
ਚੰਡੀਗੜ, 1 ਨਵੰਬਰ (ਸਾਰਾ ਯਹਾ /ਬਿਓਰੋ ਰਿਪੋਰਟ):ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਇੱਥੇ ਦੱਸਿਆ ਕਿ ਸੂਬਾ ਸਰਕਾਰ ਨੇ 1626 ਸਰਕਾਰੀ ਸਕੂਲਾਂ ਵਿੱਚ 1662 ਕਮਰਿਆਂ ਦੀ ਉਸਾਰੀ ਦੀ ਪਹਿਲਕਦਮੀ ਕੀਤੀ ਹੈ ਅਤੇ ਇਸ ਮੰਤਵ ਲਈ 124.82 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸਿਵਲ ਕੰਮਾਂ ਦੇ ਮੁਕੰਮਲ ਹੋਣ ਤੋਂ ਬਾਅਦ ਸਾਰੇ ਕਲਾਸਰੂਮਾਂ ਨੂੰ ਸਮਾਰਟ ਕਲਾਸਰੂਮਾਂ ਵਿੱਚ ਤਬਦੀਲ ਕੀਤਾ ਜਾਵੇਗਾ ਜਿਸ ਵਿੱਚ ਪ੍ਰੋਜੈਕਟਰ, ਸੀਪੀਯੂ, ਗਰੀਨ ਬੋਰਡ ਅਤੇ ਲੋੜੀਂਦਾ ਫਰਨੀਚਰ ਸ਼ਾਮਲ ਹੋਣਗੇ। ਉਨਾਂ ਕਿਹਾ ਕਿ ਉਨਾਂ ਦੀ ਸਰਕਾਰ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਸਿੱਖਿਆ ਦੇ ਮਿਆਰ ਵਿੱਚ ਸੁਧਾਰ ਲਈ ਅਣਥੱਕ ਮਿਹਨਤ ਕਰ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਇਨਾਂ ਸਕੂਲਾਂ ਵਿਚ ਜਗਾ ਦੀ ਘਾਟ ਦੇ ਮੱਦੇਨਜ਼ਰ ਨਾਬਾਰਡ ਆਰਆਈਡੀਐਫ- ਧਧੜਜ਼ ਪ੍ਰਾਜੈਕਟ ਅਧੀਨ ਕਮਰਿਆਂ ਦੀ ਉਸਾਰੀ ਦਾ ਪ੍ਰਸਤਾਵ ਵਿੱਤ ਵਿਭਾਗ ਨੂੰ ਭੇਜਿਆ ਗਿਆ ਸੀ ਜਿਸ ਨੂੰ ਜਲਦ ਵਿਚਾਰਿਆ ਗਿਆ। ਉਨਾਂ ਕਿਹਾ ਕਿ ਸਕੂਲਾਂ ਨੂੰ ਹਰੇਕ ਕਮਰੇ ਦੀ ਉਸਾਰੀ ਲਈ 7.51 ਲੱਖ ਰੁਪਏ ਦਿੱਤੇ ਜਾਣਗੇ ਅਤੇ ਕਮਰਿਆਂ ਦੀਆਂ ਵਿਸ਼ੇਸ਼ਤਾਵਾਂ ਸਬੰਧੀ ਜਾਣਕਾਰੀ ਜ਼ਿਲਾ ਸਿੱਖਿਆ ਅਧਿਕਾਰੀਆਂ ਨੂੰ ਪਹਿਲਾਂ ਹੀ ਭੇਜ ਦਿੱਤੀ ਗਈ ਹੇ। ਉਨਾਂ ਕਿਹਾ ਕਿ ਸਿੱਖਿਆ ਵਿਭਾਗ ਇਨਾਂ ਕਮਰਿਆਂ ਦੀ ਉਸਾਰੀ ਲਈ ਵਰਤੀ ਜਾ ਰਹੀ ਸਮੱਗਰੀ ਦੀ ਗੁਣਵੱਤਾ ਨੂੰ ਯਕੀਨੀ ਬਣਾਏਗਾ ਅਤੇ ਇੱਕ-ਇੱਕ ਪੈਸੇ ਦੀ ਵਰਤੋਂ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇਗੀ।ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਢਲੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਤੋਂ ਇਲਾਵਾ ਸੂਬਾ ਸਰਕਾਰ ਨੇ ਸਧਾਰਨ ਸਕੂਲਾਂ ਨੂੰ ਸਮਾਰਟ ਸਕੂਲ ਵਿੱਚ ਤਬਦੀਲ ਕਰਨ ’ਤੇ ਵੀ ਧਿਆਨ ਕੇਂਦਰਤ ਕੀਤਾ ਹੈ। ਉਨਾਂ ਨੇ ਅੱਗੇ ਕਿਹਾ ਕਿ ਨਵੀਆਂ ਈ-ਲਰਨਿੰਗ ਤਕਨੀਕਾਂ ਨੇ ਸਿੱਖਿਆ ਦੇ ਮਿਆਰ ਵਿਚ ਸੁਧਾਰ ਲਿਆਉਣ ਵਿਚ ਵੀ ਸਹਾਇਤਾ ਕੀਤੀ ਹੈ ਜਿਸ ਕਰਕੇ ਨਤੀਜਿਆਂ ਵਿੱਚ ਵਿਚ ਵੀ ਸੁਧਾਰ ਹੋਇਆ ਹੈ। ਸ੍ਰੀ ਸਿੰਗਲਾ ਨੇ ਕਿਹਾ ਕਿ ਕੋਵਿਡ -19 ਮਹਾਂਮਾਰੀ ਦੇ ਬਾਵਜੂਦ ਸਰਕਾਰੀ ਸਕੂਲਾਂ ਦੇ ਅਧਿਆਪਕ ਈ-ਲਰਨਿੰਗ ਤਕਨੀਕਾਂ ਰਾਹੀਂ ਵੱਧ ਤੋਂ ਵੱਧ ਵਿਦਿਆਰਥੀਆਂ ਤੱਕ ਪਹੁੰਚ ਕਰਨ ਲਈ ਆਪਣੀ ਪੂਰੀ ਵਾਹ ਲਾ ਰਹੇ ਹਨ।———-
