*ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ‘ਚ ਸਿੱਖ ਮਾਮਲਿਆਂ ਨਾਲ ਸਬੰਧਤ ਅਹਿਮ ਮਤੇ ਪਾਸ*

0
21

ਅੰਮ੍ਰਿਤਸਰ 30,ਮਾਰਚ (ਸਾਰਾ ਯਹਾਂ/ਬਿਊਰੋ ਨਿਊਜ਼): : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੇਸ਼ ਕੀਤੇ ਗਏ ਇਨ੍ਹਾਂ ਵੱਖ-ਵੱਖ ਮਤਿਆਂ ਨੂੰ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ। ਪਾਸ ਕੀਤੇ ਗਏ ਇਨ੍ਹਾਂ ਮਤਿਆਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਨਾਲ ਛੇੜ-ਛਾੜ ਕਰਕੇ ਛਾਪਣ ਦੀ ਨਿੰਦਾ, ਗੁਰਮੁੱਖੀ ਲਿਪੀ ਦਿਵਸ ਮਨਾਉਣ, ਸ੍ਰੀ ਅੰਮ੍ਰਿਤਸਰ ਤੋਂ ਸਿੱਧੀਆਂ ਉਡਾਣਾਂ ਸ਼ੁਰੂ ਕਰਨ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਰਸਤੇ ਖੁੱਲ੍ਹੇ ਸਮੇਤ ਹੋਰ ਸਿੱਖ ਮਸਲੇ ਸ਼ਾਮਲ ਹਨ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਨਾਲ ਛੇੜ-ਛਾੜ ਕਰਕੇ ਛਾਪਣ ਤੇ ਵੈੱਬਸਾਈਟਾਂ ’ਤੇ ਅਪਲੋਡ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਜਨਰਲ ਇਜਲਾਸ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਇਸ ਮਾਮਲੇ ’ਤੇ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਗਈ। ਇਸ ਦੇ ਨਾਲ ਹੀ ਵੱਖ-ਵੱਖ ਮੋਬਾਇਲ ਐਪਸ ਤੇ ਵੈੱਬਸਾਈਟਾਂ ’ਤੇ ਆਪਣੀ ਮਰਜ਼ੀ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਵੱਖ-ਵੱਖ ਪਾਵਨ ਬਾਣੀਆਂ ਅਪਲੋਡ ਕਰਨ ’ਤੇ ਇਤਰਾਜ਼ ਪ੍ਰਗਟ ਕੀਤਾ ਗਿਆ ਤੇ ਇਸ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਨਿਰਦੇਸ਼ ਜਾਰੀ ਕਰਨ ਦੀ ਬੇਨਤੀ ਕੀਤੀ ਗਈ। ਇਸੇ ਤਰ੍ਹਾਂ ਇੱਕ ਮਤੇ ਵਿਚ ਗੁਰਮੁਖੀ ਲਿਪੀ ਦੇ ਉਭਾਰ ਲਈ ਵਿਉਂਤਬਧ ਉਪਰਾਲੇ ਕਰਨ ਸਬੰਧੀ ਵਚਨਬਧਤਾ ਪ੍ਰਗਟਾਈ ਗਈ ਹੈ। ਇਸ ਸਬੰਧ ਵਿੱਚ ਸ੍ਰੀ ਗੁਰੂ ਅੰਗਦ ਦੇਵ ਜੀ ਗੁਰਆਈ ਦਿਵਸ ਨੂੰ ਹਰ ਸਾਲ ‘ਗੁਰਮੁਖੀ ਦਿਵਸ’ ਵਜੋਂ ਮਨਾਉਣ ਦਾ ਫੈਸਲਾ ਕੀਤਾ ਗਿਆ।

