
ਚੰਡੀਗੜ੍ਹ 28,ਮਈ (ਸਾਰਾ ਯਹਾਂ/ਬਿਊਰੋ ਨਿਊਜ਼):: ਪੰਜਾਬ ਸਰਕਾਰ ਵਲੋਂ ਅੱਜ ਸਵੇਰੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਵਿਚ ਕਟੌਤੀ ਕਰਨ ਦਾ ਐਲਾਨ ਕੀਤਾ ਗਿਆ ਸੀ। ਜਿਸ ‘ਤੇ ਜਥੇਦਾਰ ਨੇ ਬਾਕੀ ਸੁਰੱਖਿਆ ਵੀ ਵਾਪਸ ਕਰ ਦਿੱਤੀ ਸੀ । ਹੁਣ ਪਤਾ ਲੱਗਿਆ ਹੈ ਕਿ ਸਰਕਾਰ ਵਲੋਂ ਜਥੇਦਾਰ ਸਾਹਿਬ ਦੀ ਸੁਰੱਖਿਆ ਬਹਾਲ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਪਰ ਜਥੇਦਾਰ ਵਲੋਂ ਫ਼ਿਲਹਾਲ ਸਰਕਾਰੀ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ।
ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ ਲੈਂਦਿਆਂ ਪੰਜਾਬ ਦੇ 424 ਵੀਆਈਪੀ ਲੋਕਾਂ ਦੀ ਸੁਰੱਖਿਆ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ। ਜਿਨ੍ਹਾਂ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਕੇਸਗੜ੍ਹ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਦੀ ਵੀ ਸਰੁੱਖਿਆ ਵੀ ਵਾਪਸ ਲੈ ਲਈ ਗਈ ਹੈ।
ਸਰਕਾਰ ਦੇ ਇਸ ਫੈਸਲੇ ‘ਤੇ ਹੁਣ ਗਿਆਨੀ ਹਰਪ੍ਰੀਤ ਸਿੰਘ ਦੀ ਪ੍ਰਤੀਕਿਰਿਆ ਸਾਹਮਣੇ ਆਈ। ਜੱਥੇਦਾਰ ਨੇ ਬਿਆਨ ਦਿੰਦਿਆਂ ਕਿਹਾ ਕਿਹਾ ਕਿ ਉਹਨਾਂ ਨੂੰ ਸਰਕਾਰ ਦੀ ਸੁਰੱਖਿਆ ਦੀ ਲੋੜ ਨਹੀਂ। ਉਹਨਾਂ ਕਿਹਾ ਸਰਕਾਰ ਨੇ ਅੱਧੀ ਸੁਰੱਖਿਆ ਵਾਪਸ ਮੰਗਵਾਈ ਹੈ ਅਤੇ ਬਾਕੀ ਰਹਿੰਦੀ ਸੁਰੱਖਿਆ ਉਹ ਆਪ ਵਾਪਸ ਭੇਜ ਰਹੇ ਹਨ।
ਦਸ ਦਈਏ ਕਿ ਗਿਆਨੀ ਹਰਪ੍ਰੀਤ ਸਿੰਘ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਹੋਣ ਕਾਰਨ ਸਰਕਾਰ ਵੱਲੋਂ 6 ਗੰਨਮੈਨ ਦਿੱਤੇ ਗਏ ਸਨ ਜਿੰਨਾ ਚੋ ਅੱਜ ਤਿੰਨ ਵਾਪਿਸ ਲੈ ਲੈਣ ਦਾ ਆਦੇਸ਼ ਹੋਇਆ ਹੈ।
ਪੰਜਾਬ ਦੀ ਮਾਨ ਸਰਕਾਰ ਨੇ ਵੀਆਈਪੀਜ਼ ਦੀ ਸੁਰੱਖਿਆ ‘ਤੇ ਕੱਟ ਮਾਰਿਆ ਹੈ। ਵਿਧਾਇਕਾਂ , ਸਾਬਕਾ ਵਿਧਾਇਕਾਂ, ਸਾਬਕਾ ਸਾਂਸਦਾ ਸਮੇਤ ਸਰਕਾਰ ਵੱਲੋਂ 424 ਲੋਕਾਂ ਦੀ ਸੁਰੱਖਿਆ ਵਾਪਸ ਲੈਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਲਿਸਟ ‘ਚ ਸਾਬਕਾ ਪੁਲਿਸ ਅਧਿਕਾਰੀਆਂ ਦੀ ਸੁਰੱਖਿਆ ਦੀ ਵਾਪਸੀ ਵੀ ਸ਼ਾਮਲ ਹੈ।
ਸਰਕਾਰ ਨੇ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ, ਰਾਣਾ ਕੇਪੀ, ਬਿਰਕਮ ਮਜੀਠੀਆ ਦੀ ਪਤਨੀ ਗਵੀਨ ਕੌਰ, ਬਲਵਿੰਦਰ ਲਾਡੀ, ਦਵਿੰਦਰ ਘਬਾਇਆ, ਹਰਦਿਆਲ ਕੰਬੋਜ, ਜਗਦੇਵ ਕਮਾਲੂ, ਕੁਲਜੀਤ ਨਾਗਰਾ, ਰੁਪਿੰਦਰ ਰੂਬੀ, ਸੁਖਦੇਵ ਸਿੰਘ ਢੀਂਡਸਾ, ਨਿਰਮਲ ਸਿੰਘ ਸ਼ੁਤਰਾਣਾ ਸਣੇ 424 ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ।
