*ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ ਘਰ ਘਰ ਜਾ ਕੇ ਦਾਖਲਾ ਮੁਹਿੰਮ ਭਖਾਈ*

0
90

ਬੁਢਲਾਡਾ 21,,ਮਾਰਚ (ਸਾਰਾ ਯਹਾਂ /ਅਮਨ ਮਹਿਤਾ) : ਸੂਬੇ ਦਾ ਸਕੂਲ ਸਿੱਖਿਆ ਵਿਭਾਗ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੀ ਨੁਹਾਰ ਉੱਚ ਮਿਆਰੀ ਸਕੂਲਾਂ ਦੇ ਹਾਣ ਦੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ।ਹੁਣ ਜਿੱਥੇ ਸਾਡੇ ਸਕੂਲ ਸਮਾਰਟ ਸਕੂਲ ਬਣ ਰਹੇ ਹਨ ਉੱਥੇ ਪਿਛਲੇ ਸੈਸ਼ਨ ਦੌਰਾਨ ਵਿਦਿਆਰਥੀ ਦਾਖ਼ਲਿਆਂ ਸਮੇਂ ਸਕੂਲਾਂ ਦੀ ਤਾਲਾਬੰਦੀ ਦੇ ਬਾਵਜੂਦ ਸਰਕਾਰੀ ਸਕੂਲਾਂ ਵਿੱਚ ਹੋਏ ਵਿਦਿਆਰਥੀਆਂ ਦੇ ਦਾਖ਼ਲਿਆਂ ਵਿੱਚ ਵਾਧੇ ਨੂੰ ਇਸ ਵਾਰ ਸਰਕਾਰੀ ਸਕੂਲ ਹੋਰ ਵੀ ਵਿਸਥਾਰ ਦੇਣ ਲਈ ਲਗਾਤਾਰ ਯਤਨਸ਼ੀਲ ਹਨ।
ਸਿੱਖਿਆ ਅਧਿਕਾਰੀਆਂ ਅਤੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਪੂਰੇ ਜੋਸ਼ ਅਤੇ ਵਿਸ਼ਵਾਸ  ਨਾਲ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।ਸਰਕਾਰੀ ਸਕੂਲਾਂ ਦੇ ਅਧਿਆਪਕ ਸਕੂਲ ਸਮੇਂ ਦੇ ਨਾਲ ਨਾਲ ਸਵੇਰ ਅਤੇ ਸ਼ਾਮ ਦੇ ਸਮੇਂ ਵੀ ਘਰਾਂ ਵਿੱਚ ਜਾ ਕੇ ਮਾਪਿਆਂ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਲਈ ਪ੍ਰੇਰਿਤ ਕਰਦੇ ਵੇਖੇ ਜਾ ਸਕਦੇ ਹਨ।ਤਕਰੀਬਨ ਸਾਰੇ ਹੀ ਸਕੂਲਾਂ ਵੱਲੋਂ ਸਰਕਾਰੀ ਸਕੂਲਾਂ ਵਿੱਚ ਉਪਲਬਧ ਸਹੂਲਤਾਂ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਵੱਖ ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਦਰਸਾਉਂਦੇ ਫਲੈਕਸ ਅਤੇ ਹੋਰਡਿੰਗ ਤਿਆਰ ਕਰਵਾਏ ਜਾ ਰਹੇ ਹਨ।ਅਧਿਆਪਕ ਖ਼ੁਦ ਇਹ ਫਲੈਕਸਾਂ ਜਨਤਕ ਥਾਵਾਂ ‘ਤੇ ਲਗਾਉਣ ਵਿੱਚ ਮਸਰੂਫ਼ ਨਜ਼ਰ ਆ ਰਹੇ ਹਨ।ਸਕੂਲਾਂ ਵੱਲੋਂ ਨੁੱਕੜ ਨਾਟਕਾਂ ਜਰੀਏ ਵੀ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਦਾ ਸੱਦਾ ਦਿੱਤਾ ਜਾ ਰਿਹਾ ਹੈ।