
18 ਅਪ੍ਰੈਲ (ਸਾਰਾ ਯਹਾਂ/ਮੁੱਖ ਸੰਪਾਦਕ) ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮਾਨਸਾ ਦੀ ਵਿਦਿਆਰਥਣ ਰਾਣੀ ਨੇ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਦਿਆਂ 14ਵਾਂ ਰੈਂਕ ਹਾਸਿਲ ਕੀਤਾ ਹੈ। ਸਕੂਲ ਪ੍ਰਿੰਸੀਪਲ ਸ਼੍ਰੀਮਤੀ ਗੁਰਸਿਮਰ ਕੌਰ ਨੇ ਬੱਚੀ ਦੀ ਇਸ ਪ੍ਰਾਪਤੀ ‘ਤੇ ਮਾਣ ਮਹਿਸੂਸ ਕਰਦਿਆਂ ਸਮੂਹ ਸਟਾਫ਼ ਅਤੇ ਮਾਪਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਸ ਦਾ ਸਿਹਰਾ ਅਧਿਆਪਕਾਂ ਦੀ ਅਣਥੱਕ ਮਿਹਨਤ ਨੂੰ ਜਾਂਦਾ ਹੈ। ਸਕੂਲ ਦੇ ਪੰਜਾਬੀ ਅਧਿਆਪਕ ਡਾ. ਵਿਨੋਦ ਮਿੱਤਲ ਨੇ ਦੱਸਿਆ ਕਿ ਇਸ ਵਿਦਿਆਰਥਣ ਨੇ ਮੈਰਿਟ ਦੇ ਨਾਲ-ਨਾਲ ਪੂਰੇ ਮਾਨਸਾ ਜਿਲ੍ਹੇ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥਣ ਇੱਕ ਗਰੀਬ ਪਰਿਵਾਰ ‘ਚੋਂ ਹੈ ਅਤੇ ਪੜ-ਲਿਖ ਕੇ ਡਾਕਟਰ ਬਣਨਾ ਚਾਹੁੰਦੀ ਹੈ। ਜਮਾਤ ਇੰਚਾਰਜ਼ ਸ਼੍ਰੀਮਤੀ ਸ਼ਿਲਪਾ ਨੇ ਕਿਹਾ ਕਿ ਇਹ ਵਿਦਿਆਰਥਣ ਪੜਾਈ ਵਿੱਚ ਬਹੁਤ ਹੁਸ਼ਿਆਰ ਹੋਣ ਦੇ ਨਾਲ-ਨਾਲ ਬਹੁਤ ਨਿਮਰ ਸੁਭਾਅ ਦੀ ਹੈ ਅਤੇ ਪਹਿਲਾ ਵੀ ਵੱਖ-ਵੱਖ ਮੁਕਾਬਲਿਆਂ ਵਿੱਚ ਚੰਗੀਆਂ ਪੁਜੀਸ਼ਨਾਂ ਪ੍ਰਾਪਤ ਕਰਦੀ ਰਹੀ ਹੈ।
