ਚੰਡੀਗੜ੍ਹ, 21 ਮਈ (ਸਾਰਾ ਯਹਾਂ/ਬਿਊਰੋ ਨਿਊਜ਼ ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸੂਬਾ ਵਾਸੀਆਂ ਖ਼ਾਸਕਰ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਡਿੱਗਣ ਤੋਂ ਰੋਕਣ ਲਈ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ।
ਸ. ਸੰਧਵਾਂ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਦੀ ਹੋ ਰਹੀ ਦੁਰਵਰਤੋਂ ਕਾਰਨ ਪੰਜਾਬ ਭਰ ਵਿੱਚ ਪਾਣੀ ਦਾ ਪੱਧਰ ਤੇਜ਼ੀ ਨਾਲ ਡਿੱਗ ਰਿਹਾ ਹੈ ਅਤੇ ਸੂਬੇ ਦੇ 150 ਬਲਾਕਾਂ ਵਿੱਚੋਂ 78 ਫ਼ੀਸਦੀ ਤੋਂ ਵੱਧ ਜ਼ਮੀਨੀ ਪਾਣੀ ਦੇ ਹੇਠਾਂ ਜਾਣ ਕਾਰਨ ‘ਡਾਰਕ ਜ਼ੋਨ’ ਵਿੱਚ ਆ ਗਏ ਹਨ।
ਤੇਜ਼ੀ ਨਾਲ ਡਿੱਗ ਰਹੇ ਧਰਤੀ ਹੇਠਲੇ ਪਾਣੀ ਦੇ ਪੱਧਰ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ ਸਪੀਕਰ ਨੇ ਕਿਹਾ ਕਿ ਕਿਸਾਨਾਂ ਨੂੰ ਰਵਾਇਤੀ ਝੋਨੇ ਦੀ ਲੁਆਈ ਤੋਂ ਸਿੱਧੀ ਬਿਜਾਈ ਵਰਗੀ ਉੱਨਤ ਤਕਨੀਕ ਵੱਲ ਪ੍ਰੇਰਿਤ ਕਰਨਾ ਸਮੇਂ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵੱਲੋਂ ਦੇਸ਼ ਦੇ ਅੰਨ ਭੰਡਾਰ ਵਿੱਚ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ। ਦੇਸ਼ ਦਾ ਢਿੱਡ ਭਰਨ ਲਈ ਪੰਜਾਬ ਨੇ ਕਣਕ-ਝੋਨੇ ਫ਼ਸਲਾਂ ਦੀ ਉਪਜ ਕੀਤੀ ਅਤੇ ਧਰਤੀ ਹੇਠਲੇ ਪਾਣੀ ਦਾ ਵੱਧ ਤੋਂ ਵੱਧ ਵਰਤਿਆ ਜਿਸ ਦੇ ਸਿੱਟੇ ਵਜੋਂ ਧਰਤੀ ਹੇਠਲੇ ਪਾਣੀ ਦਾ ਪੱਧਰ ਦਿਨ-ਬ-ਦਿਨ ਡਿੱਗਦਾ ਜਾ ਰਿਹਾ, ਜੋ ਗੰਭੀਰ ਚਿੰਤਾ ਦਾ ਵਿਸ਼ਾ ਹੈ।
ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਨੂੰ ਅਪਣਾਉਣ ਦੇ ਮਨਸ਼ੇ ਨਾਲ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਦੀ ਤਕਨੀਕ ਅਪਣਾਉਣ ਲਈ ਉਤਸ਼ਾਹਿਤ ਕਰਨ ਦੀ ਵਿਲੱਖਣ ਪਹਿਲ ਕੀਤੀ ਗਈ ਹੈ। ਇਸ ਮਕਸਦ ਦੀ ਪੂਰਤੀ ਲਈ ਸਰਕਾਰ ਨੇ ਕਿਸਾਨਾਂ ਨੂੰ ਸਿੱਧੀ ਬਿਜਾਈ ਲਈ ਪ੍ਰਤੀ ਏਕੜ 1500 ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ ਹੈ ਤਾਂ ਜੋ ਕਿਸਾਨ ਝੋਨੇ ਦੀ ਲੁਆਈ ਲਈ ਰਵਾਇਤੀ ਤਰੀਕੇ ਛੱਡ ਕੇ ਪਾਣੀ ਦੀ ਬੱਚਤ ਕਰਨ ਦੇ ਉਦਮਾਂ ‘ਚ ਆਪਣਾ ਬਣਦਾ ਯੋਗਦਾਨ ਪਾ ਸਕਣ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਕਰਨ ਅਤੇ ਪਾਣੀ ਬਚਾਉਣ ‘ਚ ਅਹਿਮ ਭੂਮਿਕਾ ਨਿਭਾਉਣ। ਉਨ੍ਹਾਂ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਤਹਿਤ ਵੱਖੋ-ਵੱਖ ਫ਼ਸਲਾਂ ਜਿਵੇਂ ਮੂੰਗੀ, ਮੱਕੀ, ਦਾਲਾਂ ਅਤੇ ਬਾਜਰੇ ਸਮੇਤ ਬਦਲਵੀਂ ਫ਼ਸਲਾਂ ਦੀ ਪੈਦਾਵਾਰ ਕਰਨ ਦੀ ਅਪੀਲ ਵੀ ਕੀਤੀ।
ਸ. ਸੰਧਵਾਂ ਨੇ ਕਿਹਾ ਕਿ ਭੂ ਵਿਗਿਆਨ ਦੀਆਂ ਰਿਪੋਰਟਾਂ ਮੁਤਾਬਿਕ ਪੰਜਾਬ ਦਾ ਪਾਣੀ 2039 ਤੱਕ ਖਤਰਨਾਕ ਪੱਧਰ ਤੱਕ ਹੇਠਾਂ ਜਾ ਸਕਦਾ ਹੈ। ਇਸ ਲਈ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪੰਜਾਬ ਦੇ ਕਿਸਾਨਾਂ ਨੂੰ ਅਪੀਲ ਹੈ ਕਿ ਉਹ ਸਿੰਜਾਈ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਅਤੇ ਜ਼ਮੀਨੀ ਪਾਣੀ ਦੀ ਵਰਤੋਂ ਅਤਿ ਜ਼ਰੂਰਤਮੰਦ ਹਲਾਤਾਂ ਵਿੱਚ ਹੀ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਜ਼ਿੰਮੇਵਾਰ ਨਾਗਰਿਕ ਹੋਣ ਸਦਕਾ ਸਾਨੂੰ ਆਪਣੇ ਘਰਾਂ ਵਿੱਚ ਵੀ ਪਾਣੀ ਦੀ ਸੰਜਮ ਨਾਲ ਵਰਤੋਂ ਕਰਨੀ ਚਾਹੀਦੀ ਹੈ ਅਤੇ ਲੋੜ ਅਨੁਸਾਰ ਪਾਣੀ ਵਰਤਣਾ ਚਾਹੀਦਾ ਹੈ। ਘਰਾਂ ਦੀਆਂ ਫਾਲਤੂ ਚਲ ਰਹੀਆਂ ਅਤੇ ਨਿਰੰਤਰ ਲੀਕ ਹੋ ਰਹੀਆਂ ਟੂਟੀਆਂ ਨੂੰ ਦਰੁਸਤ ਕਰਾਉਣਾ ਚਾਹੀਦਾ ਹੈ।———-