ਮਾਨਸਾ, 12 ਅਪ੍ਰੈਲ (ਸਾਰਾ ਯਹਾਂ/ ਮੁੱਖ ਸੰਪਾਦਕ ) : ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਜਸਪ੍ਰੀਤ ਸਿੰਘ ਨੇ ਅੱਜ ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਜ਼ਿਲੇ ਅੰਦਰ ਚਲ ਰਹੇ ਕੰਮਾਂ ਅਤੇ ਸਮੂਹ ਵਿਭਾਗਾਂ ਦੀਆਂ ਸਕੀਮਾਂ ਦਾ ਜਾਇਜ਼ਾ ਲੈਣ ਲਈ ਪਲੇਠੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸ੍ਰੀ ਜਸਪ੍ਰੀਤ ਸਿੰਘ ਨੇ ਵਿਭਾਗੀ ਅਧਿਕਾਰੀਆਂ ਨੂੰ ਰਾਜ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਦਫਤਰਾਂ ’ਚ ਲੋਕਾਂ ਦੇ ਕੰਮਾਂ ਨੂੰ ਸਮਾਂਬੱਧ ਅਤੇ ਸੁਖਾਵੇਂ ਮਾਹੌਲ ’ਚ ਨਜਿੱਠਣ ਦੇ ਆਦੇਸ਼ ਜਾਰੀ ਕੀਤੇ। ਉਨਾਂ ਕਿਹਾ ਕਿ ਹਰੇਕ ਅਧਿਕਾਰੀ ਆਪਣੀ ਡਿਊਟੀ ਨੂੰ ਸਮਰਪਿਤ ਰਹਿ ਕੇ ਰਾਜ ਸਰਕਾਰ ਦੀਆਂ ਯੋਜਨਾਵਾਂ ਨੂੰ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣਾ ਲਾਜ਼ਮੀ ਬਣਾਵੇ, ਤਾਂ ਜੋ ਸਰਕਾਰੀ ਦਫ਼ਤਰਾਂ ਅੰਦਰ ਆਪਣੇ ਕੰਮਾਂ ਲਈ ਆਉਣ ਵਾਲੇ ਲੋਕਾਂ ਨੂੰ ਕੋਈ ਦਰਪੇਸ਼ ਮੁਸ਼ਕਿਲ ਪੇਸ਼ ਨਾ ਆਵੇ। ਡਿਪਟੀ ਕਮਿਸ਼ਨਰ ਸ੍ਰੀ ਜਸਪ੍ਰੀਤ ਸਿੰਘ ਨੇ ਸਮੂਹ ਕਾਰਜ ਸਾਧਕ ਅਫ਼ਸਰਾਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਨਗਰ ਕੋਸ਼ਲ ਦੀ ਹਦੂਦ ਅੰਦਰ ਸਾਫ਼ ਸਫ਼ਾਈ ਦੇ ਕਾਰਜ਼ਾ ਨੂੰ ਹੋਰ ਵਧੇਰੇ ਤਵੱਜ਼ੋਂ ਦਿੱਤੀ ਜਾਵੇ। ਉਨਾਂ ਕਿਹਾ ਕਿ ਗਰਮੀ ਦੇ ਮੌਸਮ ਦੌਰਾਨ ਡੇਂਗੂ, ਮਲੇਰੀਆ, ਚਿਕਨਗੁਨੀਆਂ ਵਰਗੀਆਂ ਬਿਮਾਰੀਆਂ ਦੀ ਰੋਕਥਾਮ ਲਈ ਸਮੇਂ ਸਮੇਂ ਫੋਗਿੰਗ ਕਰਵਾਈ ਜਾਵੇ। ਉਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਡੇਂਗੂ ਦੇ ਬਚਾਅ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਦੇ ਆਦੇਸ਼ ਜਾਰੀ ਕੀਤੇ। ਉਨਾਂ ਕਿਹਾ ਕਿ 18, 20 ਅਤੇ 22 ਅਪ੍ਰੈਲ ਨੂੰ ਸਿਹਤ ਸੇਵਾਵਾਂ ਸਬੰਧੀ ਲਗਾਏ ਜਾ ਰਹੇ ਮੇਲਿਆਂ ਦੌਰਾਨ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਬਣਨ ਵਾਲੇ ਬੀਮਾ ਕਾਰਡਾਂ ਲਈ ਵੀ ਜਾਗਰੂਕ ਕੀਤਾ ਜਾਵੇ। ਸ੍ਰੀ ਜਸਪ੍ਰੀਤ ਸਿੰਘ ਨੇ ਸਮੂਹ ਐਸ.