ਮਾਨਸਾ, 25 ਮਾਰਚ (ਸਾਰਾ ਯਹਾਂ /ਜੋਨੀ ਜਿੰਦਲ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਰਾਜ ਅੰਦਰ ਵੱਖ ਵੱਖ ਵਿਕਾਸ ਪ੍ਰੋਜੈਕਟਾਂ ਦਾ ਵਰਚੂਅਲ ਉਦਘਾਟਨ ਕੀਤਾ ਗਿਆ ਜਿਸ ਦਾ ਸਿੱਧਾ ਪ੍ਰਸਾਰਣ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨਾਲ ਨਾਲ ਜ਼ਿਲ੍ਹਾ ਮਾਨਸਾ ਦੀਆਂ ਸਮੂਹ ਸਬ ਡਵੀਜ਼ਨਾਂ ਵਿੱਚ ਕੀਤਾ ਗਿਆ। ਸਥਾਨਕ ਸਰਕਾਰਾਂ ਮੰਤਰੀ ਸ਼੍ਰੀ ਬ੍ਰਹਮ ਮਹਿੰਦਰਾ ਨੇ ਵਰਚੂਅਲ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਸਰਕਾਰ ਦੁਆਰਾ ਰਾਜ ਵਿੱਚ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਕੀਤੇ ਕਾਰਜਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਦੂਰ ਅੰਦੇਸ਼ੀ ਸੋਚ ਸਦਕਾ ਪੰਜਾਬ ਤਰੱਕੀ ਦੀਆਂ ਲੀਹਾਂ ’ਤੇ ਹੈ ਅਤੇ ਕੋਵਿਡ ਮਹਾਂਮਾਰੀ ਦੇ ਸੰਕਟ ਦੇ ਬਾਵਜੂਦ ਸੂਬੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਤੋਂ ਇਲਾਵਾ ਸਾਬਕਾ ਵਿਧਾਇਕ ਸ. ਅਜੀਤ ਇੰਦਰ ਸਿੰਘ ਮੋਫ਼ਰ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ, ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ, ਡਿਪਟੀ ਡੀ.ਈ.ਓ ਜਗਰੂਪ ਭਾਰਤੀ, ਯੂਥ ਆਗੂ ਮਾਈਕਲ ਗਾਗੋਵਾਲ ਸਮੇਤ ਹੋਰਾਂ ਨੇ ਵਰਚੂਅਲ ਉਦਘਾਟਨਾਂ ਵਿੱਚ ਹਿੱਸਾ ਲਿਆ। ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਾਨਸਾ ਜ਼ਿਲ੍ਹੇ ਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਦੇ ਕਾਇਆ ਕਲਪ ਲਈ ਵੱਡੇ ਪੱਧਰ ’ਤੇ ਵਿਕਾਸ ਕਾਰਜ ਪ੍ਰਗਤੀ ਅਧੀਨ ਹਨ ਜਿਨ੍ਹਾਂ ਨੂੰ ਛੇਤੀ ਹੀ ਮੁਕੰਮਲ ਕਰ ਦਿੱਤਾ ਜਾਵੇਗਾ। ਇਸ ਦੌਰਾਨ ਸ. ਅਜੀਤ ਇੰਦਰ ਸਿੰਘ ਮੋਫ਼ਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਰਾਜ ਸਰਕਾਰ ਦੁਆਰਾ ਕੋਵਿਡ ਦੇ ਬਾਵਜੂਦ ਵਿਕਾਸ ਕਾਰਜਾਂ ਵਿੱਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾ ਰਹੀ ਅਤੇ ਨਾਲੋ ਨਾਲ ਹੀ ਤੰਦਰੁਸਤ ਮਿਸ਼ਨ ਦੇ ਮਿੱਥੇ ਟੀਚੇ ਨੂੰ ਪੂਰਾ ਕਰਨ ਲਈ ਕੋਵਿਡ ਸਾਵਧਾਨੀਆਂ ਦੀ ਪਾਲਣਾ ਕਰਵਾਉਣ ਲਈ ਵਿਉਂਤਬੱਧ ਯਤਨ ਕੀਤੇ ਜਾ ਰਹੇ ਹਨ। ਅੱਜ ਇਸ ਸਮਾਗਮ ਦੇ ਸਬੰਧ ਵਿੱਚ ਦਲੇਲ ਸਿੰਘ ਵਾਲਾ, ਫੱਤਾ ਮਾਲੋਕਾ ਅਤੇ ਬੁਢਲਾਡਾ ਸਮੇਤ ਹੋਰ ਸਥਾਨਾਂ ’ਤੇ ਵਰਚੂਅਲ ਢੰਗ ਰਾਹੀਂ ਲੋਕਾਂ ਨੇ ਉਦਘਾਟਨੀ ਸਮਾਗਮਾਂ ਨੂੰ ਦੇਖਿਆ। ਕੈਪਸ਼ਨ: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਵਰਚੂਅਲ ਕਾਨਫਰੰਸ ਵਿੱਚ ਹਿੱਸਾ ਲੈਂਦੇ ਹੋਏ। ਉਨ੍ਹਾਂ ਨਾਲ ਸਾਬਕਾ ਵਿਧਾਇਕ ਸ਼੍ਰੀ ਅਜੀਤ ਇੰਦਰ ਸਿੰਘ ਮੋਫ਼ਰ, ਏ.ਡੀ.ਸੀ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਸਮੇਤ ਹੋਰ ਅਧਿਕਾਰੀ ਵੀ ਹਨ।