
ਚੰਡੀਗੜ੍ਹ, 4 ਜੁਲਾਈ-(ਸਾਰਾ ਯਹਾਂ/ਹਿਤੇਸ਼ ਸ਼ਰਮਾ):
ਪੰਜਾਬ ਪੁਲਿਸ ਨੂੰ ਵਿਗਿਆਨਕ ਲੀਹਾਂ ‘ਤੇ ਹੋਰ ਆਧੁਨਿਕ ਬਣਾਉਣ ਦੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਨੁੱਖੀ ਤਸਕਰੀ ਵਿਰੋਧੀ ਯੂਨਿਟ (ਏ.ਐਚ.ਟੀ.ਯੂ.) ਨੂੰ ਹੋਰ ਮਜ਼ਬੂਤ ਬਣਾਉਣ ਲਈ ਹਾਈ-ਟੈਕ 16 ਮਹਿੰਦਰਾ ਬੋਲੈਰੋ ਗੱਡੀਆਂ ਅਤੇ 56 ਮੋਟਰਸਾਈਕਲਾਂ ਦੇ ਕਾਫ਼ਲੇ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਬਾਅਦ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪਰਾਲਾ ਮਨੁੱਖੀ ਤਸਕਰੀ ਦੇ ਅਣਮਨੁੱਖੀ ਅਮਲ ਨੂੰ ਰੋਕਣ ਲਈ ਸੂਬਾ ਸਰਕਾਰ ਦੀ ਮੁਹਿੰਮ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਭਰ ਵਿੱਚ ਇਹ ਖ਼ਤਰਾ ਵਧਿਆ ਹੈ ਪਰ ਸੂਬਾ ਸਰਕਾਰ ਦਾ ਇਹ ਫਰਜ਼ ਬਣਦਾ ਹੈ ਕਿ ਉਹ ਇਸ ਨੂੰ ਸਖ਼ਤੀ ਨਾਲ ਨੱਥ ਪਾਵੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਪੰਜਾਬ ਪੁਲਿਸ ਨੂੰ ਇਸ ਅਪਰਾਧ ਨਾਲ ਨਜਿੱਠਣ ਲਈ ਅਤਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਗੈਰ-ਕਾਨੂੰਨੀ ਟਰੈਵਲ ਏਜੰਟਾਂ ਨਾਲ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੋਈ ਹੈ ਜੋ ਲੋਕਾਂ ਨੂੰ ਧੋਖਾ ਦਿੰਦੇ ਹਨ ਅਤੇ ਮਨੁੱਖੀ ਤਸਕਰੀ ਵਰਗਾ ਘਿਨਾਉਣਾ ਜੁਰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਟਰੈਵਲ ਏਜੰਟਾਂ ਵਿਰੁੱਧ ਮਿਸਾਲੀ ਕਾਰਵਾਈ ਕਰਨ ਤੋਂ ਇਲਾਵਾ ਸੂਬਾ ਸਰਕਾਰ ਇਨ੍ਹਾਂ ਸ਼ੱਕੀ ਟਰੈਵਲ ਏਜੰਟਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਆਪਕ ਪੱਧਰ ਉਤੇ ਜਾਗਰੂਕਤਾ ਮੁਹਿੰਮ ਵੀ ਚਲਾਏਗੀ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਅਜਿਹੇ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਯਕੀਨੀ ਬਣਾਉਣ ਲਈ ਇਮੀਗ੍ਰੇਸ਼ਨ ਐਕਟ ਵਿੱਚ ਵੀ ਲੋੜੀਂਦੀਆਂ ਸੋਧਾਂ ਕੀਤੀਆਂ ਜਾਣਗੀਆਂ।