ਡੀ.ਐਮਜ਼ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੇ ਮੱਦੇਨਜ਼ਰ ਸਕੂਲੀ ਵਾਹਨਾ ਦੀ ਚੈਕਿੰਗ ਕਰਨ ਲਈ ਕਿਹਾ। ਉਨਾਂ ਐਕਸ਼ੀਅਨ ਪੰਚਾਇਤੀ ਰਾਜ ਨੂੰ ਜ਼ਿਲਾ ਵਣ ਅਫ਼ਸਰ ਨਾਲ ਤਾਲਮੇਲ ਕਰਕੇ ਪਿੰਡਾਂ ਅੰਦਰ ਛੱਪੜਾਂ ਦੇ ਚਲ ਰਹੇ ਕੰਮਾਂ ਵਾਲੀ ਥਾਂ ਤੇ ਵਾਤਾਵਰਣ ਦੀ ਸ਼ੁੱਧਤਾ ਲਈ ਪੌਦੇ ਲਗਾਉਣ ਦੀ ਹਦਾਇਤ ਕੀਤੀ। ਉਨਾਂ ਜ਼ਿਲਾ ਪ੍ਰੋਗਰਾਮ ਅਫ਼ਸਰ ਅਤੇ ਲੀਡ ਬੈਂਕ ਮੈਨੇਜ਼ਰ ਨੂੰ ਆਪਸੀ ਤਾਲਮੇਲ ਨਾਲ ਬੇਟੀ ਬਚਾਓ ਬੇਟੀ ਪੜਾਓ ਯੋਜਨਾ ਤਹਿਤ ਯੋਗ ਅਤੇ ਲੋੜਵੰਦ ਧੀਆਂ ਦੇ ਖਾਤੇ ਖੋਲਣ ਲਈ ਕਾਰਵਾਈ ਅਮਲ ’ਚ ਲਿਆਉਣ ਦੀ ਹਦਾਇਤ ਕੀਤੀ। ਉਨਾਂ ਕਿਰਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਰਤੀ ਮਜ਼ਦੂਰਾਂ ਦੇ ਖਾਤੇ ਖੋਲਣ ਲਈ ਕੈਂਪਾਂ ਦੀ ਯੋਜਨਾ ਬਣਾਉਣ ਲਈ ਕਿਹਾ, ਤਾਂ ਜੋ ਹਰੇਕ ਯੋਗ ਲਾਭਪਾਤਰੀ ਰਾਜ ਸਰਕਾਰ ਦੀ ਭਲਾਈ ਯੋਜਨਾ ਦਾ ਲਾਭ ਲੈ ਸਕੇ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ੍ਰੀ ਜਸਪ੍ਰੀਤ ਸਿੰਘ ਨੇ ਪਸ਼ੂ ਪਾਲਣ ਵਿਭਾਗ, ਮੱਛੀ ਪਾਲਣ ਵਿਭਾਗ, ਖੇਤੀਬਾੜੀ ਵਿਭਾਗ, ਜ਼ਿਲਾ ਸਮਾਜਿਕ ਨਿਆਂ, ਅਧਿਕਾਰਤਾਅਤੇ ਘੱਟ ਗਿਣਤੀ ਵਿਭਾਗ, ਮੰਡਲ ਭੂਮੀ ਰੱਖਿਆ, ਜ਼ਿਲਾ ਮੰਡੀ ਅਫ਼ਸਰ, ਸਮਾਜਿਕ ਸੁਰੱਖਿਆ ਵਿਭਾਗ, ਜ਼ਿਲਾ ਖੇਡ ਅਫਸਰ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਪ੍ਰਗਤੀ ਅਧੀਨ ਕਾਰਜ਼ਾਂ ਅਤੇ ਹੋਰ ਵਿਭਾਗੀ ਯੋਜਨਾਵਾਂ ਦਾ ਵਿਸਥਾਰ ਪੂਰਵਕ ਜਾਇਜ਼ਾ ਲਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ/ਵਿਕਾਸ) ਅਮਰਪ੍ਰੀਤ ਕੌਰ ਸੰਧੂ, ਐਸ.ਡੀ.ਐਮ. ਮਾਨਸਾ ਹਰਜਿੰਦਰ ਸਿੰਘ ਜੱਸਲ, ਐਸ.ਡੀ.ਐਮ. ਸਰਦੂਲਗੜ ਮਨੀਸ਼ਾ ਰਾਣਾ, ਐਸ.ਡੀ.ਐਮ. ਬੁਢਲਾਡਾ ਕਾਲਾ ਰਾਮ ਕਾਂਸਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।