*ਸ਼੍ਰੀ ਹਰਿਮੰਦਰ ਸਾਹਿਬ ‘ਚ ਬੇਅਦਬੀ ਦੀ ਘਟਨਾ ਮਗਰੋਂ ਕੇਂਦਰ ਸਰਕਾਰ ਵੀ ਚੌਕਸ, ਅਮਿਤ ਸ਼ਾਹ ਨੇ ਕਹੀ ਵੱਡੀ ਗੱਲ*

0
76

ਚੰਡੀਗੜ੍ਹ 19,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼):: ਸਿੱਖਾਂ ਦੇ ਸਰਬਉੱਚ ਅਸਥਾਨ ਸ਼੍ਰੀ ਹਰਿਮੰਦਰ ਸਾਹਿਬ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼ ਤੋਂ ਬਾਅਦ ਕੇਂਦਰ ਸਰਕਾਰ ਵੀ ਚੌਕਸ ਹੋ ਗਈ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਇਸ ਮਾਮਲੇ ਦੀ ਜਾਂਚ ਲਈ ਕੇਂਦਰ ਤੋਂ ਜੋ ਵੀ ਸਹਿਯੋਗ ਚਾਹੀਦਾ ਹੈ, ਕੇਂਦਰ ਸਰਕਾਰ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ। ਇਸ ਘਟਨਾ ਤੋਂ ਬਾਅਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਬੀਜੇਪੀ ਲੀਡਰ ਮਨਜਿੰਦਰ ਸਿਰਸਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੂਰੇ ਮਾਮਲੇ ਦੀ ਜਾਣਕਾਰੀ ਦਿੱਤੀ।

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੂੰ ਸਰਕਾਰ ਵੱਲੋਂ ਹਰ ਸੰਭਵ ਮਦਦ ਦੇਣ ਦਾ ਭਰੋਸਾ ਵੀ ਦਿੱਤਾ ਹੈ। ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਉਨ੍ਹਾਂ ਦੀ ਅਮਿਤ ਸ਼ਾਹ ਨਾਲ ਗੱਲ ਹੋਈ ਹੈ। ਉਨ੍ਹਾਂ ਭਰੋਸਾ ਦਿੱਤਾ ਹੈ ਕਿ ਸੱਚ ਸਾਹਮਣੇ ਲਿਆਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਅਜਿਹੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਬੇਨਕਾਬ ਕਰਨਾ ਦੇਸ਼ ਲਈ ਬਹੁਤ ਜ਼ਰੂਰੀ ਹੈ।

ਮਨਜਿੰਦਰ ਸਿਰਸਾ ਨੇ ਦੱਸਿਆ ਕਿ ਇਹ ਘਟਨਾ ਸੋਚੀ-ਸਮਝੀ ਸਾਜ਼ਿਸ਼ ਹੈ। ਦੋ ਦਿਨ ਪਹਿਲਾਂ ਵੀ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ‘ਚ ਗੁਟਕਾ ਸਾਹਿਬ ਸੁੱਟਿਆ ਗਿਆ ਸੀ ਤੇ ਹੁਣ ਇਸ ਘਟਨਾ ਨੂੰ ਅੰਜਾਮ ਦੇਣ ਦੀ ਸੋਚੀ-ਸਮਝੀ ਸਾਜ਼ਿਸ਼ ਹੈ।

ਉਧਰ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਘਟਨਾ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਚਐਸ ਧਾਮੀ ਨਾਲ ਫ਼ੋਨ ‘ਤੇ ਗੱਲ ਕੀਤੀ ਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਚੰਨੀ ਨੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਪੁਲਿਸ ਨੂੰ ਇਸ ਘਿਨਾਉਣੇ ਕਾਰੇ ਦੇ ਕਾਰਨਾਂ ਦਾ ਪਤਾ ਲਗਾਉਣ ਤੇ ਇਸ ਪਿੱਛੇ ਅਸਲ ਸਾਜ਼ਿਸ਼ਘਾੜਿਆਂ ਦਾ ਪਤਾ ਲਗਾਉਣ ਲਈ ਕਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਸਾਰੀ ਸਾਜ਼ਿਸ਼ ਦਾ ਪਰਦਾਫ਼ਾਸ਼ ਕਰੇਗੀ।

NO COMMENTS