ਨਵੀਂ ਦਿੱਲੀ: ਦੇਸ਼ ਵਾਸੀਆਂ ਨੂੰ ਵੱਡੀ ਰਾਹਤ ਮਿਲੀ ਹੈ। ਕੇਂਦਰ ਸਰਕਾਰ ਨੇ ਪੈਟਰੋਲ ‘ਤੇ 8 ਰੁਪਏ ਅਤੇ ਡੀਜ਼ਲ ‘ਤੇ 6 ਰੁਪਏ ਪ੍ਰਤੀ ਲੀਟਰ ਐਕਸਾਈਜ਼ ਡਿਊਟੀ ਘਟਾ ਦਿੱਤੀ ਹੈ।
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਹੈ ਕਿ, “ਅਸੀਂ ਪੈਟਰੋਲ ‘ਤੇ 8 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ‘ਤੇ 6 ਰੁਪਏ ਪ੍ਰਤੀ ਲੀਟਰ ਕੇਂਦਰੀ ਐਕਸਾਈਜ਼ ਡਿਊਟੀ ਘਟਾ ਰਹੇ ਹਾਂ। ਇਸ ਨਾਲ ਪੈਟਰੋਲ ਦੀ ਕੀਮਤ 9.5 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 7 ਰੁਪਏ ਪ੍ਰਤੀ ਲੀਟਰ ਘੱਟ ਜਾਵੇਗੀ।”
ਇਸ ਦੇ ਨਾਲ ਹੀ ਵਿੱਤ ਮੰਤਰੀ ਨੇ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਨੌਂ ਕਰੋੜ ਤੋਂ ਵੱਧ ਲਾਭਪਾਤਰੀਆਂ ਨੂੰ 200 ਰੁਪਏ ਪ੍ਰਤੀ ਸਿਲੰਡਰ (12 ਸਿਲੰਡਰ ਤੱਕ) ਦੀ ਸਬਸਿਡੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਸਾਡੀਆਂ ਮਾਵਾਂ-ਭੈਣਾਂ ਦੀ ਮਦਦ ਹੋਵੇਗੀ।
ਨਿਰਮਲਾ ਸੀਤਾਰਮਨ ਨੇ ਟਵੀਟ ਕਰਕੇ ਕਿਹਾ ਹੈ ਕਿ ਜਦੋਂ ਤੋਂ ਕੇਂਦਰ ਵਿੱਚ ਪੀਐਮ ਮੋਦੀ ਦੀ ਸਰਕਾਰ ਆਈ ਹੈ, ਉਹ ਗਰੀਬਾਂ ਦੀ ਭਲਾਈ ਲਈ ਕੰਮ ਕਰ ਰਹੇ ਹਨ। ਉਹਨਾਂ ਨੇ ਗਰੀਬ ਅਤੇ ਮੱਧ ਵਰਗ ਦੀ ਮਦਦ ਲਈ ਕੁਝ ਕਦਮ ਚੁੱਕੇ ਹਨ। ਇਸ ਦਾ ਨਤੀਜਾ ਇਹ ਨਿਕਲਿਆ ਹੈ ਕਿ ਉਹਨਾਂ ਦੇ ਕਾਰਜਕਾਲ ਦੌਰਾਨ ਔਸਤ ਮਹਿੰਗਾਈ ਪਿਛਲੀ ਸਰਕਾਰ ਨਾਲੋਂ ਘੱਟ ਰਹੀ ਹੈ। ਉਨ੍ਹਾਂ ਕਿਹਾ ਹੈ ਕਿ ਦੁਨੀਆ ਇਸ ਸਮੇਂ ਮੁਸ਼ਕਲ ਦੌਰ ‘ਚੋਂ ਗੁਜ਼ਰ ਰਹੀ ਹੈ। ਜਦੋਂ ਦੁਨੀਆ ਕੋਰੋਨਾ ਮਹਾਮਾਰੀ ਤੋਂ ਉਭਰ ਰਹੀ ਸੀ, ਯੂਕਰੇਨ ਸੰਕਟ ਪੈਦਾ ਹੋ ਗਿਆ, ਜਿਸ ਨਾਲ ਸਪਲਾਈ ਚੇਨ ਅਤੇ ਬਹੁਤ ਸਾਰੀਆਂ ਚੀਜ਼ਾਂ ਦੀ ਕਮੀ ਹੋ ਗਈ। ਇਸ ਦੇ ਕਈ ਦੇਸ਼ਾਂ ਵਿੱਚ ਮਹਿੰਗਾਈ ਅਤੇ ਆਰਥਿਕ ਸੰਕਟ ਪੈਦਾ ਹੋ ਗਿਆ ਹੈ।