*ਵੱਡਾ ਖੁਲਾਸਾ! ਆਈਜੀ ਕੁੰਵਰ ਵਿਜੈ ਪ੍ਰਤਾਪ ਨੂੰ ਧਮਕਾ ਰਹੇ ਸੀ ਸੁਖਬੀਰ ਬਾਦਲ? ਚਲਾਨ ਪੇਸ਼ ਕਰਨ ਦੀ ਕੀਤੀ ਸੀ ਸਿਫਾਰਸ਼*

0
112

ਚੰਡੀਗੜ੍ਹ 20 ਅਪ੍ਰੈਲ (ਸਾਰਾ ਯਹਾਂ/ਬਿਊਰੋ ਰਿਪੋਰਟ): ਬੇਅਦਬੀ ਤੇ ਗੋਲੀ ਕਾਂਡ ਬਾਰੇ ਨਿੱਤ ਨਵੇਂ ਖੁਲਾਸੇ ਹੋ ਰਹੇ ਹਨ। ਹੁਣ ਤਾਜ਼ਾ ਖੁਲਾਸਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਬਾਰੇ ਹੋਇਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਇੱਕ ਰਿਪੋਰਟ ਵਿੱਚ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਵੱਲੋਂ ਧਮਕਾਇਆ ਗਿਆ ਸੀ। ਇਸ ਸਬੰਧੀ ਸੂਬੇ ਦੇ ਐਡਵੋਕੇਟ ਜਨਰਲ ਦਫ਼ਤਰ ਨੂੰ ਸੂਚਿਤ ਕੀਤਾ ਗਿਆ ਪਰ ਉਨ੍ਹਾਂ ਵੱਲੋਂ ਕੋਈ ਕਦਮ ਨਹੀਂ ਚੁੱਕਿਆ ਗਿਆ।

ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਸਿਫਾਰਸ਼ ਵਿੱਚ ਕਿਹਾ ਸੀ ਕਿ ਕਿ ਬਰਗਾੜੀ ਬੇਅਦਬੀ ਕਾਂਡ ਨਾਲ ਜੁੜੇ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਦੀਆਂ ਘਟਨਾਵਾਂ ਵਿੱਚ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਨਾਲ ਵੀ ਸਵਾਲ ਜਵਾਬ ਹੋ ਚੁੱਕੇ ਹਨ। ਇਨ੍ਹਾਂ ਦੋਨਾਂ ਵਿਰੁੱਧ ਦੋਵੇਂ ਘਟਨਾਵਾਂ ਸਬੰਧੀ ਅਦਾਲਤ ‘ਚ ਚਲਾਨ ਪੇਸ਼ ਕੀਤਾ ਜਾਣਾ ਚਾਹੀਦਾ ਹੈ।

ਇਹ ਸਿਫਾਰਸ਼ ਕੋਟਕਪੂਰਾ ਗੋਲੀਕਾਂਡ ਦੀ ਘਟਨਾ ਵਿੱਚ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਜਾਂਚ ਰੱਦ ਕਰਨ ਤੇ ਖੁਦ ਨੂੰ ਜਾਂਚ ਟੀਮ ਤੋਂ ਹਟਾਏ ਜਾਣ ਦੇ ਕਰੀਬ 25 ਦਿਨ ਪਹਿਲਾਂ ਹੀ 15 ਮਾਰਚ ਨੂੰ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਕੀਤੀ ਸੀ। ਇਹ 12 ਪੇਜ ਦੀ ਰਿਪੋਰਟ ਉਨ੍ਹਾਂ ਨੇ ਸੂਬੇ ਦੇ ਡੀਜੀਪੀ, ਵਧੀਕ ਮੁੱਖ ਸਕੱਤਰ ਗ੍ਰਹਿ ਤੇ ਨਿਆਂ ਵਿਭਾਗ ਤੇ ਪੰਜਾਬ ਦੇ ਡਾਇਰੈਕਟਰ ਬਿਊਰੋ ਆਫ ਇਨਵੈਸਟੀਗੇਸ਼ਨ ਨੂੰ ਭੇਜ ਦਿੱਤੀ ਸੀ।

ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਇਸ ਰਿਪੋਰਟ ਵਿੱਚ ਕਈ ਅਹਿਮ ਖੁਲਾਸੇ ਕੀਤੇ ਸਨ। ਇਸ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਵੱਲੋਂ ਧਮਕਾਇਆ ਵੀ ਗਿਆ, ਜਿਸ ਸਬੰਧੀ ਸੂਬੇ ਦੇ ਐਡਵੋਕੇਟ ਜਨਰਲ ਦਫ਼ਤਰ ਨੂੰ ਸੂਚਿਤ ਕੀਤਾ ਗਿਆ ਪਰ ਉਨ੍ਹਾਂ ਵੱਲੋਂ ਕੋਈ ਕਦਮ ਨਹੀਂ ਚੁੱਕਿਆ ਗਿਆ। ਜਦਕਿ ਕੋਟਕਪੂਰਾ ਤੇ ਬਹਿਬਲ ਗੋਲੀਕਾਂਡ ਦੀਆਂ ਘਟਨਾਵਾਂ ‘ਚ ਹੁਣ ਤੱਕ 7-7 ਮੁਲਜ਼ਮਾਂ ਖਿਲਾਫ ਚਾਰਜਸ਼ੀਟ ਦਾਖਲ ਕੀਤੀ ਜਾ ਚੁੱਕੀ ਹੈ।

ਇਨ੍ਹਾਂ ਘਟਨਾਵਾਂ ਵਿੱਚ ਨਵੰਬਰ 2018 ‘ਚ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਨਾਲ ਸਵਾਲ-ਜਵਾਬ ਦਾ ਵੇਰਵਾ ਦਿੰਦੇ ਹੋਏ ਉਨ੍ਹਾਂ ਨੇ ਦੋਵਾਂ ਵਿਰੁੱਧ ਦੋਵੇਂ ਘਟਨਾਵਾਂ ਵਿੱਚ ਚਲਾਨ ਦਾਖਲ ਕਰਨ ਦੀ ਸਿਫਾਰਸ਼ ਕੀਤੀ ਸੀ। ਕੁੰਵਰ ਵਿਜੈ ਪ੍ਰਤਾਪ ਨੇ ਸਾਫ ਲਿਖਿਆ ਹੈ ਕਿ ਇਨ੍ਹਾਂ ਘਟਨਾਵਾਂ ਦੀ ਜਾਂਚ ਲਗਪਗ ਪੂਰੀ ਹੋ ਚੁੱਕੀ ਹੈ ਤੇ ਕੇਸ ਨਿਰਣਾਇਕ ਮੋੜ ਉੱਤੇ ਪਹੁੰਚੇ ਚੁੱਕੇ ਹਨ। ਅਜਿਹੇ ਹਾਲਾਤ ‘ਚ ਗਵਾਹਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਣ ਦੀ ਲੋੜ ਹੈ।

ਉਨ੍ਹਾਂ ਨੇ ਕੁਝ ਸਮਾਂ ਪਹਿਲਾਂ ਬਹਿਬਲ ਗੋਲੀਕਾਂਡ ਦੇ ਇੱਕ ਗਵਾਹ ਸੁਰਜੀਤ ਸਿੰਘ ਦੀ ਸ਼ੱਕੀ ਮੌਤ ਤੇ ਬਹਿਬਲ ਕਲਾਂ ਗੋਲੀਕਾਂਡ ਵਿੱਚ ਮਰਨ ਵਾਲੇ ਕਿਸ਼ਨ ਭਗਵਾਨ ਸਿੰਘ ਦੇ ਭਰਾ ਰੇਸ਼ਮ ਸਿੰਘ ਨੂੰ ਮਿਲ ਰਹੀ ਧਮਕੀਆਂ ਦਾ ਵੀ ਰਿਪੋਰਟ ਵਿੱਚ ਜ਼ਿਕਰ ਕੀਤਾ ਹੈ। ਇਸ ਵਿੱਚ ਸਰਕਾਰ ਨਾਲ ਜੁੜੇ ਲੋਕਾਂ ਦੇ ਨਾਮ ਵੀ ਸਾਹਮਣੇ ਆਏ ਹਨ। ਉਨ੍ਹਾਂ ਨੇ ਰਿਪੋਰਟ ‘ਚ ਕਿਹਾ ਕਿ ਉਨ੍ਹਾਂ ਵੱਲੋਂ ਗੋਲੀਕਾਂਡ ਦੀਆਂ ਘਟਨਾਵਾਂ ਦੀ ਪੂਰੀ ਨਿਰਪੱਖਤਾ ਨਾਲ ਜਾਂਚ ਕੀਤੀ ਗਈ ਹੈ ਤੇ ਇਨ੍ਹਾਂ ਵਿੱਚ ਆਖਰੀ ਚਲਾਨ ਉਨ੍ਹਾਂ ਦੇ ਜਾਂ ਕਿਸੇ ਹੋਰ ਅਧਿਕਾਰੀ ਜਰੀਏ ਅਦਾਲਤ ਵਿੱਚ ਪੇਸ਼ ਕਰਵਾਇਆ ਜਾ ਸਕਦਾ ਹੈ।

LEAVE A REPLY

Please enter your comment!
Please enter your name here