
ਚੰਡੀਗੜ੍ਹ 13,ਦਸੰਬਰ (ਸਾਰਾ ਯਹਾ /ਬਿਓਰੋ ਰਿਪੋਰਟ): ਕਿਸਾਨ ਅੰਦੋਲਨ ਪ੍ਰਤੀ ਸਰਕਾਰ ਦੇ ਰਵੱਈਏ ਤੋਂ ਸੀਨੀਅਰ ਅਫਸਰ ਵੀ ਬੇਚੈਨ ਹਨ। ਇਸ ਕਰਕੇ ਪੰਜਾਬ ਦੇ ਜੇਲ੍ਹ ਵਿਭਾਗ ਦੇ ਡੀਆਈਜੀ ਐਲਐਸ ਜਾਖੜ ਨੇ ਕਿਸਾਨੀ ਸੰਘਰਸ਼ ਦੀ ਹਮਾਇਤ ਵਿੱਚ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
ਆਪਣੇ ਅਸਤੀਫੇ ਵਿੱਚ ਉਨ੍ਹਾਂ ਲਿਖਿਆ ਹੈ ਕਿ ਅੱਜ ਭਾਰਤ ਦਾ ਕਿਸਾਨ ਪ੍ਰੇਸ਼ਾਨ ਹੈ। ਉਹ ਠੰਢੀਆਂ ਰਾਤਾਂ ਵਿੱਚ ਖੁੱਲ੍ਹੇ ਅਸਮਾਨ ਥੱਲੇ ਆਪਣੇ ਹੱਕਾਂ ਲਈ ਸੰਘਰਸ਼ ਕਰ ਰਿਹਾ ਹੈ। ਇਸ ਲਈ ਉਹ ਕਿਸਾਨ ਦਾ ਪੁੱਤਰ ਹੋਣ ਦੇ ਨਾਤੇ ਸਮਝਦੇ ਹਨ ਕਿ ਇਸ ਸੰਘਰਸ਼ ਦਾ ਹਿੱਸਾ ਬਣਨਾ ਚਾਹੀਦਾ ਹੈ। ਇਸ ਕਰਕੇ ਮੈਨੂੰ ਤੁਰੰਤ ਪ੍ਰਭਾਵ ਤੋਂ ਡਿਊਟੀ ਤੋਂ ਫਾਰਗ ਕੀਤਾ ਜਾਵੇ।
ਇਸ ਤੋਂ ਇਲਾਵਾ ਜਾਖੜ ਨੇ ਡਿਊਟੀ ਤੋਂ ਫਾਰਗ ਹੋਣ ਲਈ ਆਪਣੇ ਤਿੰਨ ਮਹੀਨੇ ਦੀ ਤਨਖਾਹ ਤੇ ਹੋਰ ਭੱਤੇ ਜਮ੍ਹਾਂ ਕਰਵਾਉਣ ਦੀ ਵੀ ਪੇਸ਼ਕਸ਼ ਕੀਤੀ ਹੈ ਤਾਂ ਜੋ ਕਿਸੇ ਤਰੀਕੇ ਦਾ ਕਾਨੂੰਨੀ ਅੜਿੱਕਾ ਨਾ ਲੱਗੇ।
ਡੀਆਈਜੀ (ਜੇਲ) ਲਖਵਿੰਦਰ ਸਿੰਘ ਜਾਖੜ, ਜੋ ਇਸ ਵੇਲੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਮੁਅੱਤਲ ਹਨ, ਨੇ ਵਿਵਾਦਪੂਰਨ ਫਾਰਮ ਕਾਨੂੰਨਾਂ ਦੇ ਵਿਰੋਧ ਵਿੱਚ ਆਪਣਾ ਅਸਤੀਫਾ ਸੌਂਪਿਆ ਹੈ।ਜਾਖੜ ਨੇ ਕਿਹਾ ਕਿ ਉਹ ਕਿਸਾਨਾਂ ਦੇ ਵਿਰੋਧ ਵਿੱਚ ਸ਼ਾਮਲ ਹੋਣਗੇ। ਸਰਕਾਰ ਵਲੋਂ ਜਾਖੜ ਦਾ ਅਸਤੀਫ਼ਾ ਸਵੀਕਾਰ ਕਰਨਾ ਅਜੇ ਬਾਕੀ ਹੈ। ਜਾਖੜ ਨੂੰ ਕੁਝ ਮਹੀਨੇ ਪਹਿਲਾਂ ਜੇਲ ਅਧਿਕਾਰੀਆਂ ਤੋਂ ਮਾਸਿਕ ਅਧਾਰ ‘ਤੇ ਰਿਸ਼ਵਤ ਲੈਣ ਦੇ ਦੋਸ਼ ਵਿੱਚ ਮੁਅੱਤਲ ਕਰ ਦਿੱਤਾ ਗਿਆ ਸੀ