ਸੰਜੀਵ ਕੁਮਾਰ ਬਾਂਸਲ  ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮਾਨਸਾ, ਸੰਜੀਵ ਕੁਮਾਰ  ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਮਾਨਸਾ, ਜਗਰੂਪ ਭਾਰਤੀ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮਾਨਸਾ ਅਤੇ ਗੁਰਲਾਭ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਮਾਨਸਾ ਜੀ ਨੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵੱਲੋਂ ਚਲਾਈ ਜਾ ਰਹੀ ਦਾਖਲਾ ਮੁਹਿੰਮ ਬਾਰੇ ਦੱਸਦਿਆਂ ਕਿਹਾ ਕਿ ਸਮੂਹ ਅਧਿਆਪਕਾਂ ਦੇ ਨਾਲ -ਨਾਲ ਸਿੱਖਿਆ ਗੁਣਵੱਤਾ ਲਈ ਕੰਮ ਕਰ ਰਹੀਆਂ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮਾਂ, ਡੀ.ਐੱਮ,ਜ਼ਿਲ੍ਹਾ ਨੋਡਲ ਅਫ਼ਸਰ ਸਵਾਗਤ ਜ਼ਿੰਦਗੀ ਮਾਨਸਾ,  ਬੀ .ਐੱਮ,ਸਿੱਖਿਆ ਸੁਧਾਰ ਟੀਮ, ਡੀ.ਐੱਸ.ਐੱਮ.,ਵੱਖ- ਵੱਖ ਵਿਸ਼ਿਆਂ ਦੇ ਰਿਸੋਰਸ ਪਰਸਨ,ਵਿਸ਼ਿਆਂ ਦੇ ਜ਼ਿਲ੍ਹਾ ਇੰਚਾਰਜ ਅਤੇ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਸਮੇਤ ਪਿੰਡਾਂ ਦੀਆਂ ਮੋਤਬਰ ਸ਼ਖ਼ਸੀਅਤਾਂ ਮਿਲਕੇ ਸਰਕਾਰੀ ਸਕੂਲਾਂ ਦੀ ਦਾਖਲਾ ਮੁਹਿੰਮ ਨੂੰ ਚਲਾ ਰਹੇ ਹਨ।ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਸਾਡਾ ਮਨੋਰਥ ਹਰ ਬੱਚੇ ਨੂੰ ਬਿਨਾਂ ਖਰਚੇ ਦ ਮਿਆਰੀ ਸਿੱਖਿਆ ਉਪਲਬਧ ਕਰਵਾਉਣਾ ਹੈ।ਸਿੱਖਿਆ ਅਧਿਕਾਰੀਆਂ ਨੇ ਮਾਪਿਆਂ ਨੂੰ ਬੇਲੋੜੇ ਖਰਚੇ ਘਟਾਉਣ ਲਈ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿੱਚ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜਿੱਥੇ ਸਰਕਾਰੀ ਸਕੂਲਾਂ ਵਿੱਚ ਬੱਚੇ ਦੀ ਇੱਛਾ ਅਨੁਸਾਰ ਅੰਗਰੇਜ਼ੀ ਮਾਧਿਅਮ ਉਪਲਬਧ ਕਰਵਾਇਆ ਗਿਆ ਹੈ ਉੱਥੇ ਹੀ ਇੰਗਲਿਸ਼ ਬੂਸਟਰ ਕਲੱਬਾਂ ਅਧੀਨ ਬੱਚਿਆਂ ਦੀ ਅੰਗਰੇਜ਼ੀ ਬੋਲਣ ਦੀ ਝਿਜਕ ਦੂਰ ਕਰਕੇ ਉਨ੍ਹਾਂ ਨੂੰ ਫਰਾਟੇਦਾਰ ਅੰਗਰੇਜ਼ੀ ਬੋਲਣ ਦੇ ਸਮਰੱਥ ਬਣਾਇਆ ਜਾ ਰਿਹਾ ਹੈ।ਅਧਿਕਾਰੀਆਂ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ ਕੀਮਤਾਂ ਦੀ ਸਿੱਖਿਆ ਦੇਣ ਲਈ ਪ੍ਰੇਰਿਕ ਭਾਸ਼ਣਾਂ ਦੇ ਨਾਲ ਨਾਲ ਸਵਾਗਤ ਜ਼ਿੰਦਗੀ ਨਾ ਦਾ ਨਵਾਂ ਵਿਸ਼ਾ ਸ਼ੁਰੂ ਕੀਤਾ ਗਿਆ ਹੈ।ਰੋਜ਼ਾਨਾ ਅੱਜ ਦਾ ਸ਼ਬਦ ਗਤੀਵਿਧੀ ਜਰੀਏ ਵਿਦਿਆਰਥੀਆਂ ਦਾ ਪੰਜਾਬੀ ਅਤੇ ਅੰਗਰੇਜ਼ੀ ਦਾ ਸ਼ਬਦ ਭੰਡਾਰ ਅਮੀਰ ਬਣਾਇਆ ਜਾ ਰਿਹਾ ਹੈ।ਅਧਿਕਾਰੀਆਂ ਨੇ ਕਿਹਾ ਕਿ ਵੱਡੀ ਪੱਧਰ ‘ਤੇ ਮਾਪੇ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿੱਚ ਕਰਵਾਉਣ ਲਈ ਪਹੁੰਚ ਰਹੇ ਹਨ।

NO COMMENTS