*ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਸਬੰਧੀ ਕੇਂਦਰ ਨੂੰ ਭੇਜੀ ਫੀਡਬੈਕ*

0
56


ਚੰਡੀਗੜ੍ਹ, 25 ਮਈ  (ਸਾਰਾ ਯਹਾਂ/ਮੁੱਖ ਸੰਪਾਦਕ): ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਨੂੰ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਸਬੰਧੀ ਫ਼ੈਸਲਾ ਲੈਣ ਤੋਂ ਪਹਿਲਾਂ ਸਾਰੇ ਸੂਬਿਆਂ ਨੂੰ ਲੋੜੀਂਦੇ ਕੋਵਿਡ ਟੀਕੇ ਮੁਹੱਈਆ ਕਰਵਾਉਣੇ ਚਾਹੀਦੇ ਹਨ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਰਫੋਂ ਕੇਂਦਰੀ ਐਚ.ਆਰ.ਡੀ ਮੰਤਰੀ ਨੂੰ ਜਵਾਬ ਦਿੰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਬੋਰਡ ਦੀਆਂ ਪ੍ਰੀਖਿਆਵਾਂ ਦੇਣ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਟੀਕੇ ਲਗਾਉਣ ਦੀ ਸਖ਼ਤ ਲੋੜ ਦੇ ਨਾਲ-ਨਾਲ ਉਹਨਾਂ ਦੀ ਸਿਹਤ, ਬਚਾਅ ਅਤੇ ਸੁਰੱਖਿਆ ਵੀ ਬਹੁਤ ਮਹੱਤਵਪੂਰਨ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਹਰੇਕ ਵਿਸ਼ਾ-ਖੇਤਰ ਦੇ ਸਿਰਫ਼ ਚੋਣਵੇਂ ਅਤੇ ਲੋੜ ਪੈਣ ‘ਤੇ ਹੋਰ ਜ਼ਰੂਰੀ ਵਿਸ਼ਿਆਂ ਦੀ ਪ੍ਰੀਖਿਆ ਹੀ ਲਈ ਜਾਣੀ ਚਾਹੀਦੀ ਹੈ ਅਤੇ ਪ੍ਰਸ਼ਨ ਪੱਤਰ ਵੀ ਘੱਟ ਮਿਆਦ ਦੇ ਕੀਤੇ ਜਾ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪ੍ਰੀ-ਬੋਰਡ ਪ੍ਰੀਖਿਆਵਾਂ ਅਤੇ ਅੰਦਰੂਨੀ ਮੁਲਾਂਕਣ ਵੱਲ ਵੀ ਧਿਆਨ ਦਿੱਤਾ ਜਾ ਸਕਦਾ ਹੈ।

ਵਿਦਿਆਰਥੀਆਂ ਅਤੇ ਮਾਪਿਆਂ ਦੀਆਂ ਚਿੰਤਾਵਾਂ ਦਾ ਜ਼ਿਕਰ ਕਰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਪ੍ਰੀਖਿਆਵਾਂ ਉਦੋਂ ਤੱਕ ਨਹੀਂ ਲਈਆਂ ਜਾਣੀਆਂ ਚਾਹੀਦੀਆਂ ਜਦੋਂ ਤੱਕ ਸਾਰਿਆਂ ਦੀ ਸੁਰੱਖਿਆ ਨੂੰ ਯਕੀਨੀ ਨਹੀਂ ਬਣਾਇਆ ਜਾਂਦਾ। ਉਨ੍ਹਾਂ ਕਿਹਾ ਕਿ ਇਸ ਗੱਲ ਦੀ ਪੂਰੀ ਸੰਭਾਵਨਾ ਹੈ ਕਿ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਉੱਚ ਵਿਦਿਅਕ ਸੰਸਥਾਵਾਂ ਵਿਚ ਦਾਖਲਾ ਲੈਣ ਵਿਚ ਦੇਰੀ ਹੋਵਗੀ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਵਿਦਿਆਰਥੀਆਂ ਦੇ ਸਮੇਂ ਦੀ ਘਾਟੇ ਨੂੰ ਪੂਰਾ ਕਰਨ ਲਈ ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਲੋੜੀਂਦਾ ਨਿਰਦੇਸ਼ ਜਾਰੀ ਕਰਨੇ ਚਾਹੀਦੇ ਹਨ। ਉੱਚ ਸਿੱਖਿਆ ਸੰਸਥਾਵਾਂ ਨੂੰ ਕੋਰਸਾਂ ਦੇ ਸਿਲੇਬਸ ਨੂੰ ਘਟਾਉਣ ਲਈ ਕਿਹਾ ਜਾਣਾ ਚਾਹੀਦਾ ਹੈ ਜਿਸ ਨਾਲ ਵਿਦਿਆਰਥੀਆਂ ‘ਤੇ ਮਾਨਸਿਕ ਦਬਾਅ ਵੀ ਘੱਟੇਗਾ।
ਸ੍ਰੀ ਸਿੰਗਲਾ ਨੇ ਕਿਹਾ ਕਿ ਕੋਵਿਡ-19 ਕਰਕੇ ਉਪਜੇ ਔਖੇ ਹਾਲਾਤਾਂ ਦੇ ਮੱਦੇਨਜ਼ਰ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਕਿਸੇ ਮੁਸ਼ਕਲ ਵਿੱਚ ਨਹੀਂ ਪਾਉਣਾ ਚਾਹੀਦਾ। ਉਨ੍ਹਾਂ ਕਿਹਾ ਕਿ ਉੱਚ ਵਿਦਿਅਕ ਅਦਾਰਿਆਂ ਵਿੱਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਪਾਸ ਕਰਨ ਤੋਂ ਬਾਅਦ ਅਗਲੇ ਕੋਰਸ ਦੇ ਸਾਰੇ ਸਮੈਸਟਰ ਦੀ ਪੜ੍ਹਾਈ ਜ਼ਰੂਰੀ ਨਾ ਕੀਤੀ ਜਾਵੇ। ਸ਼੍ਰੀ ਸਿੰਗਲਾ ਨੇ ਕਿਹਾ ਕਿ ਸਿਲੇਬਸ ਘਟਾਉਣ ਲਈ ਉਦਾਹਰਨ ਵਜੋਂ 8 ਸਮੈਸਟਰਾਂ ਦੇ ਕੋਰਸ ਨੂੰ ਘਟਾ ਕੇ 7 ਸਮੈਸਟਰਾਂ ਦਾ ਕੀਤਾ ਜਾ ਸਕਦਾ ਹੈ ਜੋ ਵਿਦਿਆਰਥੀਆਂ ‘ਤੇ ਮਾਨਸਿਕ ਦਬਾਅ ਘਟਾਉਣ ਵਿਚ ਸਹਾਇਕ ਹੋਵੇਗਾ ਅਤੇ ਉਨ੍ਹਾਂ ਨੂੰ ਉੱਚ ਸਿੱਖਿਆ ਵਿਚ ਵਧੇਰੇ ਵਿਸ਼ਵਾਸ ਨਾਲ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰੇਗਾ।

———————-

LEAVE A REPLY

Please enter your comment!
Please enter your name here