*ਸਤਿੰਦਰ ਸਿੰਗਲਾ ਬਣੇ ਸ਼ਿਵ ਸੈਨਾ ਸ਼ਿੰਦੇ ਗਰੁੱਪ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ*

0
16

ਮਾਨਸਾ, 7 ਜਨਵਰੀ(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ):ਵਪਾਰ ਮੰਡਲ ਪੰਜਾਬ ਦੇ ਸੀਨੀਅਰ ਵਾਈਸ ਪ੍ਰਧਾਨ, ਜ਼ਿਲਾ ਵਪਾਰ ਮੰਡਲ ਦੇ ਪ੍ਰਧਾਨ ਅਤੇ ਸ਼ਿਵ ਸੈਨਾ ਸ਼ਿੰਦੇ ਗਰੁੱਪ ਦੇ ਜ਼ਿਲਾ ਚੇਅਰਮੈਨ ਅਤੇ ਸਮਾਜ ਸੇਵੀ ਸਤਿੰਦਰ ਸਿੰਗਲਾ ਨੂੰ ਸ਼ਿਵ ਸੈਨਾ ਪੰਜਾਬ ਸ਼ਿੰਦੇ ਗਰੁੱਪ ਦਾ ਸੂਬਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨੂੰ ਲੈ ਕੇ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ ਅਤੇ ਸਤਿੰਦਰ ਸਿੰਗਲਾ ਦੇ ਮਾਨਸਾ ਸਥਿਤ ਘਰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਰਿਹਾ।
ਜਾਣਕਾਰੀ ਅਨੁਸਾਰ ਸ਼ਿਵ ਸੈਨਾ ਸ਼ਿੰਦੇ ਗਰੁੱਪ ਪੰਜਾਬ ਦੀ ਇਕ ਮੀਟਿੰਗ ਸੂਬਾ ਪ੍ਰਧਾਨ ਹਰੀਸ਼ ਸਿੰਗਲਾ ਦੀ ਅਗਵਾਈ ਵਿਚ ਪਟਿਆਲਾ ਵਿਖੇ ਹੋਈ। ਜਿਸ ਵਿਚ ਸ਼ਿਵ ਸੈਨਾ ਦੇ ਚੇਅਰਮੈਨ ਅਤੇ ਹੋਰ ਵੱਖ ਵੱਖ ਜ਼ਿਲਿਆਂ ਦੇ ਪ੍ਰਧਾਨਾਂ ਨੇ ਸ਼ਮੂਲੀਅਤ ਕੀਤੀ। ਇਸ ਮੀਟਿੰਗ ਵਿਚ ਸ਼ਿਵ ਸੈਨਾ ਵਲੋਂ ਆਉਂਦੀਆਂ ਲੋਕ ਸਭਾ ਚੋਣਾਂ ਬਾਰੇ ਗੰਭੀਰਤਾ ਨਾਲ ਵਿਚਾਰ ਚਰਚਾ ਕੀਤੀ ਗਈ। ਜਿਸ ਦੌਰਾਨ ਮਾਨਸਾ ਦੇ ਸਤਿੰਦਰ ਸਿੰਗਲਾ ਨੂੰ ਸ਼ਿਵ ਸੈਨਾ ਸ਼ਿੰਦੇ ਗਰੁੱਪ ਦਾ ਸੂਬਾ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ ਅਤੇ ਭਾਰੀ ਇਕੱਠ ਵਿਚ ਉਨ੍ਹਾਂ ਦੀ ਚੋਣ ਕੀਤੀ ਗਈ। ਨਿਯੁਕਤੀ ਉਪਰੰਤ ਜਗਬਾਣੀ ਨਾਲ ਵਿਸ਼ੇਸ਼ ਭੇਟਵਾਰਤਾ ’ਚ ਨਵਨਿਯੁਕਤ ਸ਼ਿਵ ਸੈਨਾ ਸ਼ਿੰਦੇ ਗਰੁੱਪ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਸਤਿੰਦਰ ਸਿੰਗਲਾ ਨੇ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਨੁਸਾਰ ਦਿੱਤੀਆਂ ਗਈਆਂ ਜਿੰਮੇਵਾਰੀਆਂ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਜੋੜਨ ਲਈ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਲਈ ਕੰਮ ਕਰਨਾ ਆਪਣੀ ਖੁਸ਼ੀ ਸਮਝਦੇ ਹਨ ਇਸ ਲਈ ਪਾਰਟੀ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਇਕ ਵੱਡੀ ਜਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਹੈ। ਸਤਿੰਦਰ ਸਿੰਗਲਾ ਨੇ ਕਿਹਾ ਕਿ ਉਨ੍ਹਾਂ ਹਮੇਸ਼ਾ ਹੀ ਲੋਕਾਂ ਦੇ ਮਸਲਿਆਂ ਨੂੰ ਤਰਜੀਹ ਦਿੱਤੀ ਹੈ। ਆਉਣ ਵਾਲੇ ਸਮੇਂ ਵਿਚ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੁੱਦਿਆਂ ਦੀ ਗੱਲ ਕਰਨ ਵਾਲੀਆਂ ਪਾਰਟੀਆਂ ਦਾ ਹੀ ਰਾਜ ਹੋਵੇਗਾ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਅਗਰ ਹਮਖਿਆਲੀ ਪਾਰਟੀਆਂ ਨਾਲ ਸ਼ਿਵ ਸੈਨਾ ਦਾ ਸਮਝੌਤਾ ਨਾ ਹੋਇਆ ਤਾਂ ਉਹ ਪੰਜਾਬ ਵਿਚ 13 ਦੀਆਂ 13 ਲੋਕ ਸਭਾ ਚੋਣਾਂ ਆਪਣੇ ਦਮ ਤੇ ਲੜ ਕੇ ਜਿੱਤ ਪ੍ਰਾਪਤ ਕਰੇਗੀ। ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਸ਼ਿੰਦੇ ਗਰੁੱਪ ਇਕ ਲੋਕ ਹਿੱਤੂ ਸੰਗਠਨ ਹੈ। ਉਨ੍ਹਾਂ ਨੂੰ ਖੁਸ਼ੀ ਹੈ ਕਿ ਪਾਰਟੀ ਨੇ ਉਨ੍ਹਾਂ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਜੋ ਜਿੰਮੇਵਾਰੀ ਦਿੱਤੀ, ਜਿਸ ਸਦਕਾ ਉਨ੍ਹਾਂ ਨੂੰ ਪਾਰਟੀ ਲਈ ਕੰਮ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਉਹ ਜਲਦ ਹੀ ਹਾਈਕਮਾਂਡ ਦੀ ਸਹਿਮਤੀ ਨਾਲ ਪੰਜਾਬ ਦੇ ਵੱਖ ਵੱਖ ਜ਼ਿਲਿਆਂ ਦਾ ਦੌਰਾ ਕਰਕੇ ਵਰਕਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਦਾ ਹੌਂਸਲਾ ਵਧਾ ਕੇ ਪਾਰਟੀ ਦੀ ਮਜਬੂਤੀ ਲਈ ਕੰਮ ਕਰਨਗੇ ਅਤੇ ਉਹ ਦਿਨ ਦੂਰ ਨਹੀਂ, ਜਦੋਂ ਸ਼ਿਵ ਸੈਨਾ ਇਕ ਮਜਬੂਤ ਪਾਰਟੀ ਵਜੋਂ ਬਣ ਕੇ ਉਭਰੇਗੀ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਹਰ ਸੰਭਵ ਯਤਨ ਕਰਨ।
ਫੋਟੋ: ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਤਿੰਦਰ ਸਿੰਗਲਾ।

NO COMMENTS