ਚੰਡੀਗੜ੍ਹ, 5 ਮਈ (ਸਾਰਾ ਯਹਾਂ/ ਮੁੱਖ ਸੰਪਾਦਕ ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ‘ਆਪ’ ਸਰਕਾਰ ਦੇ 50 ਦਿਨ ਪੂਰੇ ਹੋਣ ‘ਤੇ ਵੱਡੀ ਪੱਧਰ ਉਤੇ ਭਰਤੀ ਮੁਹਿੰਮ ਚਲਾਉਣ ਦਾ ਐਲਾਨ ਕਰਦੇ ਹੋਏ ਯੋਗ ਉਮੀਦਵਾਰਾਂ ਨੂੰ ਉਨ੍ਹਾਂ ਦੀ ਵਿਦਿਅਕ ਯੋਗਤਾ ਮੁਤਾਬਕ ਨਿਰੋਲ ਮੈਰਿਟ ਦੇ ਆਧਾਰ ਉਤੇ ਨੌਕਰੀਆਂ ਦੇਣ ਦੀ ਵਚਨਬੱਧਤਾ ਨੂੰ ਦੁਹਰਾਇਆ।
ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹੀ ਜਾਵੇਗੀ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਵੱਡੇ ਪੱਧਰ ਉਤੇ ਚੱਲ ਰਹੀ ਭਰਤੀ ਮੁਹਿੰਮ ਵਿਚ ਸਿਫ਼ਾਰਸ਼ ਜਾਂ ਰਿਸ਼ਵਤਖੋਰੀ ਨੂੰ ਕੋਈ ਥਾਂ ਨਹੀਂ ਮਿਲੇਗੀ।
ਇੱਕ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ 25 ਵੱਖ-ਵੱਖ ਵਿਭਾਗਾਂ ਵਿੱਚ 26,454 ਅਸਾਮੀਆਂ ਲਈ ਭਰਤੀ ਭ੍ਰਿਸ਼ਟਾਚਾਰ ਮੁਕਤ ਅਤੇ ਬਿਨਾਂ ਕਿਸੇ ਪੱਖਪਾਤ ਤੋਂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਅਖਬਾਰਾਂ ਵਿੱਚ ਵਿਸਥਾਰਪੂਰਵਕ ਇਸ਼ਤਿਹਾਰ ਜਾਰੀ ਕਰ ਦਿੱਤਾ ਹੈ, ਜਿਸ ਵਿੱਚ ਵਿਦਿਅਕ ਯੋਗਤਾ ਦੇ ਅਨੁਸਾਰ ਅਪਲਾਈ ਕਰਨ ਦੇ ਚਾਹਵਾਨ ਉਮੀਦਵਾਰਾਂ ਦੀ ਸਹੂਲਤ ਲਈ ਖਾਲੀ ਅਸਾਮੀਆਂ ਦੀ ਗਿਣਤੀ, ਭਰਤੀ ਏਜੰਸੀਆਂ (ਪੀ.ਪੀ.ਐਸ.ਸੀ./ਐਸ.ਐਸ.ਐਸ.ਬੀ./ਤੀਜੀ ਧਿਰ/ਵਿਭਾਗ) ਅਤੇ ਭਰਤੀ ਦੇ ਵੇਰਵੇ ਜਾਣਨ ਵਿਭਾਗੀ ਵੈਬਸਾਈਟਾਂ ਦੇ ਲਿੰਕ ਸ਼ਾਮਲ ਕੀਤੇ ਗਏ ਹਨ।
ਨੌਜਵਾਨਾਂ ਲਈ ਰੁਜ਼ਗਾਰ ਦੇ ਬੇਸ਼ੁਮਾਰ ਮੌਕਿਆਂ ਦਾ ਵਾਅਦਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਛੇਤੀ ਹੀ ਸਰਕਾਰੀ ਅਤੇ ਪ੍ਰਾਈਵੇਟ ਖੇਤਰਾਂ ਵਿਚ ਹੋਰ ਨੌਕਰੀਆਂ ਵੀ ਲੈ ਕੇ ਆਵੇਗੀ ਤਾਂ ਜੋ ਨੌਜਵਾਨਾਂ ਨੂੰ ਮਾਣ-ਇੱਜ਼ਤ ਨਾਲ ਜੀਵਨ ਬਤੀਤ ਕਰਨ ਲਈ ਰੋਜ਼ੀ-ਰੋਟੀ ਦੇ ਸਮਰਥ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੇ ਜਾਣ ਵਾਲੇ ਕਈ ਹੋਰ ਲੋਕ-ਪੱਖੀ ਪਹਿਲਕਦਮੀਆਂ ਦਾ ਵੀ ਜ਼ਿਕਰ ਕੀਤਾ ਜਿਨ੍ਹਾਂ ਦਾ ਐਲਾਨ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਪੇਸ਼ ਹੋਣ ਵਾਲੇ ਸਾਲਾਨਾ ਆਮ ਬਜਟ 2022-23 ਵਿੱਚ ਕੀਤਾ ਜਾਵੇਗਾ।
———