(ਸਾਰਾ ਯਹਾਂ/ ਮੁੱਖ ਸੰਪਾਦਕ) ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਹੈ ਕਿ ਉਹ ਜਲੰਧਰ ਦੀਆਂ ਗਲੀਆਂ ਵਿੱਚ ਘੁੰਮ ਕੇ ਪੰਜਾਬ ਸਰਕਾਰ ਵੱਲੋਂ ਸਿੱਧੂ ਮੂਸੇਵਾਲਾ ਦੀ ਜਾਂਚ ਪ੍ਰਤੀ ਅਪਣਾਏ ਜਾ ਰਹੇ ਰਵੱਈਏ ਬਾਰੇ ਲੋਕਾਂ ਨੂੰ ਜਾਗਰੂਕ ਕਰਨਗੇ।
ਇਸ ਮੌਕੇ ਬਲਕੌਰ ਸਿੰਘ ਨੇ ਕਿਹਾ ਕਿ ਮੰਤਰੀ ਵੱਲੋਂ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਉਨ੍ਹਾਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਈ ਜਾਵੇਗੀ ਪਰ ਇੰਨੇ ਦਿਨ ਲੰਘ ਜਾਣ ਦੇ ਬਾਵਜੂਦ ਵੀ ਮੁੱਖ ਮੰਤਰੀ ਨਾਲ ਕੋਈ ਸੰਪਰਕ ਨਹੀਂ ਕਰਵਾਇਆ ਗਿਆ।
ਲਾਰੈਂਸ ਬਿਸ਼ਨੋਈ ਦੇ ਖ਼ਿਲਾਫ਼ ਲੜਾਈ ਜਾਰੀ ਰੱਖੀ ਜਾਵੇਗੀ
ਇਸ ਦੌਰਾਨ ਬਲਕੌਰ ਸਿੰਘ ਨੇ ਕਿਹਾ ਕਿ ਉਹ ਲਾਰੈਂਸ ਬਿਸ਼ਨੋਈ ਦੇ ਖ਼ਿਲਾਫ਼ ਆਪਣੀ ਲੜਾਈ ਜਾਰੀ ਰੱਖਣਗੇ। ਜੇ ਇਸ ਸੰਘਰਸ਼ ਵਿੱਚ ਸਿੱਧੂ ਮੂਸੇਵਾਲ ਦੇ ਨਾਲ ਉਨ੍ਹਾਂ ਦਾ ਬੁੱਤ ਵੀ ਲੱਗ ਗਿਆ ਤਾਂ ਵੀ ਉਹ ਲਗਾਤਾਰ ਇਨਸਾਫ਼ ਲਈ ਲੜਦੇ ਰਹਿਣਗੇ।
ਬਰਸੀ ਵਾਲੇ ਦਿਨ ਮੂਸੇਵਾਲਾ ਦੀ ਦੂਜੀ ਵਾਰ ਹੋਈ ਮੌਤ
ਬਲਕੌਰ ਸਿੰਘ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਬਰਸੀ ਨੂੰ ਲੈ ਵੱਡੀ ਸਾਜ਼ਿਸ਼ ਰਚੀ ਗਈ ਸੀ। ਬਰਸੀ ਨੂੰ ਫੇਲ੍ਹ ਕਰਨ ਲਈ ਸਰਕਾਰੀ ਤੰਤਰ ਨੇ ਪੂਰਾ ਜ਼ੋਰ ਲਾਇਆ ਪਰ ਇਸ ਦੇ ਬਾਵਜੂਦ ਵੀ ਲੋਕ ਵੱਡੀ ਗਿਣਤੀ ਵਿੱਚ ਸਮਾਗਮ ਵਿੱਚ ਹਾਜ਼ਰ ਹੋਏ। ਪਰ ਸਰਕਾਰੀ ਤੰਤਰ ਕਾਰਨ ਉਨ੍ਹਾਂ ਦੇ ਬੇਟੇ ਦੀ ਬਰਸੀ ਵਾਲੇ ਦਿਨ ਦੂਜੀ ਵਾਰ ਮੌਤ ਹੋ ਗਈ।
ਲਾਰੈਂਸ ਨੂੰ ਰਾਸ਼ਟਰਵਾਦੀ ਕਿਹਾ ਜਾ ਰਿਹੈ ਪਰ..
ਸਿੱਧੂ ਦੇ ਪਿਤਾ ਨੇ ਇਹ ਵੀ ਕਿਹਾ ਕਿ ਲਾਰੈਂਸ ਬਿਸ਼ਨੋਈ ਨੂੰ ਰਾਸ਼ਟਰਵਾਦੀ ਕਿਹਾ ਜਾ ਰਿਹਾ ਹੈ ਜਦੋਂ ਕਿ ਉਸ ਦੇ ਹੱਥ ਬੇਕਸੂਰ ਨੌਜਵਾਨਾਂ ਦੇ ਖੂਨ ਨਾਲ ਰੰਗੇ ਹੋਏ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਦਾ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ ਤੇ ਕਿਸੇ ਧਮਕੀ ਤੋਂ ਨਹੀਂ ਡਰਨਗੇ।