ਜਨਰਲ ਇਜਲਾਸ ਦੌਰਾਨ ਪਾਸ ਕੀਤੇ ਗਏ ਇੱਕ ਮਤੇ ਵਿਚ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਵੱਖ-ਵੱਖ ਦੇਸ਼ਾਂ ਨੂੰ ਸਿੱਧੀਆਂ ਉਡਾਣਾਂ ਦੀ ਪੁਰਜ਼ੋਰ ਮੰਗ ਕੀਤੀ ਗਈ। ਕਿਹਾ ਗਿਆ ਕਿ ਵੱਖ-ਵੱਖ ਦੇਸ਼ਾਂ ਵਿਚ 50 ਲੱਖ ਦੇ ਕਰੀਬ ਸਿੱਖ ਵੱਸਦੇ ਹਨ, ਜਿਨ੍ਹਾਂ ਨੂੰ ਪੰਜਾਬ ਤੋਂ ਸਿੱਧੀਆਂ ਉਡਾਣਾਂ ਨਾ ਹੋਣ ਕਾਰਨ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਨੂੰ ਲੈ ਕੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਉਹ ਇਸ ਮਸਲੇ ’ਤੇ ਸੰਜੀਦਾ ਪਹੁੰਚ ਅਪਣਾਏ ਅਤੇ ਕੈਨੇਡਾ, ਅਮਰੀਕਾ, ਆਸਟ੍ਰੇਲੀਆ, ਯੂਰਪੀ ਦੇਸ਼, ਨਿਊਜੀਲੈਂਡ ਆਦਿ ਲਈ ਸਿੱਧੀਆਂ ਉਡਾਣਾਂ ਚਾਲੂ ਕਰਨ ਦਾ ਫੈਸਲਾ ਲਵੇ।

ਇਸੇ ਤਰ੍ਹਾਂ ਇਕ ਮਤੇ ਰਾਹੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵੱਖ-ਵੱਖ ਰਸਤਿਆਂ ਨੂੰ ਖੁੱਲ੍ਹਾ ਕਰਨ ਅਤੇ ਸਿੱਖ ਵਿਰਾਸਤੀ ਦਿੱਖ ਦੇਣ ਦੀ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਗਈ। ਕਿਹਾ ਗਿਆ ਕਿ ਇਸ ਤੋਂ ਪਹਿਲਾਂ ਨਵੰਬਰ 2018 ਦੇ ਜਨਰਲ ਇਜਲਾਸ ਦੌਰਾਨ ਵੀ ਮਤਾ ਪਾਸ ਕਰਕੇ ਪੰਜਾਬ ਸਰਕਾਰ ਨੂੰ ਭੇਜਿਆ ਗਿਆ ਸੀ, ਪਰ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ। ਇਜਲਾਸ ਮੁੜ ਮੰਗ ਕਰਦਾ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਵੱਖ-ਵੱਖ ਰਸਤਿਆਂ ਨੂੰ ਖੁੱਲ੍ਹਾ ਕਰਕੇ ਸੰਗਤ ਦੀ ਭਾਵਨਾਵਾਂ ਦੀ ਕਦਰ ਕੀਤੀ ਜਾਵੇ।

ਇੱਕ ਹੋਰ ਮਤੇ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਖੁੱਲ੍ਹੇ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਦੀ ਸ਼ਰਤ ਖ਼ਤਮ ਕਰਨ ਦੀ ਭਾਰਤ ਸਰਕਾਰ ਪਾਸੋਂ ਮੰਗ ਕੀਤੀ ਗਈ ਅਤੇ ਇਸ ਦੇ ਨਾਲ ਹੀ ਪੰਜਾਬ ਸਰਕਾਰ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਨੂੰ ਸਿੱਖ ਵਿਰਾਸਤੀ ਸ਼ਹਿਰ ਵਜੋਂ ਵਿਕਸਤ ਕਰੇ। ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਸ਼ਹੀਦੀ ਸਾਕੇ ਦੀ 100 ਸਾਲਾ ਸ਼ਤਾਬਦੀ ਮਨਾਉਣ ਅਤੇ ਇਸ ਮੌਕੇ ਸ਼ਰਧਾਲੂਆਂ ਦੇ ਪਾਕਿਸਤਾਨ ਜਾਣ ਲਈ ਪ੍ਰਵਾਨਗੀ ਦੇਣ ਸਬੰਧੀ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਇਕ ਮਤੇ ਰਾਹੀਂ ਅਪੀਲ ਕੀਤੀ ਗਈ ਹੈ। ਇਹ ਸ਼ਤਾਬਦੀ 30 ਅਕਤੂਬਰ 2022 ਨੂੰ ਮਨਾਈ ਜਾਣੀ ਹੈ, ਜਿਸ ’ਤੇ ਭਾਰਤ ਤੋਂ ਇਲਾਵਾ ਪਾਕਿਸਤਾਨ ਵਿਚ ਵੀ ਸਮਾਗਮ ਕੀਤੇ ਜਾਣਗੇ।

