*ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਲੋੜਵੰਦ ਲੋਕਾਂ ਤੱਕ ਪਹੁੰਚਾਉਣ ਅਧਿਕਾਰੀ-ਕਮਲਦੀਪ ਸਿੰਘ ਸੰਘਾ*

0
11

ਮਾਨਸਾ, 23 ਦਸੰਬਰ (ਸਾਰਾ ਯਹਾਂ/ ਮੁੱਖ ਸੰਪਾਦਕ ) : ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਮਨਾਏ ਜਾ ਰਹੇ ਸੁਸ਼ਾਸਨ ਹਫਤੇ ਨੂੰ ਲੈ ਕੇ ਅੱਜ ਸਥਾਨਕ ਬਚਤ ਭਵਨ ਵਿਖੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਦੌਰਾਨ ਮੁੱਖ ਮਹਿਮਾਨ ਵਜੋਂ ਸਾਬਕਾ ਆਈ.ਏ.ਐਸ. ਅਧਿਕਾਰੀ ਸ੍ਰ. ਕਮਲਦੀਪ ਸਿੰਘ ਸੰਘਾ ਨੇ ਸ਼ਿਰਕਤ ਕੀਤੀ।
ਸ੍ਰੀ ਕਮਲਦੀਪ ਸਿੰਘ ਸੰਘਾ ਨੇ ਵਰਕਸ਼ਾਪ ਮੌਕੇ ਮੌਜੂਦ ਅਧਿਕਾਰੀਆਂ ਨਾਲ ਆਪਣੇ ਵਿਚਾਰ ਅਤੇ ਤਜ਼ਰਬਾ ਸਾਂਝਾ ਕਰਦਿਆਂ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਾਂਬੱਧ ਢੰਗ ਹਲ ਕਰਨਾ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲੋੜਵੰਦ ਲੋਕਾਂ ਨੂੰ ਲਾਭ ਮੁਹੱਈਆ ਕਰਵਾਉਣਾ ਹਰੇਕ ਅਧਿਕਾਰੀ ਦੀ ਜਿੰਮੇਵਾਰੀ ਬਣਦੀ ਹੈ। ਉਨ੍ਹਾਂ ਕਿਹਾ ਕਿ ਕੰਮਾਂ ਵਿੱਚ ਨਿਰਪੱਖਤਾ, ਇਮਾਨਦਾਰੀ ਅਤੇ ਜ਼ਿੰਮੇਵਾਰੀ ਦੀ ਭਾਵਨਾ ਹੋਣ ਨਾਲ ਹੀ ਲੋਕਾਂ ਦਾ ਪ੍ਰਸ਼ਾਸਨ ਅਤੇ ਸਰਕਾਰ ’ਤੇ ਭਰੋਸਾ ਬਣਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਕਾਸ ਕੰਮ ਜਾਂ ਸਕੀਮਾਂ ਨੂੰ ਲਾਗੂ ਕਰਨ ਦੇ ਨਾਲ-ਨਾਲ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਵੀ ਕਰਨਾ ਚਾਹੀਦਾ ਹੈ।
ਵਰਕਸ਼ਾਪ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਨੇ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਜਿਲ਼੍ਹਾ ਵਾਸੀਆਂ ਨੂੰ ਚੰਗੀਆਂ ਪ੍ਰਸ਼ਾਸਨਿਕ ਸੇਵਾਵਾਂ ਦੇਣ ਅਤੇ ਰਾਜ ਸਰਕਾਰ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਸਬ ਡਵੀਜ਼ਨ ਪੱਧਰ ਤੇ ਲੋਕ ਸੁਵਿਧਾ ਲਈ  ਲਗਾਏ ਜਾ ਰਹੇ ਸੁਸ਼ਾਸਨ ਕੈਂਪਾਂ ਰਾਹੀ ਆਮ ਲੋਕਾਂ ਨੂੰ ਵੱਡੇ ਪੱਧਰ ਤੇ ਲਾਭ ਹੋਇਆ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਟੀ.ਬੈਨਿਥ ਵੱਲੋਂ ਪੀ.ਐਸ.ਆਰ.ਐਲ.ਐਮ. ਸਕੀਮ ਅਤੇ ਹੋਰ ਵੱਖ-ਵੱਖ ਵਿਭਾਗੀ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ। ਇਸ ਉਪਰੰਤ ਜ਼ਿਲ੍ਹਾ ਨੋਡਲ ਅਫ਼ਸਰ ਮਗਨਰੇਗਾ ਮਨਦੀਪ ਸਿੰਘ ਵੱਲੋਂ ਮਹਾਤਮਾ ਗਾਂਧੀ ਨਰੇਗਾ ਸਕੀਮ ਅਧੀਨ ਸੁਸ਼ਾਸਨ ਗਤੀਵਿਧੀਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਤੋਂ ਇਲਾਵਾ ਐਸ.ਡੀ.ਓ. ਸ਼੍ਰੀ ਕਰਮਜੀਤ ਸਿੰਘ ਸਿੱਧੂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ।
ਵਰਕਸ਼ਾਪ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਉਪਕਾਰ ਸਿੰਘ, ਐਸ.ਡੀ.ਐਮ. ਮਾਨਸਾ ਸ਼੍ਰੀ ਹਰਜਿੰਦਰ ਸਿੰਘ ਜੱਸਲ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਤੁਸ਼ਿਤਾ ਗੁਲਾਟੀ, ਮੁੱਖ ਖੇਤੀਬਾੜੀ ਅਫ਼ਸਰ ਡਾ. ਸਤਪਾਲ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ, ਪਰਮਪਾਲ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

NO COMMENTS