
ਚੰਡੀਗੜ੍ਹ 9 ਅਗਸਤ (ਸਾਰਾ ਯਹਾ, ਬਲਜੀਤ ਸ਼ਰਮਾ) : ਸਕੂਲ ਸਿੱਖਿਆ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਅਚੀਵਮੈਂਟ ਸਰਵੇਖਣ (ਪੀ.ਏ.ਐੱਸ.) ਕਰਵਾਉਣ ਦੇ ਵਾਸਤੇ ਸਿੱਖਿਆ ਵਿਭਾਗ ਨੇ ਤਿਆਰੀਆਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਇਹ ਦੇਸ਼ ਦੇ ਕਿਸੇ ਵੀ ਸੂਰੇ ਦੁਆਰਾ ਆਪਣੀ ਕਿਸਮ ਦੀ ਪਹਿਲੀ ਪਹਿਲਕਦਮੀ ਹੋਵੇਗੀ। ਸਿੱਖਿਆ ਮੰਤਰੀ ਨੇ ਇਹ ਸਰਵੇਖਣ ਵਿਗਿਆਨਿਕ ਢੰਗ ਨਾਲ ਕਰਵਾਏ ਜਾਣ ’ਤੇ ਜ਼ੋਰ ਦਿੱਤਾ ਹੈ।
ਸ੍ਰੀ ਸਿੰਗਲਾ ਵੱਲੋਂ ਦਿੱਤੀ ਗਈ ਸੇਧ ਦੇ ਅਨੁਸਾਰ ਇਸ ਸਰਵੇਖਣ ਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਦੇ ਵਾਸਤੇ ਸਕੂਲ ਸਿੱਖਿਆ ਸਕੱਤਰ ਸ੍ਰੀ ਕਿ੍ਰਸ਼ਨ ਕੁਮਾਰ ਨੇ ਸਰਵੇਖਣ ਦੇ ਨਾਲ ਸਬਧਿਤ ਸਾਰੇ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਦੇ ਰਾਹੀਂ ਲੜੀਵਾਰ ਮੀਟਿੰਗਾਂ ਕਰਕੇ ਪ੍ਰਬੰਧਾਂ ਦਾ ਜਾਇਜਾ ਕੀਤੀਆਂ ਅਤੇ ਉਨ੍ਹਾਂ ਨੂੰ ਸਾਰੇ ਮਾਪਦੰਡਾਂ ਦੇ ਨਾਲ ਇਹ ਸਰਵੇਖਣ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ।
ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਬੁਲਾਰੇ ਅਨੁਸਾਰ ਪੀ.ਏ.ਐਸ. ਨਾ ਸਿਰਫ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ‘ਨੈਸ਼ਨਲ ਅਚੀਵਮੈਂਟ ਸਰਵੇ’ ਲਈ ਤਿਆਰ ਕਰੇਗਾ ਬਲਕਿ ਇਹ ਵਿਦਿਆਰਥੀਆਂ ਦੀ ਸਮਝ ਸਮਰੱਥਾ ਮਜ਼ਬੂਤ ਕਰਨ ਦੇ ਨਾਲ-ਨਾਲ ਵਿਦਿਆਰਥੀਆਂ ਦੀ ਤਰਕ ਯੋਗਤਾ ਨੂੰ ਵਧਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਵੇਗਾ। ਇਹ ਸਰਵੇਖਣ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਕਰਵਾਇਆ ਜਾਵੇਗਾ ਅਤੇ ਇਸ ਵਿੱਚ ਪ੍ਰਾਇਮਰੀ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਭਾਗ ਲੈਣਗੇ। ਇਹ ਸਰਵੇਖਣ ‘ਨੈਸ਼ਨਲ ਅਚੀਵਮੈਂਟ ਸਰਵੇ’ ਦੇ ਮਾਪਦੰਡਾਂ ’ਤੇ ਅਧਾਰਤ ਹੋਵੇਗਾ। ਇਸ ਵਿੱਚ ਵਿਦਿਆਰਥੀਆਂ ਦੇ ਸਿੱਖਣ ਦੇ ਨਤੀਜਿਆਂ ਦਾ ਮੁਲਾਂਕਣ ਕੀਤਾ ਜਾਵੇਗਾ। ਇਹ ਸਰਵੇਖਣ ਅੰਗਰੇਜ਼ੀ, ਵਿਗਿਆਨ, ਗਣਿਤ ਅਤੇ ਸਮਾਜਿਕ ਅਧਿਐਨ ਸਮੇਤ ਚੋਣਵੇਂ ਵਿਸ਼ਿਆਂ ’ਤੇ ਆਧਾਰਤ ਹੋਵੇਗਾ। ਇਸ ਵਿੱਚ ਮਲਟੀਪਲ ਚੁਆਇਸ ਪ੍ਰਸ਼ਨ (ਐਮ.ਸੀ.ਕਿਉ) ਹੋਣਗੇ।
ਬੁਲਾਰੇ ਦੇ ਅਨੁਸਾਰ ਇਹ ਸਰਵੇਖਣ ਦੀ ਪ੍ਰਕਿਰਿਆ ਅਗਸਤ ਦੇ ਦੂਜੇ ਪੰਦਰਵਾੜੇ ਦੇ ਆਰੰਭ ਵਿੱਚ ਹੀ ਸ਼ੁਰੂ ਹੋ ਜਾਵੇਗੀ ਅਤੇ ਸਤੰਬਰ ਤੋਂ ਮੌਕ ਟੈਸਟ ਕਰਵਾਉਣ ਦਾ ਇਕ ਵਿਸ਼ਾਲ ਪ੍ਰੋਗਰਾਮ ਉਲੀਕਿਆ ਗਿਆ ਹੈ। ਵਿਦਿਆਰਥੀਆਂ ਵਿਚ ਵੱਖ-ਵੱਖ ਵਿਸ਼ਿਆਂ ਦੀਆਂ ਬੁਨਿਆਦੀ ਧਾਰਨਾਵਾਂ ਦੀ ਸਮਝਦਾਰੀ ਪੈਦਾ ਕਰਨ ਲਈ ਪ੍ਰਸ਼ਨ ਬੈਂਕ ਤਿਆਰ ਕੀਤਾ ਜਾ ਰਿਹਾ ਹੈ।
ਬੁਲਾਰੇ ਅਨੁਸਾਰ ਪੀ.ਏ.ਐਸ. ਨੂੰ ਸੁਚੱਜੇ ਨਾਲ ਚਲਾਉਣ ਦੇ ਉਦੇਸ਼ ਨਾਲ ਸਿੱਖਿਆ ਵਿਭਾਗ ਨੇ ਜ਼ਿਲ੍ਹਾ ਸਿੱਖਿਆ ਅਫਸਰਾਂ, ਉਪ ਜ਼ਿਲ੍ਹਾ ਸਿੱਖਿਆ ਅਫਸਰਾਂ, ਬਲਾਕ ਪ੍ਰਾਇਮਰੀ ਸਿੱਖਿਆ ਅਧਿਕਾਰੀਆਂ, ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਕੋਆਰਡੀਨੇਟਰਾਂ, ਜ਼ਿਲ੍ਹਾ ਸਿਖਿਆ ਸੁਧਰ ਟੀਮਾਂ ਅਤੇ ਸੋਸ਼ਲ ਮੀਡੀਆ ਕੋਆਰਡੀਨੇਟਰਾਂ ਨੂੰ ਸੰਵੇਦਨਸ਼ੀਲ ਕਰਨ ਲਈ ਵੈਬਿਨਾਰਾਂ ਦਾ ਆਯੋਜਨ ਵੀ ਸ਼ੁਰੂ ਕੀਤਾ ਹੈ।
ਬੁਲਾਰੇ ਅਨੁਸਾਰ ਇਸ ਸਰਵੇਖਣ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਮਾਪਿਆਂ ਨੂੰ ਵੀ ਇਸ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਗਿਆ ਹੈ ਅਤੇ ਮਾਪਿਆਂ ਦੀ ਸ਼ਮੂਲੀਅਤ ਸਰਕਾਰੀ ਸਕੂਲਾਂ ਦੇ ਬਦਲ ਰਹੇ ਚਿਹਰੇ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਸਹਾਇਤਾ ਕਰੇਗੀ।
————-
