹਾ ਕਿ ਪੰਜਾਬ ਲਈ ਕੇਵਲ ਸ਼੍ਰੋਮਣੀ ਅਕਾਲੀ ਦਲ ਨੇ ਹੀ ਹਮੇਸ਼ਾ ਲੜਾਈ ਲੜੀ ਹੈ, ਜਦੋਂਕਿ ਕਾਂਗਰਸ ਸਣੇ ਹੋਰ ਸਿਆਸੀ ਧਿਰਾਂ ਨੇ ਸੂਬੇ ਵਿੱਚ ਆਪਣੀ ਚੌਧਰ ਕਾਇਮ ਕਰਨ ਲਈ ਹੀ ਰੋਟੀਆਂ ਸੇਕੀਆਂ ਹਨ।
ਦੱਸ ਦੇਈਏ ਕਿ ਕੁੱਲ 1304 ਉਮੀਦਵਾਰਾਂ ਵਿੱਚੋਂ 231 ਰਾਸ਼ਟਰੀ ਪਾਰਟੀਆਂ, 250 ਸੂਬਾਈ ਪਾਰਟੀਆਂ, 362 ਗੈਰ ਮਾਨਤਾ ਪ੍ਰਾਪਤ ਪਾਰਟੀਆਂ ਨਾਲ ਸਬੰਧਤ ਹਨ ਜਦਕਿ 461 ਆਜ਼ਾਦ ਉਮੀਦਵਾਰ ਹਨ। ਚੋਣ ਲੜ ਰਹੇ 315 ਉਮੀਦਵਾਰ ਅਪਰਾਧਿਕ ਪਿਛੋਕੜ ਵਾਲੇ ਹਨ।
ਇਨ੍ਹਾਂ ਚੋਣਾਂ ਵਿੱਚ 28328 ਬੈਲਟ ਯੂਨਿਟ ਅਤੇ 24740 ਈਵੀਐਮ-ਵੀਵੀਪੈਟ ਦੀ ਵਰਤੋਂ ਕੀਤੀ ਗਈ ਸੀ। ਕੁੱਲ 6 ਵਿਧਾਨ ਸਭਾ ਹਲਕੇ — 52-ਖਰੜ, 59-ਸਾਹਨੇਵਾਲ, 61-ਲੁਧਿਆਣਾ ਦੱਖਣੀ, 67-ਪਾਇਲ, 110-ਪਟਿਆਲਾ ਦਿਹਾਤੀ ਅਤੇ 115-ਪਟਿਆਲਾ ਵਿਖੇ ਦੋ-ਦੋ ਬੈਲਟ ਯੂਨਿਟ ਸਨ। ਤਿੰਨ ਵਿਸ਼ੇਸ਼ ਸਟੇਟ ਅਬਜ਼ਰਵਰਾਂ ਤੋਂ ਇਲਾਵਾ, ਭਾਰਤੀ ਚੋਣ ਕਮਿਸ਼ਨ ਨੇ 65 ਜਨਰਲ ਅਬਜ਼ਰਵਰ, 50 ਖਰਚਾ ਅਬਜ਼ਰਵਰ ਅਤੇ 29 ਪੁਲਿਸ ਅਬਜ਼ਰਵਰ ਨਿਯੁਕਤ ਕੀਤੇ ਸਨ, ਜੋ ਚੋਣਾਂ ‘ਤੇ ਤਿੱਖੀ ਨਜ਼ਰ ਰੱਖ ਰਹੇ ਸਨ।ਸੂਬੇ ‘ਚ 117 ਡਿਸਪੈਚ ਸੈਂਟਰ ਅਤੇ 117 ਕੁਲੈਕਸ਼ਨ ਸੈਂਟਰ ਹਨ, ਜਦੋਂ ਕਿ ਰਾਜ ਵਿੱਚ 67 ਥਾਵਾਂ `ਤੇ 117 ਈਵੀਐਮ ਸਟਰਾਂਗ ਰੂਮ ਸਥਾਪਤ ਕੀਤੇ ਗਏ ਹਨ।