
ਮਾਨਸਾ, 03 ਮਈ (ਸਾਰਾ ਯਹਾਂ/ ਮੁੱਖ ਸੰਪਾਦਕ) : ਹਲਕਾ ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਰਾਜ ਵਿੱਚ ਗਰਮੀ ਦੇ ਮੌਸਮ ਨੂੰ ਵੇਖਦਿਆਂ ਅਤੇ ਬਿਜਲੀ ਦੀ ਬੱਚਤ ਲਈ ਸਰਕਾਰੀ ਦਫ਼ਤਰਾਂ ਦਾ ਸਮਾਂ 2 ਮਈ ਤੋਂ 15 ਜੁਲਾਈ 2023 ਤੱਕ ਸਵੇਰੇ 7:30 ਤੋਂ ਦੁਪਹਿਰ 2 ਵਜੇ ਤੱਕ ਕਰਨ ਦਾ ਬਹੁਤ ਹੀ ਸ਼ਲਾਘਾਯੋਗ ਫੈਸਲਾ ਲਿਆ ਹੈ। ਸਰਕਾਰੀ ਦਫ਼ਤਰਾਂ ਵਿਚ ਸਮੇਂ ਦੀ ਤਬਦੀਲੀ ਨਾਲ ਜਿੱਥੇ ਬਿਜਲੀ ਦੀ ਬੱਚਤ ਹੋਵੇਗੀ ਉੱਥੇ ਲੋਕ ਵੀ ਆਪਣੇ ਸਰਕਾਰੀ ਕੰਮ-ਕਾਜ ਦਫ਼ਤਰਾਂ ਵਿੱਚ ਸਵੇਰੇ-ਸਵੇਰੇ ਜਾ ਕੇ ਨਿਪਟਾ ਸਕਣਗੇ।
ਵਿਧਾਇਕ ਬਣਾਂਵਾਲੀ ਨੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਲਏ ਗਏ ਫੈਸਲੇ ਅਨੁਸਾਰ ਸਮੇਂ ਸਿਰ ਦਫ਼ਤਰ ਆਉਣ ਅਤੇ ਦਫ਼ਤਰ ਆਉਣ ਵਾਲੇ ਲੋਕਾਂ ਦੇ ਕੰਮ ਨੂੰ ਪਹਿਲ ਦੇ ਆਧਾਰ ’ਤੇ ਨਿਪਟਾਉਣ ਤਾਂ ਜੋ ਉਹ ਸਮੇਂ ਸਿਰ ਵਾਪਸ ਆਪਣੇ ਘਰ ਜਾ ਸਕਣ ਅਤੇ ਰੋਜ਼ਮਰਾ ਦੇ ਕੰਮ ਕਰ ਸਕਣ। ਉਨ੍ਹਾਂ ਕਿਹਾ ਕਿ ਗਰਮੀਆਂ ਵਿੱਚ ਬਿਜਲੀ ਦੀ ਮੰਗ ਬਹੁਤ ਜ਼ਿਆਦਾ ਹੁੰਦੀ ਹੈ ਜਿਸ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਮੰਤਰੀ ਪੰਜਾਬ ਵੱਲੋਂ ਦਫ਼ਤਰੀ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ, ਜਿਸ ਨਾਲ ਬਿਜਲੀ ਦੀ ਖਪਤ ਵਿੱਚ ਕਾਫੀ ਕਮੀ ਆਵੇਗੀ।
