
ਮਾਨਸਾ, 27 ਅਕਤੂਬਰ(ਸਾਰਾ ਯਹਾ / ਮੁੱਖ ਸੰਪਾਦਕ) : ਸਿਹਤ ਵਿਭਾਗ ਵੱਲੋਂ ਐਕਟਿੰਗ ਸਿਵਲ ਸਰਜਨ ਡਾ. ਸੰਜੀਵ ਓਬਰਾਏ ਦੀ ਰਹਿਨੁਮਾਈ ਹੇਠ ਸਰਦਾਰ ਵੱਲਭ ਭਾਈ ਪਟੇਲ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਸਿਵਲ ਸਰਜਨ ਦਫ਼ਤਰ ਵਿਖੇ ਭ੍ਰਿਸ਼ਟਾਚਾਰ ਖਿਲਾਫ਼ ਸਹੁੰ ਚੁੱਕੀ ਗਈ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ, ਡਾ. ਰਣਜੀਤ ਸਿੰਘ ਰਾਏ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਦੁਆਰਾ ਮਨਾਏ ਜਾ ਰਹੇ ਇਸ ਜਾਗਰੂਕਤਾ ਹਫ਼ਤੇ ਦੌਰਾਨ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਹਰ ਇਕ ਵਿਅਕਤੀ ਨੂੰ ਆਪਣੇ ਕਾਰਜ ਖੇਤਰ ਵਿਚ ਇਮਾਨਦਾਰੀ ਨਾਲ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਖ਼ਤਮ ਕਰਨਾ ਕਿਸੇ ਇਕ ਵਿਅਕਤੀ ਦਾ ਕੰਮ ਨਹੀਂ ਹੈ, ਬਲਕਿ ਸਾਨੂੰ ਸਭ ਨੂੰ ਮਿਲ ਕੇ ਇਸ ਨੂੰ ਖ਼ਤਮ ਕਰਨ ਲਈ ਯਤਨ ਕਰਨੇ ਚਾਹੀਦੇ ਹਨ। ਐਸ.ਐਸ.ਪੀ. ਵਿਜੀਲੈਂਸ ਬਠਿੰਡਾ, ਡਾ. ਨਰਿੰਦਰ ਭਾਗਰਵ ਦੁਆਰਾ ਵੀਡੀਓ ਕਾਨਫਰੰਸ ਰਾਹੀਂ ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਈ-ਪਲੈੱਜ ਲਈ ਗਈ ਅਤੇ ਵਿਜੀਲੈਂਸ ਬਿਊਰੋ ਪੰਜਾਬ ਦੀ ਵੈਬਸਾਈਟ ’ਤੇ ਈ-ਪਲੈੱਜ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਰਜਿਸਟਰਡ ਹੋਣ ਉਪਰੰਤ ਆਨਲਾਈਨ ਸਰਟੀਫਿਕੇਟ ਜਾਰੀ ਕੀਤੇ ਗਏ। ਇਸ ਮੌਕੇ ਜ਼ਿਲ੍ਹਾ ਸਕੂਲ ਹੈਲਥ ਅਫ਼ਸਰ ਡਾ. ਬਲਜੀਤ ਕੌਰ, ਜ਼ਿਲ੍ਹਾ ਪ੍ਰੋਗਰਾਮ ਮੈਨੇਜ਼ਰ ਸ੍ਰੀ ਅਵਤਾਰ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸ੍ਰੀ ਸੁਖਮਿੰਦਰ ਸਿੰਘ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਸ਼ਾਮਲ ਹੋਏ। ਇਸ ਦੌਰਾਨ ਬਲਾਕ ਖਿਆਲਾ ਕਲਾਂ, ਬੁਢਲਾਡਾ ਅਤੇ ਸਰਦੂਲਗੜ੍ਹ ਵਿਖੇ ਵੀ ਸਹੁੰ ਚੁੱਕੀ ਗਈ।