ਕੈਨੇਡਾ ਵਿੱਚ ਫਸੇ 700 ਦੇ ਕਰੀਬ ਵਿਦਿਆਰਥੀਆਂ ਦੇ ਮਸਲੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਟਰੈਵਲ ਏਜੰਟਾਂ ਵੱਲੋਂ ਜਾਅਲੀ ਦਸਤਾਵੇਜ਼ਾਂ ‘ਤੇ ਭੇਜ ਕੇ ਠੱਗਿਆ ਗਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅਜਿਹੇ ਟਰੈਵਲ ਏਜੰਟਾਂ ‘ਤੇ ਸ਼ਿਕੰਜਾ ਕੱਸਣ ਲਈ ਵਚਨਬੱਧ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਸੂਬਾ ਸਰਕਾਰ ਕੈਨੇਡੀਅਨ ਅੰਬੈਸੀ ਨਾਲ ਨਿਰੰਤਰ ਸੰਪਰਕ ਵਿਚ ਹੈ।

ਹਾਈਟੈਕ ਵਾਹਨਾਂ ਦੇ ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਵਾਹਨ ਐਡਵਾਂਸ ਮੋਬਾਈਲ ਨੈੱਟਵਰਕ ਵੀਡੀਓ ਰਿਕਾਰਡਿੰਗ ਸਿਸਟਮ (ਐਮ.ਐਨ.ਵੀ.ਆਰ.ਐਸ.), ਚਾਰ ਕੈਮਰੇ-ਦੋ ਆਊਟਡੋਰ ਅਤੇ ਦੋ ਇਨਡੋਰ ਅਤੇ ਵਹੀਕਲ ਲੋਕੇਸ਼ਨ ਟ੍ਰੈਕਿੰਗ ਸਿਸਟਮ (ਵੀ.ਐੱਲ.ਟੀ.ਐੱਸ.) ਨਾਲ ਲੈਸ ਹਨ। ਭਗਵੰਤ ਮਾਨ ਨੇ ਇਨ੍ਹਾਂ ਹਾਈਟੈੱਕ ਸਾਧਨਾਂ ਦੀ ਸ਼ੁਰੂਆਤ ਨੂੰ ਪੁਲਿਸ ਦੇ ਆਧੁਨਿਕੀਕਰਨ ਵੱਲ ਇੱਕ ਹੋਰ ਕਦਮ ਦੱਸਦਿਆਂ ਕਿਹਾ ਕਿ ਇਸ ਨਾਲ ਸੂਬੇ ਵਿੱਚ ਔਰਤਾਂ ਅਤੇ ਬੱਚਿਆਂ ਦੀ ਮਨੁੱਖੀ ਤਸਕਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਬੋਲੈਰੋ ਵਾਹਨਾਂ ਵਿੱਚ ਸਥਾਪਿਤ ਐਡਵਾਂਸਡ ਮੋਬਾਈਲ ਸਰਵਿਲੈਂਸ ਸਿਸਟਮ ਉਦਯੋਗਿਕ ਮਾਪਦੰਡਾਂ ਦੇ ਮਿਆਰਾਂ ਮੁਤਾਬਕ ਮਜ਼ਬੂਤ ਹੈ ਅਤੇ ਅਸਲ-ਸਮੇਂ ਦੀ ਨਿਗਰਾਨੀ ਅਤੇ ਅਲਰਟ ਦੇ ਨਾਲ ਸਬੂਤ ਇਕੱਠੇ ਕਰਨ ਲਈ ਚੱਲਦੇ ਵਾਹਨ ਵਿੱਚ ਵੀਡੀਓ ਰਿਕਾਰਡ ਕਰ ਸਕਦਾ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਨਾਲ ਅਧਿਕਾਰੀਆਂ ਨੂੰ ਲਾਈਵ ਗਤੀਵਿਧੀ ਦੀ ਨਿਗਰਾਨੀ ਕਰਨ ਅਤੇ ਕੰਟਰੋਲ ਰੂਮ ਰਾਹੀਂ ਵਾਹਨਾਂ ਦਾ ਪਤਾ ਲਗਾਉਣ ਦੇ ਨਾਲ-ਨਾਲ ਫੀਲਡ ਵਿੱਚ ਆਪਣੀ ਆਵਾਜਾਈ ਦੌਰਾਨ ਵਾਹਨ ਵਿੱਚ ਬੈਠੇ ਲੋਕਾਂ ਨਾਲ ਆਵਾਜ਼ ਸੰਚਾਰ ਕਰਨ ਦੀ ਵੀ ਆਗਿਆ ਮਿਲੇਗੀ। ਭਗਵੰਤ ਮਾਨ ਨੇ ਦੱਸਿਆ ਕਿ ਬੋਲੈਰੋ ਗੱਡੀਆਂ ਵਿੱਚ ਦੋ ਬਾਹਰੀ ਕੈਮਰੇ ਹਨ, ਜੋ 30 ਮੀਟਰ ਤੱਕ ਨਜ਼ਰ ਰੱਖ ਸਕਦੇ ਹਨ, ਜਦਕਿ ਵਾਹਨ ਦੇ ਅੰਦਰ ਬੈਠੇ ਪੀੜਤ ਵਿਅਕਤੀ ਨੂੰ ਸੁਰੱਖਿਆ ਦੀ ਭਾਵਨਾ ਅਤੇ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ ਦੋ ਕੈਮਰੇ ਵਾਹਨ ਦੇ ਅੰਦਰ ਲਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਾਹਨਾਂ ਦੇ ਕੈਮਰਿਆਂ ਦੀ ਫੂਟੇਜ (ਰਿਕਾਰਡਿਗ) ਦੀ ਨਿਗਰਾਨੀ ਲਈ ਇਸ ਦੇ ਡੈਸ਼ਬੋਰਡ ‘ਤੇ 7 ਇੰਚ ਦੀ ਡਿਸਪਲੇਅ ਸਕਰੀਨ ਵੀ ਲਾਈ ਗਈ ਹੈ, ਜਿਸ ਦੀ ਸਟੋਰੇਜ ਸਮਰੱਥਾ 30 ਦਿਨਾਂ ਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਕਰਕੇ ਦੁਸ਼ਮਣ ਤਾਕਤਾਂ ਸੂਬੇ ਦੀ ਸ਼ਾਂਤੀ ਭੰਗ ਕਰਨ ਦੇ ਨਾਪਾਕ ਮਨਸੂਬੇ ਘੜ ਰਹੀਆਂ ਹਨ ਪਰ ਪੰਜਾਬ ਪੁਲਿਸ ਨੇ ਹਮੇਸ਼ਾ ਹੀ ਅਜਿਹੀਆਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਦਰਪੇਸ਼ ਵੱਡੀਆਂ ਚੁਣੌਤੀਆਂ ‘ਤੇ ਕਾਬੂ ਪਾਉਣ ਲਈ ਇਹ ਜ਼ਰੂਰੀ ਹੈ ਕਿ ਪੁਲਿਸ ਫੋਰਸ ਨੂੰ ਜਾਂਚ, ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਆਧੁਨਿਕ ਲੋੜਾਂ ਅਨੁਸਾਰ ਪੁਖਤਾ ਕੀਤਾ ਜਾਵੇ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਪੰਜਾਬ ਪੁਲਿਸ ਪੂਰੀ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖੇਗੀ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਸੜਕਾਂ ‘ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਸੜਕ ਹਾਦਸੇ ਰੋਕਣ ਲਈ ਸਮਰਪਿਤ ‘ਸੜਕ ਸੁਰੱਖਿਆ ਫੋਰਸ’ ਗਠਿਤ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੜਕਾਂ ਦੀ ਸੁਚੱਜੀ ਸਾਂਭ-ਸੰਭਾਲ ਕਰਕੇ ਇਨ੍ਹਾਂ ਕਾਰਨਾਂ ਦੀ ਜਾਂਚ ਕੀਤੀ ਜਾ ਸਕਦੀ ਹੈ, ਜਿਸ ਲਈ ਪੰਜਾਬ ਪੁਲਿਸ ‘ਚ ‘ਸੜਕ ਸੁਰੱਖਿਆ ਫੋਰਸ’ ਦਾ ਗਠਨ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਫੋਰਸ ਨੂੰ ਸੜਕ ਹਾਦਸੇ ਰੋਕਣ ਲਈ ਗਲਤ ਢੰਗ ਨਾਲ ਡਰਾਈਵਿੰਗ, ਸੜਕਾਂ ‘ਤੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਹੋਰ ਕੰਮਾਂ ਦੀ ਜ਼ਿੰਮੇਵਾਰੀ ਸੌਂਪੀ ਜਾਵੇਗੀ ਅਤੇ ਇਸ ਨਾਲ ਥਾਣਿਆਂ ਵਿੱਚ ਤਾਇਨਾਤ ਪੁਲਿਸ ਮੁਲਾਜ਼ਮਾਂ ‘ਤੇ ਬੋਝ ਵੀ ਘਟੇਗਾ।
ਇਸ ਮੌਕੇ ਡੀ.ਜੀ.ਪੀ. ਗੌਰਵ ਯਾਦਵ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
