13,ਅਗਸਤ (ਸਾਰਾ ਯਹਾਂ/ਬਿਊਰੋ ਨਿਊਜ਼ ) : ਪੰਜਾਬ ‘ਚ ਇੱਕ ਵਾਰ ਫਿਰ ਮਾਸਕ ਪਾਉਣਾ ਲਾਜ਼ਮੀ ਹੋ ਗਿਆ ਹੈ । ਵੱਧਦੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਵਿੱਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਜਾਰੀ ਕੀਤੀ ਗਈ ਇਸ ਐਡਵਾਈਜ਼ਰੀ ਵਿੱਚ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਸਾਰੇ ਵਿਦਿਅਕ ਅਦਾਰਿਆਂ, ਸਰਕਾਰੀ ਅਤੇ ਨਿੱਜੀ ਦਫ਼ਤਰਾਂ, ਇਨਡੋਰ ਅਤੇ ਆਊਟਡੋਰ ਮੀਟਿੰਗਾਂ, ਮਾਲਜ਼, ਜਨਤਕ ਥਾਵਾਂ ‘ਤੇ ਮਾਸਕ ਪਹਿਨਣ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ।
ਇਸ ਦੇ ਨਾਲ ਹੀ ਕੋਵਿਡ -19 ਦੇ ਲੱਛਣ ਦਿਖਣ ‘ਤੇ ਤੁਰੰਤ ਟੈਸਟ ਕਰਵਾਉਣ ਦੀ ਹਦਾਇਤ ਦਿੱਤੀ ਗਈ ਹੈ। ਕੋਵਿਡ ਟੈਸਟ ਕਰਨ ਵਾਲੇ ਸਾਰੇ ਹਸਪਤਾਲਾਂ, ਲੈਬਸ ਨੂੰ ਕੇਸਾਂ ਦੀ ਡਿਟੇਲਜ਼ ਕੋਵਾ ਪੋਰਟਲ ‘ਤੇ ਰੋਜ਼ਾਨਾ ਅਪਲੋਡ ਕਰਨ ਲਈ ਕਿਹਾ ਗਿਆ ਹੈ।
ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਜਾਰੀ ਕੋਰਾ ਕੋਵਿਡ ਦਿਸ਼ਾ-ਨਿਰਦੇਸ਼ਾਂ ਵਿੱਚ ਸਮਾਜਿਕ ਦੂਰੀ ਦੀ ਪਾਲਣਾ ਕਰਨ ਦੀ ਗੱਲ ਵੀ ਕੀਤੀ ਗਈ ਹੈ। ਇਸ ਦੇ ਨਾਲ ਹੀ ਸਾਰੇ ਨਾਗਰਿਕਾਂ ਨੂੰ ਵੈਕਸੀਨ ਦੀ ਦੂਜੀ ਡੋਜ਼ ਜਾਂ ਬੂਸਟਰ ਡੋਜ਼ ਜਲਦੀ ਤੋਂ ਜਲਦੀ ਲੈਣ ਲਈ ਵੀ ਕਿਹਾ ਗਿਆ ਹੈ। ਇਸ ਤੋਂ ਇਲਾਵਾ ਕੋਰੋਨਾ ਦੇ ਲੱਛਣ ਮਹਿਸੂਸ ਹੋਣ ‘ਤੇ ਟੈਸਟ ਕਰਵਾਉਣ ਅਤੇ ਨਿਯਮਾਂ ਦੀ ਪਾਲਣਾ ਕਰਨ ਦੀ ਸਲਾਹ ਦਿੰਦੇ ਹੋਏ ਜਨਤਕ ਥਾਵਾਂ ‘ਤੇ ਥੁੱਕਣ ‘ਤੇ ਪਾਬੰਦੀ ਲਗਾਈ ਗਈ ਹੈ।
ਦੱਸ ਦੇਈਏ ਕਿ ਪੰਜਾਬ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 200 ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਦੋ ਦਿਨ ਪਹਿਲਾਂ ਦਿੱਲੀ ਸਰਕਾਰ ਨੇ ਵੀ ਕੋਰੋਨਾ ਦੇ ਖਤਰੇ ਨੂੰ ਦੇਖਦੇ ਹੋਏ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਦਿੱਲੀ ਸਰਕਾਰ ਨੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ 500 ਰੁਪਏ ਦਾ ਜੁਰਮਾਨਾ ਲਗਾਉਣ ਦਾ ਨਿਰਦੇਸ਼ ਦਿੱਤਾ ਹੈ। ਕੇਂਦਰ ਸਰਕਾਰ ਨੇ ਸਾਰੇ ਰਾਜਾਂ ਨੂੰ ਸੁਤੰਤਰਤਾ ਦਿਵਸ ਮੌਕੇ ਵੱਡੇ ਇਕੱਠਾਂ ਤੋਂ ਬਚਣ ਦੇ ਹੁਕਮ ਵੀ ਦਿੱਤੇ ਹਨ। ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ, ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 15,815 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ 58 ਲੋਕਾਂ ਦੀ ਮੌਤ ਹੋ ਗਈ ਹੈ।