
ਮਾਨਸਾ, 27 ਅਗਸਤ (ਸਾਰਾ ਯਹਾ, ਬਲਜੀਤ ਸ਼ਰਮਾ) : ਪਾਜ਼ਿਟੀਵ ਆਉਣ ਵਾਲੇ ਮਰੀਜ਼ਾਂ ਲਈ ਘਰ ਵਿਚ ਇਕਾਂਤਵਾਸ ਹੋਣ ਦੀ ਪ੍ਰਕਿਰਿਆ ਨੂੰ ਹੁਣ ਸਰਕਾਰ ਵੱਲੋਂ ਸਰਲ ਕਰ ਦਿੱਤਾ ਗਿਆ ਹੈ ਇਸ ਲਈ ਕੋਰੋਨਾ ਟੈਸਟਿੰਗ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ ਹੈ। ਇਸ ਦੇ ਲਈ ਘਰ ਵਿਚ ਯੋਗ ਲੋੜੀਂਦੇ ਪ੍ਰਬੰਧ ਅਤੇ ਸਿਹਤ ਸਲਾਹਾਂ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਫੇਸਬੁੱਕ ਪੇਜ਼ ’ਤੇ ਸਿੱਧੇ ਪ੍ਰਸਾਰਣ ਲਈ ਲੋਕਾਂ ਨੂੰ ਕੋਰੋਨਾਂ ਦੀ ਸਥਿਤੀ ਤੋਂ ਜਾਣੂ ਕਰਵਾਉਂਦਿਆਂ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਪਣੀ ਅਤੇ ਦੂਜਿਆਂ ਦੀ ਸੁਰੱਖਿਆ ਲਈ ਕੋਰੋਨਾ ਟੈਸਟਿੰਗ ਕਰਵਾਉਣੀ ਲਾਜ਼ਮੀ ਹੈ। ਸਾਰਿਆਂ ਦੇ ਸਹਿਯੋਗ ਨਾਲ ਹੀ ਇਸ ਬਿਮਾਰੀ ਨੂੰ ਠੱਲ੍ਹ ਪਾਈ ਜਾ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਟੈਸਟਿੰਗ ਕਰਵਾਉਣ। ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਬੱਸਾਂ ਵਿਚ 50 ਫ਼ੀਸਦੀ ਸਵਾਰੀਆਂ ਬਿਠਾਉਣ ਦੀ ਆਗਿਆ ਦਿੱਤੀ ਗਈ ਹੈ। ਵਿਆਹ ਅਤੇ ਸੰਸਕਾਰ ਤੋਂ ਇਲਾਵਾ ਹੋਰ ਕਿਸੇ ਵੀ ਤਰ੍ਹਾਂ ਦੇ ਸਮਾਗਮਾਂ ਤੇ ਪਾਬੰਦੀ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਬਚਾਅ ਸਬੰਧੀ ਸਿਹਤ ਸਲਾਹਾ ਜਿਵੇਂ ਕਿ ਮਾਸਕ ਪਹਿਨਣਾਂ, ਸਮਾਜਿਕ ਦੂਰੀ, ਹੱਥਾਂ ਨੂੰ ਵਾਰ ਵਾਰ ਧੋਣਾਂ ਅਤੇ ਸੈਨੀਟਾਈਜ਼ ਕਰਨ ਜਿਹੀਆਂ ਗੱਲਾਂ ਦਾ ਖਾਸ ਤੌਰ ਤੇ ਖਿਆਲ ਰੱਖਿਆ ਜਾਵੇ ਤਾਂ ਜੋ ਕੋਰੋਨਾਂ ਮਹਾਂਮਾਰੀ ਤੋਂ ਬਚਾਅ ਕੀਤਾ ਜਾ ਸਕੇ।
