ਮਾਨਸਾ, 07 ਫਰਵਰੀ (ਸਾਰਾ ਯਹਾਂ/ ਮੁੱਖ ਸੰਪਾਦਕ) : ਪੰਜਾਬ ਸਰਕਾਰ ਲੋਕਾਂ ਨੂੰ ਸਮਾਂਬੱਧ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਕਾਰਜਸ਼ੀਲ ਹੈ। ਸਰਕਾਰੀ ਦਫ਼ਤਰਾਂ ਵਿਚ ਡਿਊਟੀ ਪ੍ਰਤੀ ਕੁਤਾਹੀ ਬਿਲਕੁੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਹਾਇਕ ਕਮਿਸ਼ਨਰ (ਜ) ਸ੍ਰੀ ਹਰਜਿੰਦਰ ਸਿੰਘ ਜੱਸਲ ਨੇ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਦੌਰਾਨ ਕੀਤਾ।
ਸ੍ਰੀ ਹਰਜਿੰਦਰ ਸਿੰਘ ਜੱਸਲ ਨੇ ਦੱਸਿਆ ਕਿ ਚੈਕਿੰਗ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸਮੇਤ ਉਨ੍ਹਾ ਦੇ ਦਫ਼ਤਰ ਦੇ ਪੰਜ ਹੋਰ ਕਰਮਚਾਰੀ ਗ਼ੈਰ ਹਾਜ਼ਰ ਪਾਏ ਗਏ, ਜਿੰਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਗ਼ੈਰ ਹਾਜ਼ਰ ਪਾਏ ਜਾਣ ਵਾਲੇ ਕਰਮਚਾਰੀਆਂ ’ਤੇ ਬਣਦੀ ਵਿਭਾਗੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਸਹਾਇਕ ਕਮਿਸ਼ਨਰ ਨੇ ਸਮੂਹ ਵਿਭਾਗੀ ਕਰਮਚਾਰੀਆਂ ਨੂੰ ਭਵਿੱਖ ਅੰਦਰ ਇਮਾਨਦਾਰੀ ਨਾਲ ਕੰਮ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਉਹ ਡਿਊਟੀ ਪ੍ਰਤੀ ਸਮੇਂ ਦੇ ਪਾਬੰਦ ਰਹਿਣ ਤਾਂ ਜੋ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਖੱਜਲ ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਇਸੇ ਤਰ੍ਹਾਂ ਸਮੂਹ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਜਾਰੀ ਰਹੇਗੀ।