ਸ਼ਹੀਦ ਗੁਰਬਿੰਦਰ ਸਿੰਘ ਨੂੰ ਸਮਰਪਿਤ ਪਿੰਡ ਤੋਲਾਵਾਲ ਤੋਂ ਜਖੇਪਲ ਤੱਕ 1 ਕਰੋੜ ਦੀ ਲਾਗਤ ਨਾਲ ਬਣਾਈ ਜਾਵੇਗੀ ਨਵੀਂ ਸੜਕ: ਵਿਜੈ ਇੰਦਰ ਸਿੰਗਲਾ

0
27

ਚੰਡੀਗੜ•/ਤੋਲਾਵਾਲ (ਸੁਨਾਮ), 28 ਜੂਨ (ਸਾਰਾ ਯਹਾ/ਬਲਜੀਤ ਸ਼ਰਮਾ) : ਭਾਰਤ-ਚੀਨ ਸਰਹੱਦ ‘ਤੇ ਸਥਿਤ ਗਲਵਾਨ ਘਾਟੀ ਵਿਖੇ ਚੀਨ ਦੀਆਂ ਫ਼ੌਜਾਂ ਨਾਲ ਹੋਈ ਝੜਪ ‘ਚ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਸਿਪਾਹੀ ਸ. ਗੁਰਬਿੰਦਰ ਸਿੰਘ ਨਮਿਤ ਅੰਤਿਮ ਅਰਦਾਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਦੀ ਤਰਫੋਂ ਸ਼ਰਧਾਂਜਲੀ ਭੇਂਟ ਕਰਨ ਲਈ ਪੁੱਜੇ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਐਲਾਨ ਕੀਤਾ ਕਿ ਸ਼ਹੀਦ ਦੀ ਸ਼ਹਾਦਤ ਨੂੰ ਸਦੀਵੀ ਯਾਦਗਾਰ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਲੋਕ ਨਿਰਮਾਣ ਵਿਭਾਗ ਮੰਤਰੀ ਪੰਜਾਬ ਸ਼੍ਰੀ ਸਿੰਗਲਾ ਨੇ ਦੱਸਿਆ ਕਿ ਇਸੇ ਤਹਿਤ ਪਿੰਡ ਤੋਲਾਵਾਲ ਤੋਂ ਸ਼ਹੀਦ ਦੇ ਘਰ ਤੱਕ ਅਤੇ ਸ਼ਹੀਦ ਦੇ ਘਰ ਤੋਂ ਜਖੇਪਲ ਤੱਕ ਕਰੀਬ ਤਿੰਨ ਕਿਲੋਮੀਟਰ ਲੰਬੀ ਨਵੀਂ ਸੜਕ ਦਾ ਨਿਰਮਾਣ ਕਰਵਾਇਆ ਜਾਵੇਗਾ ਜਿਸ ‘ਤੇ ਇੱਕ ਕਰੋੜ ਰੁਪਏ ਦੀ ਲਾਗਤ ਆਵੇਗੀ ਜਿਸਦਾ ਅਨੁਮਾਨ ਲਗਾ ਕੇ ਪ੍ਰਵਾਨਗੀ ਲਈ ਭੇਜ ਦਿੱਤਾ ਗਿਆ ਹੈ।

ਸ਼ਹੀਦ ਗੁਰਬਿੰਦਰ ਸਿੰਘ ਦੀ ਕੁਰਬਾਨੀ ਨੂੰ ਨਮਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡ ਦੇ ਸਰਕਾਰੀ ਸਕੂਲ ਦਾ ਨਾਮਕਰਨ ਸਹੀਦ ਸਿਪਾਹੀ ਗੁਰਬਿੰਦਰ ਸਿੰਘ ਹਾਈ ਸਕੂਲ ਵਜੋਂ ਕਰ ਦਿੱਤਾ ਗਿਆ ਹੈ ਅਤੇ ਸਕੂਲ ਦੀ ਲਾਇਬ੍ਰੇਰੀ ਵੀ ਸ਼ਹੀਦ ਨੂੰ ਸਮਰਪਿਤ ਕੀਤੀ ਗਈ ਹੈ। ਉਨਾਂ ਇਹ ਵੀ ਦੱਸਿਆ ਕਿ ਪਿੰਡ ਵਾਸੀਆਂ ਵੱਲੋਂ ਸ਼ਹੀਦ ਦੇ ਨਾਮ ‘ਤੇ ਸਟੇਡੀਅਮ ਦਾ ਨਿਰਮਾਣ ਕਰਨ ਲਈ ਦੋ ਏਕੜ ਜ਼ਮੀਨ ਮੁਹੱਈਆ ਕਰਵਾਈ ਗਈ ਹੈ ਅਤੇ ਇਸ ਜ਼ਮੀਨ ‘ਤੇ ਸ਼ਹੀਦ ਗੁਰਬਿੰਦਰ ਸਿੰਘ ਨੂੰ ਸਮਰਪਿਤ ਉੱਚ ਪੱਧਰੀ ਸਟੇਡੀਅਮ ਦਾ ਨਿਰਮਾਣ ਕਰਵਾਇਆ ਜਾਵੇਗਾ।

