ਮਾਨਸਾ, 22 ਅਕਤੂਬਰ:(ਸਾਰਾ ਯਹਾਂ/ਬੀਰਬਲ ਧਾਲੀਵਾਲ): ਐਸ.ਡੀ.ਐਮ ਸਰਦੂਲਗੜ ਸ਼੍ਰੀ ਅਮਰਿੰਦਰ ਸਿੰਘ ਮੱਲ੍ਹੀ ਦੇ ਦਿਸ਼ਾ ਨਿਰਦੇਸ਼ਕਾਂ ‘ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਝੁਨੀਰ ਵੱਲੋ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਵੱਖ-ਵੱਖ ਸਕੂਲਾਂ ਵਿੱਚ ਬੱਚਿਆਂ ਨੂੰ ਜਾਗਰੂਕ ਕਰਨ ਲਈ ਪ੍ਰਤੀਯੋਗਤਾਵਾਂ ਕਰਵਾਈਆਂ ਗਈਆਂ। ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਦਿਲਬਾਗ ਸਿੰਘ ਨੇ ਦੱਸਿਆ ਕਿ ਇਨ੍ਹਾਂ ਪ੍ਰਤੀਯੋਗਤਾਵਾਂ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੁਨੀਰ, ਐਸ.ਜੀ.ਜੀ.ਐਸ ਆਦਰਸ਼ ਸਕੂਲ ਸਾਹਨੇਵਾਲੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਧਰਮੂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਕੂਲਾਂ ਵਿੱਚ ਮੁੱਖ ਅਧਿਆਪਕ ਅਤੇ ਅਧਿਆਪਕ ਸਹਿਬਾਨਾਂ ਦੀ ਮੌਜੂਦਗੀ ਵਿੱਚ ਲੇਖ ਲਿਖਣ,ਭਾਸ਼ਣ ਅਤੇ ਪੇਟਿੰਗ ਮੁਕਾਬਲੇ ਕਰਵਾਏ ਗਏ। ਇੰਨਾਂ ਮੁਕਾਬਲਿਆਂ ਵਿੱਚ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਇਨਾਮ ਵੰਡੇ ਗਏ। ਮੁਕਾਬਲੇ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਦੇ ਨੁਕਸਾਨ ਬਾਰੇ ਦਰਸਾਇਆ ਗਿਆ। ਇਸ ਮੌਕੇ ਖੇਤੀਬਾੜੀ ਵਿਸਥਾਰ ਅਫਸਰ ਮਨਿੰਦਰ ਸਿੰਘ ਅਤੇ ਸਹਾਇਕ ਤਕਨੀਕੀ ਮੈਨੇਜਰ ਕਮਲਪ੍ਰੀਤ ਸਿੰਘ ਦੁਆਰਾ ਪ੍ਰਤੀਯੋਗਤਾਵਾਂ ਵਿੱਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਪ੍ਰੇਰਿਤ ਕਰਦਿਆਂ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ,ਮਿੱਟੀ ਅਤੇ ਸਿਹਤ ਤੇ ਹੋ ਰਹੇ ਮਾੜੇ ਪ੍ਰਭਾਵਾ ਬਾਰੇ ਜਾਣੂ ਕਰਵਾਇਆ ਗਿਆ। ਵਿਦਿਆਰਥੀਆਂ ਨੇ ਵੀ ਵੱਖ ਵੱਖ ਗਤੀਵਿਧੀਆਂ ਰਾਹੀ ਇਸ ਮੁੱਦੇ ਸਬੰਧੀ ਆਪਣੀ ਕਲਾ ਨੂੰ ਬਾਖੂਬੀ ਉਜਾਗਰ ਕੀਤਾ। ਇਸ ਮੌਕੇ ਸ੍ਰੀ ਨਮਨ,ਮੈਡਮ ਰਜਿੰਦਰ ਕੌਰ ਦੇ ਨਾਲ ਫੀਲਡ ਸੁਪਰਵਾਈਜਰ ਗੁਰਵਿੰਦਰ ਸਿੰਘ, ਲਵਪ੍ਰੀਤ ਸਿੰਘ ਅਤੇ ਬੇਲਦਾਰ ਮੇਵਾ ਸਿੰਘ ਹਾਜਰ ਸਨ।