*ਵੱਡੀ ਖਬਰ! ਨਵਜੋਤ ਸਿੰਘ ਸਿੱਧੂ ਨੇ ਸਿਰੰਡਰ ਕਰਨ ਲਈ ਮੰਗਿਆ ਸਮਾਂ, ਸਿਹਤ ਕਾਰਨਾਂ ਦਾ ਦਿੱਤਾ ਹਵਾਲਾ*

0
115

ਚੰਡੀਗੜ੍ਹ 20,ਮਈ (ਸਾਰਾ ਯਹਾਂ/ਬਿਊਰੋ ਨਿਊਜ਼) : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਪੇਸ਼ ਹੋਣ ਲਈ ਅਦਾਲਤ ਤੋਂ ਸਮਾਂ ਮੰਗਿਆ ਹੈ। ਉਨ੍ਹਾਂ ਨੇ ਸਿਹਤ ਦਾ ਹਵਾਲਾ ਦਿੰਦਿਆਂ ਅਦਾਲਤ ਨੂੰ ਕਿਹਾ ਹੈ ਕਿ ਉਨ੍ਹਾਂ ਨੂੰ ਕੁਝ ਸਮਾਂ ਦਿੱਤਾ ਜਾਵੇ। ਸੁਪਰੀਮ ਕੋਰਟ ਨੇ ਵੀਰਵਾਰ ਨੂੰ 34 ਸਾਲ ਪੁਰਾਣੇ ਰੋਡ ਰੇਜ ਮਾਮਲੇ ‘ਚ ਸਿੱਧੂ ਨੂੰ ਇੱਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। 

ਚਰਚਾ ਸੀ ਕਿ ਸਿੱਧੂ ਅੱਜ ਬਾਅਦ ਦੁਪਹਿਰ ਪਟਿਆਲਾ ਦੀ ਅਦਾਲਤ ਵਿੱਚ ਆਤਮ ਸਮਰਪਣ ਕਰਨਗੇ ਪਰ ਹੁਣ ਖਬਰ ਆ ਰਹੀ ਉਨ੍ਹਾਂ ਨੇ ਪੇਸ਼ ਹੋਣ ਲਈ ਅਦਾਲਤ ਤੋਂ ਸਮਾਂ ਮੰਗਿਆ ਹੈ। ਇਸ ਦੌਰਾਨ ਸਿੱਧੂ ਸੁਪਰੀਮ ਕੋਰਟ ਵਿੱਚ ਕਿਊਰੇਟਿਵ ਪਟੀਸ਼ਨ ਵੀ ਦਾਇਰ ਕਰਨਗੇ। ਹਾਲਾਂਕਿ ਸਿੱਧੂ ਪਟੀਸ਼ਨ ਰਾਹੀਂ ਜੇਲ੍ਹ ਜਾਣ ਤੋਂ ਬਚ ਨਹੀਂ ਸਕਦੇ। 

ਉਧਰ, ਸਿੱਧੂ ਨੇ ਪਟਿਆਲਾ ਵਿੱਚ ਆਪਣੇ ਸਮਰਥਕਾਂ ਨੂੰ ਬੁਲਾਇਆ ਹੈ। ਇਸ ਸਬੰਧੀ ਪਟਿਆਲਾ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਨਰਿੰਦਰ ਪਾਲ ਲਾਲੀ ਨੇ ਵੀ ਪਾਰਟੀ ਵਰਕਰਾਂ ਨੂੰ ਸੁਨੇਹਾ ਦਿੱਤਾ ਹੈ। ਸਿੱਧੂ ਇਸ ਸਮੇਂ ਆਪਣੇ ਪਟਿਆਲਾ ਸਥਿਤ ਘਰ ਵਿੱਚ ਮੌਜੂਦ ਹਨ। ਜਿੱਥੇ ਉਨ੍ਹਾਂ ਦੇ ਸਮਰਥਕਾਂ ਨੇ ਕਾਂਗਰਸੀ ਆਗੂਆਂ ਦਾ ਪੁੱਜਣਾ ਸ਼ੁਰੂ ਕਰ ਦਿੱਤਾ ਹੈ।

 ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਨੂੰ 1988 ਦੇ ਰੋਡ ਰੇਜ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਸੁਣਾਈ ਹੈ। ਜਸਟਿਸ ਏ ਐਮ ਖਾਨਵਿਲਕਰ ਅਤੇ ਐਸਕੇ ਕੌਲ ਦੇ ਬੈਂਚ ਨੇ ਸਿੱਧੂ ਨੂੰ ਦਿੱਤੀ ਗਈ ਸਜ਼ਾ ਦੇ ਮੁੱਦੇ ‘ਤੇ ਪੀੜਤ ਪਰਿਵਾਰ ਵੱਲੋਂ ਦਾਇਰ ਸਮੀਖਿਆ ਪਟੀਸ਼ਨ ਨੂੰ ਮਨਜ਼ੂਰੀ ਦੇ ਦਿੱਤੀ। ਹਾਲਾਂਕਿ ਸੁਪਰੀਮ ਕੋਰਟ ਨੇ ਮਈ 2018 ਵਿੱਚ ਸਿੱਧੂ ਨੂੰ ਇਸ ਮਾਮਲੇ ਵਿੱਚ ਇੱਕ 65 ਸਾਲਾ ਵਿਅਕਤੀ ਨੂੰ ‘ਜਾਣ ਬੁੱਝ ਕੇ ਸੱਟ ਪਹੁੰਚਾਉਣ’ ਦੇ ਜੁਰਮ ਲਈ ਦੋਸ਼ੀ ਠਹਿਰਾਇਆ ਸੀ ਪਰ 1,000 ਰੁਪਏ ਦਾ ਜੁਰਮਾਨਾ ਲਗਾਉਣ ਤੋਂ ਬਾਅਦ ਬਰੀ ਕਰ ਦਿੱਤਾ ਗਿਆ ਸੀ।

ਨਵਜੋਤ ਸਿੰਘ ਸਿੱਧੂ ਨੇ ਇੱਕ ਟਵੀਟ ਕਰ ਕੇ ਕਿਹਾ ਕਿ- ਹਮ ਕਾਨੂੰਨ ਕਾ ਸਨਮਾਨ ਕਰੇਂਗੇ।

ਨਵਜੋਤ ਸਿੰਘ ਸਿੱਧੂ ਵੀ ਉਸੇ ਜੇਲ੍ਹ ਵਿੱਚ ਜਾਣਗੇ ਜਿਸ ਵਿੱਚ ਬਿਕਰਮਜੀਤ ਸਿੰਘ ਮਜੀਠੀਆ ਬੰਦ ਹਨ। ਦੋਵੇਂ ਪਟਿਆਲਾ ਜੇਲ੍ਹ ਵਿੱਚ ਹੀ ਰਹਿਣਗੇ।

NO COMMENTS