ਕੈਬਨਿਟ ਮੰਤਰੀ ਨੇ ਗਲਵਾਨ ਘਾਟੀ ‘ਚ ਸ਼ਹੀਦ ਹੋਏ ਦੇਸ਼ ਦੇ ਬਹਾਦਰ 20 ਸੈਨਿਕਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸਾਰੇ ਸ਼ਹੀਦਾਂ ਨੂੰ ਨਮਨ ਕਰਦੀ ਹੈ ਅਤੇ ਇਨਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।

ਇਸ ਮੌਕੇ ਸਿੱਖਿਆ ਮੰਤਰੀ ਸ਼੍ਰੀ ਸਿੰਗਲਾ ਨੇ ਦੱਸਿਆ ਕਿ ਇਹ ਮਾਣ ਵਾਲੀ ਗੱਲ ਹੈ ਕਿ ਸ਼ਹੀਦ ਹੋਣ ਵਾਲੇ ਨੌਜਵਾਨ ਗੁਰਬਿੰਦਰ ਸਿੰਘ ਦੀ ਅੱਠਵੀਂ ‘ਚ ਪੜਦੀ ਭਤੀਜੀ ਫ਼ੌਜ ‘ਚ ਸ਼ਾਮਲ ਹੋ ਕੇ ਦੇਸ਼ ਦੀ ਸੇਵਾ ਕਰਨਾ ਚਾਹੁੰਦੀ ਹੈ ਤੇ ਪੰਜਾਬ ਸਰਕਾਰ ਵੱਲੋਂ ਉਸਨੂੰ ਇਸ ਕਾਬਲ ਬਣਾਉਣ ਲਈ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ। ਉਨਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ਹੀਦ ਦੇ ਪਰਵਾਰ ਨੂੰ 50 ਲੱਖ ਰੁਪਏ ਦੀ ਮਾਲੀ ਮਦਦ ਅਤੇ ਇੱਕ ਪਰਿਵਾਰਕ ਮੈਂਬਰ ਨੂੰ ਨੌਕਰੀ ਦੇਣ ਦਾ ਵਾਅਦਾ ਕੀਤਾ ਗਿਆ ਹੈ। ਉਨਾਂ ਕਿਹਾ ਕਿ ਮਾਲੀ ਮਦਦ ਸਿੱਧੀ ਖਾਤੇ ‘ਚ ਪਾਈ ਜਾਵੇਗੀ ਅਤੇ ਨੌਕਰੀ ਲਈ ਪਰਿਵਾਰ ਦੀ ਸਹਿਮਤੀ ਸ਼ਹੀਦ ਦੇ ਛੋਟੇ ਭਰਾ ‘ਤੇ ਬਣੀ ਹੈ ਜਿਸਦਾ ਨਾਂ ਯੋਗਤਾ ਅਨੁਸਾਰ ਭਰਤੀ ਲਈ ਭੇਜ ਦਿੱਤਾ ਗਿਆ ਹੈ।

ਇਸ ਦੌਰਾਨ ਸੀਨੀਅਰ ਕਾਂਗਰਸੀ ਆਗੂ ਸ੍ਰੀਮਤੀ ਦਾਮਨ ਥਿੰਦ ਬਾਜਵਾ ਨੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸ਼ਹੀਦ ਗੁਰਬਿੰਦਰ ਸਿੰਘ ਨੇ ਦੇਸ਼ ਦੀ ਆਨ ਅਤੇ ਸ਼ਾਨ ਨੂੰ ਬਰਕਰਾਰ ਰੱਖਣ ਲਈ ਆਪਣੇ ਆਪ ਨੂੰ ਕੁਰਬਾਨ ਕਰ ਦਿੱਤਾ। ਉਨਾਂ ਕਿਹਾ ਕਿ ਪਿੰਡ ਤੋਲਾਵਾਲ ਹੁਣ ਇਸ ਸ਼ਹੀਦ ਦੀ ਮਹਾਨ ਕੁਰਬਾਨੀ ਸਦਕਾ ਜਾਣਿਆ ਜਾਵੇਗਾ।    

ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ, ਐਸ.ਐਸ.ਪੀ. ਡਾ. ਸੰਦੀਪ ਗਰਗ, ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰ ਕਲਾਂ, ਸੀਨੀਅਰ ਆਗੂ ਹਰਮਨਦੇਵ ਸਿੰਘ ਬਾਜਵਾ, ਐਸ.ਜੀ.ਪੀ.ਸੀ. ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਵਿਧਾਇਕ ਅਮਨ ਅਰੋੜਾ, ਐਸ.ਡੀ.ਐਮ. ਮਨਜੀਤ ਕੌਰ ਸਮੇਤ ਵੱਡੀ ਗਿਣਤੀ ‘ਚ ਰਾਜਨੀਤਕ, ਸਮਾਜਕ ਅਤੇ ਧਾਰਮਕ ਹਸਤੀਆਂ ਤੇ ਆਮ ਲੋਕਾਂ ਨੇ ਸ਼ਹੀਦ ਨੂੰ ਸ਼ਰਧਾਂਜਲੀ ਦੇਣ ਲਈ ਹਾਜ਼ਰ ਭਰੀ।

LEAVE A REPLY

Please enter your comment!
Please enter your name here