ਜਨਰਲ ਇਜਲਾਸ ਸਮੇਂ ਪਾਸ ਕੀਤੇ ਗਏ ਇਕ ਮਤੇ ਰਾਹੀਂ ਸ਼੍ਰੋਮਣੀ ਕਮੇਟੀ ਖਿਲਾਫ ਕੂੜ-ਪ੍ਰਚਾਰ ਕਰਨ ਵਾਲੇ ਲੋਕਾਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ। ਮਤੇ ਵਿਚ ਕਿਹਾ ਗਿਆ ਕਿ ਕੁਝ ਲੋਕ ਜਾਣਬੁਝ ਕੇ ਸ਼੍ਰੋਮਣੀ ਕਮੇਟੀ ਦਾ ਅਕਸ ਖਰਾਬ ਕਰ ਰਹੇ ਹਨ ਤੇ ਸ਼੍ਰੋਮਣੀ ਕਮੇਟੀ ਦੇ ਟਰੱਸਟਾਂ ਸਬੰਧੀ ਗੁੰਮਰਾਹਕੁੰਨ ਪ੍ਰਚਾਰ ਕਰ ਰਹੇ ਹਨ। ਸਪੱਸ਼ਟ ਕੀਤਾ ਗਿਆ ਕਿ ਸ਼੍ਰੋਮਣੀ ਕਮੇਟੀ ਦੇ ਟਰੱਸਟਾਂ ਸ਼੍ਰੋਮਣੀ ਕਮੇਟੀ ਦੀ ਜਾਇਦਾਦ ਹਨ ਅਤੇ ਇਨ੍ਹਾਂ ਦੇ ਚੇਅਰਮੈਨ ਵਜੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਕਾਰਜਸ਼ੀਲ ਹੈ। ਪ੍ਰਬੰਧਕੀ ਜ਼ੁੰਮੇਵਾਰੀਆਂ ਵੀ ਸ਼੍ਰੋਮਣੀ ਕਮੇਟੀ ਦੇ ਸਕੱਤਰਾਂ ਪਾਸ ਹਨ। ਸੰਗਤਾਂ ਨੂੰ ਅਪੀਲ ਕੀਤੀ ਗਈ ਕਿ ਜਾਣਬੁਝ ਕੇ ਸ਼੍ਰੋਮਣੀ ਕਮੇਟੀ ਨੂੰ ਬਦਨਾਮ ਕਰਨ ਵਾਲੇ ਲੋਕਾਂ ਤੋਂ ਸੁਚੇਤ ਰਹਿਣ।

ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਕਰੀਬ ਤਿੰਨ ਦਹਾਕਿਆਂ ਤੋਂ ਕੈਦ ਸੰਘਰਸ਼ੀ ਸਿੰਘਾਂ ਦੀ ਰਿਹਾਈ ਸਬੰਧੀ ਵੀ ਇਕ ਮਤਾ ਪਾਸ ਕੀਤਾ ਗਿਆ ਹੈ। ਇਸ ਮਤੇ ਰਾਹੀਂ ਭਾਰਤ ਸਰਕਾਰ ਨੂੰ ਕਿਹਾ ਗਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਗਿਆ ਸੀ, ਜੋ ਅਜੇ ਤੱਕ ਵਫਾ ਨਹੀਂ ਹੋਇਆ। ਅਪੀਲ ਕੀਤੀ ਗਈ ਕਿ ਇਸ ਸਬੰਧ ਵਿਚ ਜਲਦ ਫੈਸਲਾ ਕਰਕੇ ਸਿੱਖ ਕੈਦੀਆਂ ਨੂੰ ਰਿਹਾਅ ਕੀਤਾ ਜਾਵੇ। ਇਨ੍ਹਾਂ ਕੈਦੀਆਂ ਵਿਚ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਬਲਵੰਤ ਸਿੰਘ ਰਾਜੋਆਣਾ ਆਦਿ ਸ਼ਾਮਲ ਹਨ। ਇਕ ਹੋਰ ਮਤੇ ਰਾਹੀਂ ਭਾਰਤ ਸਰਕਾਰ ਵੱਲੋਂ ਪੰਜਾਬ ਅਤੇ ਖ਼ਾਸਕਰ ਸਿੱਖਾਂ ਨਾਲ ਕੀਤੇ ਜਾ ਰਹੇ ਧੱਕੇ ਦੀ ਵੀ ਨਿੰਦਾ ਕੀਤੀ ਗਈ। ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਦੇ ਮੁਲਾਜ਼ਮਾਂ ’ਤੇ ਕੇਂਦਰੀ ਸੇਵਾ ਸ਼ਰਤਾਂ ਲਾਗੂ ਕਰਨ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਗਿਆ ਕਿ ਇਹ ਪੰਜਾਬ ਤੋਂ ਬਾਹਰਲੇ ਅਫ਼ਸਰ ਚੰਡੀਗੜ੍ਹ ’ਤੇ ਥੋਪਣ ਲਈ ਲਿਆ ਗਿਆ ਫੈਸਲਾ ਹੈ, ਜਿਸ ਨੂੰ ਤੁਰੰਤ ਵਾਪਸ ਲਿਆ ਜਾਵੇ।

ਇਸੇ ਤਰ੍ਹਾਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਲਾਜ਼ਮੀ ਨੁਮਾਇੰਦੀ ਖ਼ਤਮ ਕਰਨ ਨੂੰ ਵੀ ਪੰਜਾਬ ਦਾ ਵਿਤਕਰਾ ਕਰਾਰ ਦਿੱਤਾ ਗਿਆ। ਇਕ ਮਤੇ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਪਾਵਨ ਅਸਥਾਨ ਗੁਰਦੁਆਰਾ ਗਿਆਨ ਗੋਦੜੀ ਹਰਿ ਕੀ ਪਾਉੜੀ ਹਰਿਦੁਆਰ, ਗੁਰਦੁਆਰਾ ਗੁਰੂ ਡਾਂਗਮਾਰ ਅਤੇ ਚੁੰਗਥਾਂਗ ਸਿੱਕਮ, ਗੁਰਦੁਆਰਾ ਬਾਵਲੀ ਮੱਠ, ਮੱਗੂ ਮੱਠ ਤੇ ਪੰਜਾਬੀ ਮੱਠ ਜਗਨਨਾਥਪੁਰੀ ਤੇ ਮਸਲੇ ਹੱਲ ਦੀ ਵੀ ਭਾਰਤ ਸਰਕਾਰ ਨੂੰ ਅਪੀਲ ਕੀਤੀ ਗਈ। ਜਨਰਲ ਹਾਊਸ ਦੌਰਾਨ ਹਿਮਾਚਲ ਸਰਕਾਰ ਵੱਲੋਂ ਸ਼ਰਧਾਲੂਆਂ ਨੂੰ ਕੇਸਰੀ ਝੰਡਿਆਂ ਅਤੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ’ਤੇ ਬੈਨ ਲਗਾਉਣ ਦਾ ਵੀ ਸਖ਼ਤ ਨੋਟਿਸ ਲਿਆ ਗਿਆ। ਹਿਮਾਚਲ ਸਰਕਾਰ ਨੂੰ ਤਾੜਨਾ ਕੀਤੀ ਗਈ ਕਿ ਉਹ ਅਜਿਹੇ ਸਿੱਖ ਵਿਰੋਧੀ ਹੱਥਕੰਡਿਆਂ ਤੋਂ ਬਾਜ਼ ਆਵੇ।

