ਮਾਨਸਾ, 09 ਜੁਲਾਈ:(ਸਾਰਾ ਯਹਾਂ/ਬਿਊਰੋ ਨਿਊਜ਼)
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਪਿੰਡ ਸਰਦੂਲੇਵਾਲਾ ਦੇ ਬੀ.ਡੀ.ਪੀ.ਓ ਦਫ਼ਤਰ ਵਿਖੇ ਵਿਸ਼ੇਸ ਜਨ ਸੁਣਵਾਈ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੁਰੰਤ ਹੱਲ ਕਰਨ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਨਾਲ ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਵੀ ਮੌਜੂਦ ਸਨ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਨ ਸੁਣਵਾਈ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ ਕਾਊਂਟਰ ਲਗਾ ਕੇ ਪਿੰਡ ਸਰਦੂਲੇਵਾਲਾ ਸਮੇਤ ਢਾਣੀ ਫੂਸ ਮੰਡੀ, ਟਿੱਬੀ ਹਰੀ ਸਿੰਘ, ਕਾਹਨੇਵਾਲਾ, ਭੂੰਦੜ, ਮੀਰਪੁਰ ਕਲਾਂ, ਮੀਰਪੁਰ ਖ਼ੁਰਦ, ਰੋੜਕੀ, ਚੋਟੀਆਂ, ਆਲੀਕੇ, ਬਰਨ, ਕਰੀਪੁਰ ਡੁੰਮ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ।
ਉਨ੍ਹਾਂ ਦੱਸਿਆ ਕਿ ਜਨ ਸੁਣਵਾਈ ਕੈਂਪ ਦੌਰਾਨ 59 ਦਰਖ਼ਾਸਤਾਂ ਪ੍ਰਾਪਤ ਹੋਈਆਂ, ਜਿੰਨ੍ਹਾਂ ਵਿਚੋਂ 47 ਦਾ ਮੌਕੇ ’ਤੇ ਹੀ ਨਿਪਟਾਰਾ ਕਰ ਦਿੱਤਾ ਗਿਆ ਅਤੇ 12 ਦਰਖ਼ਾਸਤਾਂ ਵਿਭਾਗੀ ਪ੍ਰਕਿਰਿਆ ਅਤੇ ਸਮਾਂਬੱਧ ਨਿਪਟਾਰੇ ਲਈ ਸਬੰਧਤ ਅਧਿਕਾਰੀਆਂ ਨੂੰ ਦੇ ਦਿੱਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸਮਾਂਬੱਧ ’ਤੇ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਆਦੇਸ਼ ਜਾਰੀ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਇੰਨ੍ਹਾਂ ਵਿਸ਼ੇਸ ਕੈਂਪਾਂ ਦੌਰਾਨ ਲੋਕਾਂ ਨੂੰ ਹੁਣ ਬਿਨ੍ਹਾਂ ਦੇਰੀ ਨਿਰਧਾਰਿਤ ਸਮੇਂ ਵਿੱਚ ਸਰਕਾਰੀ ਸੇਵਾਵਾਂ ਮਿਲ ਸਕਣਗੀਆਂ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਮੰਗਲਵਾਰ ਤੇ ਵੀਰਵਾਰ ਨੂੰ ਵੱਖ-ਵੱਖ ਵਾਰਡਾਂ ਅਤੇ ਪਿੰਡਾਂ ਵਿੱਚ ਜਨ ਸੁਣਵਾਈ ਕੈਂਪ ਲਗਾਏ ਜਾਣਗੇ। ਅਗਲਾ ਕੈਂਪ 11 ਜੁਲਾਈ ਨੂੰ ਪਿੰਡ ਸਮਾਓਂ ਵਿਖੇ ਲਗਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਇੰਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ।