ਮਾਨਸਾ, 14 ਅਪ੍ਰੈਲ (ਸਾਰਾ ਯਹਾਂ /ਬੀਰਬਲ ਧਾਲੀਵਾਲ) : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 1 ਅਪ੍ਰੈਲ ਤੋਂ 11 ਅਪ੍ਰੈਲ ਤੱਕ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੁਰਜ ਹਰੀ ਵਿਖੇ ਵਿਦਿਆਰਥੀਆਂ ਦੇ ਆਨ-ਲਾਈਨ ਪੀ.ਪੀ.ਟੀ., ਪੇਟਿੰਗ, ਸੁੰਦਰ ਲਿਖਤ ਅਤੇ ਸਲੋਗਨ ਮੁਕਾਬਲੇ ਕਰਵਾਏ ਗਏ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਸੰਜੀਵ ਕੁਮਾਰ ਗੋਇਲ ਨੇ ਦੱਸਿਆ ਕਿ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਜਗਰੂਪ ਭਾਰਤੀ ਦੀ ਅਗਵਾਈ ਵਿੱਚ ਇਹ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਆਪਸੀ ਪ੍ਰੇਮ, ਦਇਆ, ਧਾਰਮਿਕ ਸਹਿਣਸ਼ੀਲਤਾ ਅਤੇ ਲਾਸਾਨੀ ਕੁਰਬਾਨੀ ਦੀਆਂ ਸਦੀਵੀ ਸਿੱਖਿਆਵਾਂ ਦੇ ਪ੍ਰਚਾਰ ਅਤੇ ਪ੍ਰਸਾਰ ਹਿਤ ਇਹ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਗੁਰੂ ਜੀ ਦੇ ਉੱਚੇ ਆਦਰਸ਼ਾਂ ਵਾਲ਼ੇ ਜੀਵਨ ਅਤੇ ਲਾਸਾਨੀ ਕੁਰਬਾਨੀ ਤੋਂ ਬਹੁਤ ਕੁਝ ਸਿੱਖਣ ਦੀ ਲੋੜ ਹੈ ਅਤੇ ਇਨ੍ਹਾਂ ਆਦਰਸ਼ਾਂ ਉੱਤੇ ਚੱਲ ਕੇ ਹੀ ਇੱਕ ਬਿਹਤਰ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਸਕੂਲ ਪ੍ਰਿੰਸੀਪਲ ਦੀਪਮਾਲਾ ਨੇ ਦੱਸਿਆ ਕਿ ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਵੱਲੋਂ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ਼ ਹਿੱਸਾ ਲੈ ਕੇ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਫਲਸਫੇ ਨੂੰ ਆਪੋ-ਆਪਣੀ ਸੋਚ ਮੁਤਾਬਕ ਰੰਗਾਂ ਵਿੱਚ ਢਾਲਣ ਦੀ ਸਫਲ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੀ.ਪੀ.ਟੀ. ਮੁਕਾਬਲੇ ਵਿੱਚ ਜਤਿਨ ਸਿੰਘ ਮਾਨ, ਹਰਪ੍ਰੀਤ ਕੌਰ ਅਤੇ ਅਮਨਜੋਤ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕੀਤਾ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਪੇਂਟਿੰਗ ਮੁਕਾਬਲਿਆਂ ਵਿੱਚ ਮਨਪ੍ਰੀਤ ਕੌਰ, ਕਾਸ਼ਦੀਪ ਕੌਰ ਅਤੇ ਲਵਪ੍ਰੀਤ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਸੁੰਦਰ ਲਿਖਤ ਮੁਕਾਬਲੇ ਵਿੱਚ ਨੌਰਵੀਨ ਕੌਰ, ਸ਼ਹਿਨਾਜ਼ ਅਤੇ ਵਿਸ਼ਾਲਦੀਪ ਸਿੰਘ ਪਹਿਲੇ, ਦੂਜੇ ਤੇ ਤੀਜੇ ਸਥਾਨ ’ਤੇ ਕਾਬਜ਼ ਹੋਏ ਅਤੇ ਸਲੋਗਨ ਮੁਕਾਬਲਿਆਂ ਵਿੱਚ ਲਵਪ੍ਰੀਤ ਕੌਰ, ਗੁਰਮੀਤ ਕੌਰ ਅਤੇ ਐਸ਼ਮੀਨ ਕੌਰ ਨੇ ਪਹਿਲਾ, ਦੂਜਾ ਤੇ ਤੀਸਰਾ ਸਥਾਨ ਪ੍ਰਾਪਤ ਕੀਤਾ।