ਜਨਰਲ ਇਜਲਾਸ ਵੱਲੋਂ ਅੰਮ੍ਰਿਤਧਾਰੀ ਗੁਰਸਿੱਖ ਬੱਚੀਆਂ ਨੂੰ ਉਚੇਰੀ ਵਿੱਦਿਆ ਦੇਣ ਲਈ ਵਚਨਬਧਤਾ ਪ੍ਰਗਟਾਉਂਦਾ ਇਕ ਮਤਾ ਪਾਸ ਕੀਤਾ ਗਿਆ ਅਤੇ ਫੈਸਲਾ ਕੀਤਾ ਗਿਆ ਕਿ ਪਹਿਲਾਂ ਹੀ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਵਿਖੇ 200 ਅੰਮ੍ਰਿਤਧਾਰੀ ਬੱਚੀਆਂ ਨੂੰ ਦਿੱਤੀ ਜਾ ਰਹੀ ਮੁਫ਼ਤ ਵਿਦਿਆ ਦੀ ਤਰਜ਼ ’ਤੇ ਹੁਣ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ 200 ਅੰਮ੍ਰਿਤਧਾਰੀ ਗੁਰਸਿੱਖ ਬੱਚੀਆਂ ਨੂੰ ਮੁਫ਼ਤ ਵਿਦਿਆ, ਰਿਹਾਇਸ਼ ਅਤੇ ਖਾਣਾ ਦਿੱਤਾ ਜਾਵੇਗਾ। ਇਸੇ ਤਰ੍ਹਾਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਠੱਠਾ ਤਰਨ ਤਾਰਨ ਵਿਖੇ ਤਿੰਨ ਮੈਡੀਕਲ ਸਟੋਰ ਖੋਲ੍ਹੇ ਜਾਣਗੇ, ਜਿਥੋਂ ਲਾਗਤ ਕੀਮਤ ’ਤੇ ਲੋੜਵੰਦਾਂ ਨੂੰ ਦਵਾਈਆਂ ਮੁਹੱਈਆ ਕਰਵਾਈਆਂ ਜਾਣਗੀਆਂ।

ਜਨਰਲ ਇਜਲਾਸ ਦੌਰਾਨ ਸਿੱਖ ਮਸਲਿਆਂ ਸਬੰਧੀ ਇਨ੍ਹਾਂ ਮਤਿਆਂ ਤੋਂ ਇਲਾਵਾ ਅਕਾਲ ਚਲਾਣਾ ਕਰ ਗਈਆਂ ਵੱਖ-ਵੱਖ ਸ਼ਖ਼ਸੀਅਤਾਂ ਸਬੰਧੀ ਸ਼ੋਕ ਮਤੇ ਵੀ ਪੜ੍ਹੇ ਗਏ। ਇਨ੍ਹਾਂ ਸ਼ਖ਼ਸੀਅਤਾਂ ਵਿਚ ਗੁਰਮਤਿ ਸੰਗੀਤ ਦੇ ਉਸਤਾਦ ਪ੍ਰੋ. ਕਰਤਾਰ ਸਿੰਘ, ਤਖ਼ਤ ਸ੍ਰੀ ਹਰਿੰਮਦਰ ਜੀ ਪਟਨਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਜਿੰਦਰ ਸਿੰਘ, ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲੇ, ਪ੍ਰਸਿੱਧ ਸਿੱਖ ਤੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਚੈਰੀਟੇਬਲ ਟਰੱਸਟ ਦੇ ਮੈਂਬਰ ਡਾਕਟਰ ਹਰਦਾਸ ਸਿੰਘ, ਬਾਬਾ ਮਨਜੀਤ ਸਿੰਘ ਹਰਖੋਵਾਲ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਸ. ਹਰਿੰਦਰ ਸਿੰਘ ਰਣੀਆਂ, ਜਥੇਦਾਰ ਹਰਬੰਸ ਸਿੰਘ ਘੁੰਮਣ, ਪ੍ਰਿੰਸੀਪਲ ਭਗਵੰਤ ਸਿੰਘ, ਸ. ਸੁਖਵਿੰਦਰ ਸਿੰਘ ਝਬਾਲ ਸ਼ਾਮਲ ਹਨ।

NO COMMENTS