
ਚੰਡੀਗੜ,(ਸਾਰਾ ਯਹਾ, ਬਲਜੀਤ ਸ਼ਰਮਾ) 7 ਅਪ੍ਰੈਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰੋਨਾ ਵਾਇਰਸ ਕਾਰਨ ਉਪਜੇ ਮੌਜੂਦਾ ਸੰਕਟ ਕਾਰਨ ਸੁਝਾਅ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦਾ ਧੰਨਵਾਦ ਕਰਦਿਆਂ ਆਖਿਆ ਕਿ ਸੁਖਬੀਰ ਬਾਦਲ ਵੱਲੋਂ ਕੀਤੀ ਮੰਗ ਮੁਤਾਬਕ ਸਰਬ ਪਾਰਟੀ ਮੀਟਿੰਗ ਸੱਦਣ ਲਈ ਨਾ ਤਾਂ ਸਮਾਂ ਹੈ ਅਤੇ ਨਾ ਹੀ ਇਸ ਦੀ ਲੋੜ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਬਾਦਲ ਵੱਲੋਂ 5 ਅਪ੍ਰੈਲ ਨੂੰ ਲਿਖੇ ਪੱਤਰ ਵਿੱਚ ਉਠਾਏ ਮਸਲਿਆਂ ’ਤੇ ਸੂਬਾ ਸਰਕਾਰ ਪਹਿਲਾਂ ਦੀ ਅਸਰਦਾਰ ਢੰਗ ਨਾਲ ਕਦਮ ਉਠਾ ਰਹੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਸਰਬ ਪਾਰਟੀ ਮੀਟਿੰਗ ਸੱਦਣ ਦੀ ਕੀਤੀ ਮੰਗ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਸ ਵੇਲੇ ਸੂਬਾ, ਇਕ ਮੁਸ਼ਕਲ ਦੌਰ ਵਿੱਚੋਂ ਲੰਘ ਰਿਹਾ ਹੈ ਅਤੇ ਕਰੋਨਾ ਵਾਇਰਸ ਦੀ ਮਹਾਂਮਾਰੀ ਨੇ ਸਾਰਾ ਜਨ-ਜੀਵਨ ਅਸਥ-ਵਿਅਸਥ ਕਰਕੇ ਰੱਖ ਦਿੱਤਾ ਹੈ। ਉਨਾਂ ਕਿਹਾ ਕਿ ਸਾਡੇ ਸਾਹਮਣੇ ਇਹ ਇਕ ਬਹੁਤ ਵੱਡੀ ਚੁਣੌਤੀ ਹੈ ਜਿਸ ਵਿਰੁੱਧ ਲੜੀ ਜਾ ਰਹੀ ਲੜਾਈ ਐਨ ਸਿਖਰ ’ਤੇ ਚੱਲ ਰਹੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਦਾ ਸਮੁੱਚਾ ਪ੍ਰਸ਼ਾਸਨ, ਗੈਰ-ਸਰਕਾਰੀ ਸਮਾਜਿਕ ਅਦਾਰੇ, ਧਾਰਮਿਕ ਸੰਸਥਾਵਾਂ ਅਤੇ ਰਾਜਨੀਤਿਕ ਪਾਰਟੀਆਂ ਦੇ ਨਾਲ-ਨਾਲ ਪੰਜਾਬ ਦਾ ਹਰ ਨਾਗਰਿਕ ਇਸ ਮੁਹਿੰਮ ਵਿੱਚ ਤਨਦੇਹੀ ਨਾਲ ਆਪਣਾ ਯੋਗਦਾਨ ਪਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਹਾੜੀ ਦੀ ਫਸਲ ਦੀ ਵਢਾਈ ਅਤੇ ਉਸ ਦੀ ਖਰੀਦ ਇਕ ਹੋਰ ਵੱਡੀ ਚਣੌਤੀ ਸਾਡੇ ਸਾਹਮਣੇ ਹੈ ਜਿਸ ਨਾਲ ਨਜਿੱਠਣ ਵਾਸਤੇ ਰਾਜ ਸਰਕਾਰ ਵੱਲੋਂ ਲੋੜੀਂਦੇ ਪ੍ਰਬੰਧਾਂ ਦੀ ਤਿਆਰੀ ਜੰਗੀ ਪੱਧਰ ’ਤੇ ਕੀਤੀ ਜਾ ਰਹੀ ਹੈ। ਸਾਉਣੀ ਦੀ ਬਿਜਾਈ ਲਈ ਵੀ ਢੁਕਵੇਂ ਪ੍ਰਬੰਧ ਕਰਨੇ ਹੋਣਗੇ ਅਤੇ ਸਾਡੀ ਆਰਥਿਕਤਾ ਇਹਨਾਂ ਦੋਵਾਂ ਫਸਲਾਂ ਦੀ ਬਿਹਤਰ ਸੰਭਾਲ ’ਤੇ ਨਿਰਭਰ ਕਰਦੀ ਹੈ ।
ਹਾਲਾਂਕਿ, ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਮੌਜੂਦਾ ਸੰਕਟ ਅਤੇ ਭਵਿੱਖੀ ਚਣੌਤੀਆਂ ਨਾਲ ਨਿਪਟਣ ਲਈ ਕਿਸੇ ਵੀ ਹੋਰ ਮਸ਼ਵਰੇ ਦਾ ਉਹ ਸਵਾਗਤ ਕਰਨਗੇ। ਉਨਾਂ ਨੇ ਸੁਖਬੀਰ ਬਾਦਲ ਨੂੰ ਭਰੋਸਾ ਦਿੱਤਾ ਕਿ ਉਨਾਂ ਵੱਲੋਂ ਦਿੱਤੇ ਗਏ ਸਾਰੇ ਅਜਿਹੇ ਸੁਝਾਵਾਂ ’ਤੇ ਉਹ ਪੂਰੀ ਸੰਜੀਦਗੀ ਨਾਲ ਵਿਚਾਰ ਕਰਨਗੇ। ਉਨਾਂ ਨੇ ਉਮੀਦ ਪ੍ਰਗਟਾਈ ਕਿ ਸ਼੍ਰੋਮਣੀ ਅਕਾਲੀ ਦਲ ਇਸ ਜਾਨਲੇਵਾ ਰੋਗ ਨੂੰ ਕਾਬੂ ਵਿੱਚ ਕਰਨ ਲਈ ਸੂਬਾ ਸਰਕਾਰ ਨੂੰ ਆਪਣਾ ਪੂਰਨ ਸਮਰਥਨ ਅਤੇ ਸਹਿਯੋਗ ਦੇਣਾ ਜਾਰੀ ਰੱਖੇਗਾ।
——–
