*‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਪਿੰਡ ਆਹਲੂਪੁਰ ਵਿਖੇ ਜਨ ਸੁਣਵਾਈ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ*

0
3

ਮਾਨਸਾ, 15 ਮਾਰਚ: (ਸਾਰਾ ਯਹਾਂ/ਬਿਊਰੋ ਨਿਊਜ਼ ) : ‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਦੇ ਆਦੇਸ਼ਾਂ ’ਤੇ ਜ਼ਿਲ੍ਹੇ ਦੀ ਹਰੇਕ ਸਬ ਡਵੀਜ਼ਨ ਪੱਧਰ ’ਤੇ ਪਿੰਡਾਂ ਦੇ ਕਲਸਟਰ ਬਣਾ ਕੇ ਜਨ ਸੁਣਵਾਈ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਐਸ.ਡੀ.ਐਮ. ਸਰਦੂਲਗੜ੍ਹ ਪੂਨਮ ਸਿੰਘ ਦੀ ਅਗਵਾਈ ’ਚ ਪਿੰਡ ਆਹਲੂਪੁਰ ਵਿਖੇ ਨਾਇਬ ਤਹਿਸੀਲਦਾਰ ਸਰਦੂਲਗੜ੍ਹ ਸ੍ਰੀ ਬਲਵਿੰਦਰ ਸਿੰਘ ਵੱਲੋਂ ਜਨ ਸੁਣਵਾਈ ਕੈਂਪ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ।
ਨਾਇਬ ਤਹਿਸੀਲਦਾਰ ਨੇ ਦੱਸਿਆ ਕਿ ਕੈਂਪ ਦੌਰਾਨ ਪਿੰਡ ਆਹਲੂਪੁਰ ਅਤੇ ਨੇੜਲੇ ਪਿੰਡਾਂ ਤੋਂ ਆਏ ਲੋਕਾਂ ਪਾਸੋਂ  ਪ੍ਰਾਪਤ ਵੱਖ ਵੱਖ ਦਰਖ਼ਾਸਤਾਂ ਦੀ ਸੁਣਵਾਈ ਦੌਰਾਨ ਮੌਕੇ ’ਤੇ ਹੋਣ ਵਾਲੇ ਕੰਮਾਂ ਦਾ ਤੁਰੰਤ ਨਿਪਟਾਰਾ ਕੀਤਾ ਗਿਆ ਅਤੇ ਬਾਕੀ ਰਹਿੰਦੀਆਂ ਦਰਖ਼ਾਸਤਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਂਬੱਧ ਢੰਗ ਨਾਲ ਨਜਿੱਠਣ ਲਈ ਸੌਂਪ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਕੈਂਪ ਦੌਰਾਨ ਪ੍ਰਾਪਤ ਹੋਈਆਂ ਦਰਖ਼ਾਸਤਾਂ ਨੂੰ ਪਹਿਲਕਦਮੀ ਨਾਲ ਹੱਲ ਕਰਨ ਲਈ ਕਿਹਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਜਨ ਸੁਣਵਾਈ ਕੈਂਪ ਵਿਚ ਬਿਨੈਕਾਰਾਂ ਦੀ ਸਹੂਲਤ ਲਈ ਵੱਖ ਵੱਖ ਵਿਭਾਗਾਂ ਵੱਲੋਂ ਕਾਊਂਟਰ ਲਗਾਏ ਗਏ ਸਨ, ਜਿੱਥੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਮੌਜੂਦ ਰਹਿ ਕੇ ਬਿਨੈਕਾਰਾਂ ਦੀਆਂ ਦਰਖ਼ਾਸਤਾਂ ਪ੍ਰਾਪਤ ਕੀਤੀਆਂ। ਉਨ੍ਹਾਂ ਦੱਸਿਆ ਕਿ ਕੈਂਪ ਵਿਚ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਪਰਮਜੀਤ ਸਿੰਘ, ਮੁਕੇਸ਼ ਕੁਮਾਰ, ਕਸ਼ਮੀਰ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗੀ ਅਧਿਕਾਰੀ ਮੌਜੂਦ ਸਨ। 

NO COMMENTS