*‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਸੈਦੇਵਾਲਾ ਵਿਖੇ ਵਿਸ਼ੇਸ਼ ਕੈਂਪ ਆਯੋਜਿਤ*

0
47

ਬੁਢਲਾਡਾ/ਮਾਨਸਾ, 13 ਸਤੰਬਰ:(ਸਾਰਾ ਯਹਾਂ/ਮੁੱਖ ਸੰਪਾਦਕ)
ਮੁੱਖ ਮੰਤਰੀ ਸ੍ਰ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਸੇਵਾਵਾਂ ਲੋਕਾਂ ਦੀਆਂ ਬਰੂਹਾਂ ’ਤੇ ਪਹੁੰਚਾਉਣ ਲਈ ਸ਼ੁਰੂ ਕੀਤੀ ਮੁਹਿੰਮ ‘ਸਰਕਾਰ ਤੁਹਾਡੇ ਦੁਆਰ’ ਤਹਿਤ ਅਤੇ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੀ ਅਗਵਾਈ ਵਿਚ ਪਿੰਡ ਸੈਦੇਵਾਲਾ ਵਿਖੇ ਜਨ ਸੁਣਵਾਈ ਕੈਂਪ ਲਗਾਇਆ ਗਿਆ। ਇਸ ਦੌਰਾਨ ਐਸ.ਡੀ.ਐਮ. ਬੁਢਲਾਡਾ ਸ੍ਰ. ਗਗਨਦੀਪ ਸਿੰਘ ਨੇ ਮੌਜ਼ੂਦ ਰਹਿ ਕੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ।
ਇਸ ਦੌਰਾਨ ਐਸ.ਡੀ.ਐਮ. ਨੇ ਦੱਸਿਆ ਕਿ ਸਰਕਾਰ ਤੁਹਾਡੇ ਦੁਆਰ ਕੈਂਪਾਂ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਵਿਸ਼ੇਸ਼ ਸਟਾਲ ਲਗਾ ਕੇ ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਦੇ ਨਾਲ ਹੀ ਜਾਤੀ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਰੂਰਲ ਏਰੀਆ ਸਰਟੀਫਿਕੇਟ, ਪੈਨਸ਼ਨ ਨਾਲ ਸਬੰਧਿਤ ਸੁਵਿਧਾਵਾਂ, ਸਿਹਤ ਵਿਭਾਗ ਨਾਲ ਸਬੰਧਿਤ ਸੁਵਿਧਾਵਾਂ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨਾਲ ਸਬੰਧਿਤ ਕੰਮ, ਮਨਰੇਗਾ ਨਾਲ ਸਬੰਧਿਤ ਕੰਮ, ਵਾਟਰ ਸਪਲਾਈ ਅਤੇ ਜਲ ਸਪਲਾਈ ਵਿਭਾਗ ਨਾਲ ਸਬੰਧਿਤ ਕੰਮ, ਅਧਾਰ ਕਾਰਡ ਸੁਵਿਧਾ ਦਾ ਮੌਕੇ ’ਤੇ ਲਾਭ ਦਿੱਤਾ ਗਿਆ।
ਕੈਂਪ ਦੌਰਾਨ ਪਿੰਡ ਸੈਦੇਵਾਲਾ ਸਮੇਤ ਕਲੀਪੁਰ, ਰਾਮਪੁਰ ਮੰਡੇਰ, ਸ਼ੇਰਖਾਂਵਾਲਾ, ਸਤੀਕੇ, ਅਚਾਨਕ ਖੁਰਦ ਅਤੇ ਕੁਲਾਣਾ ਦੇ ਲੋਕ ਆਪਣੀਆਂ ਸਾਂਝੀਆਂ ਤੇ ਨਿੱਜੀ ਸਮੱਸਿਆਵਾਂ ਲੈ ਕੇ ਪਹੁੰਚੇ, ਜਿੰਨ੍ਹਾਂ ’ਚ ਮਾਲ ਵਿਭਾਗ ਤੋਂ ਇਲਾਵਾ ਮਗਨਰੇਗਾ, ਪੈਨਸ਼ਨਾਂ, ਛੱਪੜਾਂ ਤੇ ਗਲੀਆਂ-ਨਾਲੀਆਂ ਦੇ ਪਾਣੀ ਦੀ ਨਿਕਾਸੀ, ਪੀਣ ਵਾਲੇ ਪਾਣੀ, ਨਹਿਰੀ ਪਾਣੀ ਤੇ ਖਾਲੇ, ਵੱਖ ਵੱਖ ਤਰ੍ਹਾਂ ਦੀਆਂ ਪੈਨਸ਼ਨਾਂ ਆਦਿ ਤੋਂ ਇਲਾਵਾ ਵਿਕਾਸ ਕਾਰਜਾਂ ਨਾਲ ਸਬੰਧਤ ਸਮੱਸਿਆਵਾਂ ਸਨ। ਇਨ੍ਹਾਂ ’ਚੋਂ ਬਹੁਤੀਆਂ ਸਮੱਸਿਆਵਾਂ ਦਾ ਨਿਪਟਾਰਾ ਮੌਕੇ ’ਤੇ ਹੀ ਕੀਤਾ ਗਿਆ ਤੇ ਰਹਿੰਦੀਆਂ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ।
ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਬੁਢਲਾਡਾ ਸ੍ਰੀ ਸਤੀਸ਼ ਸਿੰਗਲਾ, ਨਿੱਜੀ ਸਹਾਇਕ ਵਿਧਾਇਕ ਬੁਢਲਾਡਾ ਸ੍ਰੀ ਗੁਰਦਰਸ਼ਨ ਸਿੰਘ ਪਟਵਾਰੀ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

NO COMMENTS