(ਸਾਰਾ ਯਹਾਂ/ਬਿਊਰੋ ਨਿਊਜ਼ ) : ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਕ ਪੱਤਰ ਜਾਰੀ ਕਰਕੇ ਸੂਬੇ ਦੀਆਂ ਸਾਰੀਆਂ ਸਰਕਾਰੀ ਅਤੇ ਨਿਜੀ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਹਦਾਇਤ ਕੀਤੀ ਹੈ ਕਿ ਸਕਾਲਰਸ਼ਿਪ ਨਾ ਆਉਣ ਕਾਰਨ ਕਿਸੇ ਵੀ ਵਿਦਿਆਰਥੀ ਨੂੰ ਪੇਪਰ ਵਿਚ ਬੈਠਣ ਤੋਂ ਨਾ ਰੋਕਿਆ ਜਾਵੇ।
ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਕੁਝ ਨਿਜੀ ਅਤੇ ਸਰਕਾਰੀ ਸੰਸਥਾਵਾਂ ਨੇ ਸਕਾਲਰਸ਼ਿਪ ਨਾ ਆਉਣ ਕਾਰਨ ਵਿਦਿਆਰਥੀਆਂ ਨੂੰ ਪੇਪਰ ਵਿਚ ਬੈਠਣ ਤੋਂ ਰੋਕਣ ਦਾ ਯਤਨ ਕੀਤਾ ਹੈ।
ਤਕਨੀਕੀ ਸਿੱਖਿਆ ਮੰਤਰੀ ਨੇ ਵਧੀਕ ਮੁੱਖ ਸਕੱਤਰ, ਤਕਨੀਕੀ ਸਿੱਖਿਆ ਅਤੇ ਪ੍ਰਮੁੱਖ ਸਕੱਤਰ, ਉਚੇਰੀ ਸਿੱਖਿਆ ਨੂੰ ਪੱਤਰ ਲਿਖ ਕੇ ਹਦਾਇਤ ਕੀਤੀ ਹੈ ਕਿ ਸੂਬੇ ਦੇ ਸਾਰੇ ਸਰਕਾਰੀ ਅਤੇ ਨਿਜੀ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਹਦਾਇਤ ਕਰ ਦਿਤੀ ਜਾਵੇ ਕਿ ਜੇਕਰ ਕਿਸੇ ਵਿਦਿਆਰਥੀ ਦੀ ਸਕਾਲਰਸ਼ਿਪ ਦਾ ਕੋਈ ਵੀ ਮਾਮਲਾ ਪੈਂਡਿੰਗ ਚੱਲ ਰਿਹਾ ਹੋਵੇ ਤਾਂ ਉਸ ਵਿਦਿਆਰਥੀ ਨੂੰ ਪ੍ਰੀਖਿਆ ਵਿਚ ਬੈਠਣ ਤੋਂ ਨਾ ਰੋਕਿਆ ਜਾਵੇ।
ਜੇਕਰ ਇਨ੍ਹਾਂ ਹਦਾਇਤਾਂ ਦੀ ਕਿਸੇ ਵੀ ਕਾਲਜ/ਯੂਨੀਵਰਸਟੀ ਵਲੋਂ ਉਲੰਘਣਾ ਕੀਤੀ ਜਾਂਦੀ ਹੈ ਤਾਂ ਉਸ ਵਿਰੁਧ ਪੰਜਾਬ ਸਰਕਾਰ ਵਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।ਹਰਜੋਤ ਸਿੰਘ ਬੈਂਸ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਤੁਰਤ ਨੋਟਿਸ ਜਾਰੀ ਕੀਤਾ ਜਾਵੇ।