-ਸਰਕਾਰੀ ਸਕੂਲਾਂ ਦੇ ਸਟਾਫ਼ ਵੱਲੋਂ ਵਿਦਿਆਰਥੀਆਂ ਅਤੇ ਪਿੰਡ ਵਾਸੀਆਂ ਨੂੰ ਘਰਾਂ ਵਿੱਚ ਜਾ ਕੇ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਕੀਤਾ ਜਾਗਰੂਕ

0
34

ਮਾਨਸਾ, 01 ਜੁਲਾਈ (ਸਾਰਾ ਯਹਾ /ਬਲਜੀਤ ਸ਼ਰਮਾ) : ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੇ ਪ੍ਰਭਾਵ ਨੂੰ ਖ਼ਤਮ ਕਰਨ ਅਤੇ ਇਸਦੀ ਚੇਨ ਨੂੰ ਬਣਨ ਨਾ ਦੇਣ ਦੇ ਮੰਤਵ ਨਾਲ ਵੱਖ-ਵੱਖ ਵਿਭਾਗਾਂ ਵੱਲੋਂ ਲੋਕਾਂ ਨੂੰ ਘਰ-ਘਰ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੇ ਖਾਤਮੇ ਲਈ ਚਲਾਏ ਗਏ ਮਿਸ਼ਨ ਫਤਿਹ ਤਹਿਤ ਅੱਜ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵੱਲੋਂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਪਿੰਡਾਂ ਦੇ ਹੋਰ ਵਿਅਕਤੀਆਂ ਨੂੰ ਘਰ-ਘਰ ਜਾ ਕੇ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਲੋਕਾਂ ਨੂੰ ਮਿਸ਼ਨ ਫਤਿਹ ਯੋਧੇ ਬਣਨ ਲਈ ਪ੍ਰੇਰਿਤ ਕੀਤਾ ਗਿਆ।   ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ਼੍ਰੀ ਸੁਰਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਮਹਿੰਦਰ ਪਾਲ ਦੀਆਂ ਹਦਾਇਤਾਂ ਅਨੁਸਾਰ ਸਕੂਲਾਂ ਦੇ ਸਟਾਫ਼ ਵੱਲੋਂ ਲੋਕਾਂ ਨੂੰ ਕੋਵਿਡ-19 ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਕੁੱਲ 490 ਸੈਕੰਡਰੀ ਅਤੇ ਪ੍ਰਾਇਮਰੀ ਸਰਕਾਰੀ ਸਕੂਲ ਹਨ, ਜਿਨ੍ਹਾਂ ਦੇ ਸਟਾਫ਼ ਵੱਲੋਂ ਅੱਜ ਘਰ-ਘਰ ਜਾ ਕੇ ਲੋਕਾਂ ਨੂੰ ਮਿਸ਼ਨ ਫਤਿਹ ਅਤੇ ਕੋਵਾ ਐਪ ਸਬੰਧੀ ਜਾਣਕਾਰੀ ਦਿੱਤੀ ਗਈ। ਸ਼੍ਰੀ ਸਿੱਧੂ ਨੇ ਦੱਸਿਆ ਕਿ ਅਧਿਆਪਕਾਂ ਵੱਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਨਾਮ ਦੀ ਇਸ ਬਿਮਾਰੀ ਤੋਂ ਬਚਣ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਜਿਵੇਂ ਘਰਾਂ ਤੋਂ ਬਾਹਰ ਨਿਕਲਣ ਸਮੇਂ ਮਾਸਕ ਲਗਾਉਣਾ, ਸਮਾਜਿਕ ਦੂਰੀ ਬਣਾ ਕੇ ਰੱਖਣਾ, ਆਪਣੇ ਹੱਥਾਂ ਨੂੰ ਸਾਬਨ ਨਾਲ ਸਾਫ਼ ਕਰਨਾ ਅਤੇ ਫਲ ਅਤੇ ਸਬਜ਼ੀਆਂ ਆਦਿ ਨੂੰ ਚੰਗੀ ਤਰ੍ਹਾਂ ਧੋਣ ਤੋਂ ਬਾਅਦ ਹੀ ਵਰਤੋਂ ਵਿੱਚ ਲਿਆਉਣ ਸਬੰਧੀ ਵਿਸਥਾਰ ਨਾਲ ਸਮਝਾਇਆ ਗਿਆ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਜਾਗਰੂਕ ਕਰਨ ਦੇ ਇਸ ਉਪਰਾਲੇ ਵਿੱਚ ਪਿੰਡਾਂ ਅਤੇ ਸ਼ਹਿਰਾਂ ਦੇ ਮੋਹਤਬਰ ਵਿਅਕਤੀਆਂ ਵੱਲੋਂ ਵੀ ਸਕੂਲਾਂ ਦੇ ਸਟਾਫ਼ ਨੂੰ ਸਹਿਯੋਗ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਦਾ ਫਿਲਹਾਲ ਕੋਈ ਇਲਾਜ਼ ਨਹੀਂ ਹੈ ਪਰ ਕੁਝ ਜ਼ਰੂਰੀ ਸਾਵਧਾਨੀਆਂ ਦੀ ਵਰਤੋਂ ਕਰਕੇ ਖੁਦ ਨੂੰ, ਆਪਣੇ ਪਰਿਵਾਰ ਨੂੰ ਅਤੇ ਸਮਾਜ ਨੂੰ ਇਸ ਬਿਮਾਰੀ ਤੋਂ ਬਚਾਇਆ ਜਾ ਸਕਦਾ ਹੈ।  ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਲੋਕਾਂ ਵੱਲੋਂ ਸਟਾਫ਼ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਉਹ ਇਸ ਬਿਮਾਰੀ ਤੋਂ ਖੁਦ ਵੀ ਬਚਣਗੇ ਅਤੇ ਹੋਰਨਾਂ ਨੂੰ ਵੀ ਸਾਵਧਾਨੀਆਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨਗੇ।

NO COMMENTS