ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਵਾਸਤੇ ‘ਦਾਖ਼ਲਾ ਹਫ਼ਤਾ’ ਸ਼ੁਰੂ

0
48

ਚੰਡੀਗੜ,23 ,ਮਾਰਚ (ਸਾਰਾ ਯਹਾਂ /ਬਿਓਰੋ ਰਿਪੋਰਟ) ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਵਾਸਤੇ ਸਕੂਲ ਸਿੱਖਿਆ ਵਿਭਾਗ ਨੇ ‘ਦਾਖ਼ਲਾ ਹਫ਼ਤਾ’ ਸ਼ੁਰੂ ਕਰ ਦਿੱਤਾ ਹੈ।ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ‘ਦਾਖ਼ਲਾ ਹਫ਼ਤਾ’ ਬੀਤੇ ਦਿਨ ਸ਼ੁਰੂ ਹੋਇਆ ਅਤੇ ਇਹ 27 ਮਾਰਚ ਤੱਕ ਚੱਲੇਗਾ। ਇਸ ਦਾ ਉਦੇਸ਼ ਲੋਕਾਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਨ ਲਈ ਪ੍ਰੇਰਿਤ ਕਰਨਾ ਹੈ। ਬੁਲਾਰੇ ਅਨੁਸਾਰ ‘ਦਾਖਲਾ ਹਫ਼ਤਾ’ ਵਿੱਚ ਅਧਿਆਪਕਾਂ ਵੱਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਇਸ ਦੌਰਾਨ ਅਧਿਆਪਕਾਂ ਵੱਲੋਂ ਘਰੋ-ਘਰੀ ਜਾਣ, ਪਿੰਡਾਂ ਵਿੱਚ ਦਾਖਲਿਆਂ ਬਾਰੇ ਫਲੈਕਸ ਲਾਉਣ, ਸਕੂਲਾਂ ਦੇ ਪੁਰਾਣੇ ਵਿਦਿਆਰੀਆਂ ਤੇ ਪਤਵੰਤੇ ਸੱਜਣਾਂ ਨਾਲ ਮਿਲਣ ਅਤੇ ਆਂਗਣਵਾੜੀ ਵਰਕਰਾਂ ਦੀ ਮਦਦ ਨਾਲ 3 ਤੋਂ 5 ਸਾਲ ਦੇ ਬੱਚਿਆਂ ਨੂੰ ਈ-ਪੰਜਾਬ ਉੱਤੇ ਰਜਿਸਟਰ ਕਰਨ ਦਾ ਪ੍ਰੋਗਰਾਮ ਨਿਰਧਾਰਤ ਕੀਤਾ ਗਿਆ ਹੈ।ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਦੀ ਮੁਹਿੰਮ ਚਲਾਉਣ ਵਾਸਤੇ ਸਕੂਲ ਸਿੱਖਿਆ ਵਿਭਾਗ ਵੱਲੋਂ ‘ਇੰਨਰੋਲਮੈਂਟ ਬੂਸਟਰ ਟੀਮਾਂ’ ਦਾ ਗਠਨ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ। ਇਸ ਮੁਹਿੰਮ ਨੂੰ ਚਲਉਣ ਲਈ ਸਰਕਾਰੀ ਸਕੂਲਾਂ ਦੀਆਂ ਵਿਸ਼ੇਸ਼ਤਾਵਾਂ ਨੂੰ ਦਰਸਾਉਦੇ ਹੋਏ ਪੋਸਟਰ, ਵੀਡੀਓਜ਼, ਸ਼ਾਰਟ ਫਿਲਮਾਂ ਤਿਆਰ ਕਰਵਾ ਕੇ ਸੋਸ਼ਲ ਮੀਡੀਆ ਦੇ ਰਾਹੀਂ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪਿੰਡਾਂ ਅਤੇ ਸ਼ਹਿਰਾਂ ਦੀਆਂ ਸਾਂਝੀਆਂ ਥਾਵਾਂ, ਬਜ਼ਾਰਾਂ ਅਤੇ ਸੜਕਾਂ ’ਤੇ ਫਲੈਕਸ ਲਾਉਣ ਅਤੇ ਪੰਚਾਂ-ਸਰਪੰਚਾਂ, ਕਾਉਸਲਰਾਂ ਅਤੇ ਹੋਰ ਪਤਵੰਤਿਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਬੁਲਾਰੇ ਅਨੁਸਾਰ ਪਿਛਲੇ ਸੈਸ਼ਨ ਦੌਰਾਨ ਆਰੰਭੀ ‘ਈਚ ਵਨ, ਬਰਿੰਗ ਵਨ’ ਮੁਹਿੰਮ ਨੂੰ ਵੱਡੀ ਸਫ਼ਲਤਾ ਮਿਲੀ ਸੀ ਅਤੇ ਇਸ ਦੇ ਨਤੀਜੇ ਵਜੋਂ ਪ੍ਰੀ-ਪ੍ਰਾਇਮਰੀ ਤੋਂ ਲੈ ਕੇ ਬਾਰਵੀਂ ਤੱਕ ਦਾਖਲਿਆਂ ਵਿੱਚ 15 ਫ਼ੀਸਦੀ ਦਾ ਰਿਕਾਰਡ ਵਾਧਾ ਹੋਇਆ ਸੀ। ਇਸ ਸਾਲ ਵੀ ਪਿਛਲੇ ਸਾਲ ਦਾ ਰਿਕਾਰਡ ਟੁੱਟਣ ਦੀ ਉਮੀਦ ਹੈ।———-   

NO COMMENTS