ਫ਼ਤਹਿਗੜ੍ਹ ਸਾਹਿਬ 12 ਅਕਤੂਬਰ (ਸਾਰਾ ਯਹਾ/ਬਿਓਰੋ ਰਿਪੋਰਟ): ਫ਼ਤਹਿਗੜ੍ਹ ਸਾਹਿਬ ‘ਚ ਪੈਂਦੇ ਪਿੰਡ ਤਰਖਾਣ ਮਾਜਰਾ ਤੋਂ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਲੋਕਾਂ ਨੇ ਇੱਕ ਮੁਲਜ਼ਮ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ, ਜਦਕਿ ਦੂਸਰਾ ਕਾਰ ਛੱਡ ਕੇ ਫਰਾਰ ਹੋ ਗਿਆ। ਫ਼ਤਹਿਗੜ੍ਹ ਸਾਹਿਬ ਦੇ ਐਸਪੀ ਜਗਜੀਤ ਜੱਲ੍ਹਾ ਮੌਕੇ ‘ਤੇ ਪਹੁੰਚੇ।
ਉਨ੍ਹਾਂ ਦੱਸਿਆ ਕਿ ਬੇਅਦਬੀ ਕਰਨ ਵਾਲੇ ਨੂੰ ਮੌਕੇ ‘ਤੇ ਫੜ ਲਿਆ ਹੈ ਤੇ ਪਰਚਾ ਦਰਜ ਕਰ ਪੁੱਛਗਿੱਛ ਕੀਤੀ ਜਾਵੇਗੀ ਕਿ ਉਸ ਨੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਕਿਉਂ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਤਰਖਣ ਮਾਜਰਾ ਵਿੱਚ ਸਵਿੱਫਟ ਕਾਰ ਵਿੱਚ ਦੋ ਨੌਜਵਾਨ ਆਏ ਤੇ ਮੱਥਾ ਟੇਕਣ ਦੇ ਬਹਾਨੇ ਗੁਰਦੁਆਰਾ ਸਾਹਿਬ ‘ਚ ਦਾਖਲ ਹੋਏ। ਇੱਕ ਨੌਜਵਾਨ ਕਾਰ ‘ਚ ਬੈਠਾ ਰਿਹਾ ਤੇ ਦੂਜਾ ਗੁਰੂਘਰ ਦੇ ਅੰਦਰ ਗਿਆ ਤੇ ਸਿੱਧਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਨੂੰ ਪਾੜ ਦਿੱਤਾ।
ਉੱਥੇ ਮੌਜੂਦ ਲੋਕਾਂ ਨੇ ਮੁਲਜ਼ਮ ਨੂੰ ਫੜ੍ਹ ਕੇ ਕੁੱਟ-ਮਾਰ ਕੀਤੀ। ਪੁਲਿਸ ਨੇ ਮੌਕੇ ‘ਤੇ ਆ ਕੇ ਉਸ ਨੂੰ ਆਪਣੇ ਕਬਜ਼ੇ ‘ਚ ਲਿਆ। ਇਸ ਤੋਂ ਬਾਅਦ ਪਿੰਡ ਦੇ ਲੋਕਾਂ ਨੇ ਸਰਹਿੰਦ ਥਾਣੇ ਬਾਹਰ ਗੁੱਸੇ ਦਾ ਪ੍ਰਦਰਸ਼ਨ ਕਰਦਿਆਂ ਮੁਲਜ਼ਮ ਉਨ੍ਹਾਂ ਨੂੰ ਸੌਂਪਣ ਦੀ ਮੰਗ ਕੀਤੀ। ਐਸਐਸਪੀ ਅਮਨੀਤ ਕੌਂਡਲ ਨੇ ਜ਼ਿਲ੍ਹੇ ਦੀ ਫੋਰਸ ਤਾਇਨਾਤ ਕਰਕੇ ਸਥਿਤੀ ਨਾਲ ਨਜਿੱਠਿਆ ਤੇ ਲੋਕਾਂ ਨੂੰ ਸਖਤ ਤੋਂ ਸਖਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ।