*ਸ਼ਾਂਤਮਈ ਢੰਗ ਨਾਲ ਮੁਕੰਮਲ ਹੋਈਆਂ ਭੀਖੀ ਅਤੇ ਸਰਦੂਲਗੜ੍ਹ ਨਗਰ ਪੰਚਾਇਤਾਂ ਦੀਆਂ ਚੋਣਾਂ-ਜ਼ਿਲ੍ਹਾ ਚੋਣਕਾਰ ਅਫ਼ਸਰ*

0
50

ਮਾਨਸਾ, 21 ਦਸੰਬਰ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ/ ਮੋਹਨ ਸ਼ਰਮਾ) ਮਾਨਸਾ ਜ਼ਿਲ੍ਹੇ ਅੰਦਰ ਨਗਰ ਪੰਚਾਇਤ ਭੀਖੀ ਅਤੇ ਨਗਰ ਪੰਚਾਇਤ ਸਰਦੂਲਗੜ੍ਹ ਦੀਆਂ ਚੋਣਾਂ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹ ਗਈਆਂ ਹਨ। ਇਨ੍ਹਾਂ ਚੋਣਾਂ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿਘ ਆਈ.ਏ.ਐਸ. ਅਤੇ ਐਸ.ਐਸ.ਪੀ. ਮਾਨਸਾ ਸ਼੍ਰੀ ਭਾਗੀਰਥ ਸਿੰਘ ਮੀਨਾ ਨੇ ਜ਼ਿਲ੍ਹੇ ਦੇ ਸੂਝਵਾਨ ਵੋਟਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਨਗਰ ਪੰਚਾਇਤ ਦੀਆਂ ਚੋਣਾਂ ਵਿੱਚ ਵੋਟਰਾਂ ਨੇ ਆਪਣਾ ਪੂਰਾ ਉਤਸ਼ਾਹ ਦਿਖਾਇਆ ਅਤੇ ਸੁਚੱਜੇ ਢੰਗ ਨਾਲ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਕਰੀਬ 77.6 ਫੀਸਦੀ  ਪੋਲਿੰਗ ਹੋਈ। ਉਨ੍ਹਾਂ ਦੱਸਿਆ ਕਿ ਭੀਖੀ ਵਿਖੇ 77.78 ਅਤੇ ਸਰਦੂਲਗੜ੍ਹ ਵਿਖੇ 77.41 ਫੀਸਦੀ ਪੋਲਿੰਗ ਹੋਈ।
ਨਗਰ ਪੰਚਾਇਤਾਂ ਦੇ ਵੱਖ-ਵੱਖ ਬੂਥਾਂ ਦੇ ਦੌਰੇ ਦੌਰਾਨ ਉਨ੍ਹਾਂ ਤਾਇਨਾਤ ਕੀਤੇ ਗਏ ਚੋਣ ਅਮਲੇ ਨੂੰ ਹਦਾਇਤ ਕੀਤੀ ਕਿ ਪੋਲਿੰਗ ਅਤੇ ਗਿਣਤੀ ਦੌਰਾਨ ਪੂਰੀ ਪਾਰਦਰਸ਼ਤਾ ਨਾਲ ਕੰਮ ਕੀਤਾ ਜਾਵੇ, ਤਾਂ ਜੋ ਸ਼ਾਂਤੀਪੂਰਵਕ ਅਤੇ ਨਿਰਪੱਖਤਾ ਨਾਲ ਚੋਣ ਪ੍ਰਕਿਰਿਆ ਨੇਪਰੇ ਚਾੜ੍ਹੀ ਜਾ ਸਕੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ 200 ਦੇ ਕਰੀਬ ਚੋਣ ਅਮਲਾ ਤਾਇਨਾਤ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਸਰਦੂਲਗੜ੍ਹ ਵਿਖੇ 15 ਵਾਰਡਾਂ ਲਈ ਚੋਣ ਹੋਈ ਅਤੇ ਭੀਖੀ ਵਿਖੇ 13 ਵਾਰਡ ਸਨ, ਜਿਨ੍ਹਾਂ ਵਿੱਚੋਂ 12 ਵਾਰਡਾਂ (ਭੀਖੀ ਵਾਰਡ ਨੰਬਰ 2 ਬਿਨ੍ਹਾਂ ਮੁਕਾਬਲਾ ਜੇਤੂ) ਦੀ ਅੱਜ ਵੋਟਿੰਗ ਹੋਈ। ਵੋਟਾਂ ਸਵੇਰੇ 07 ਵਜੇ ਤੋਂ ਸ਼ਾਮ 04 ਵਜੇ ਤੱਕ ਪੋਲ ਕਰਵਾਈਆਂ ਗਈਆਂ।
ਐਸ.ਐਸ.ਪੀ. ਸ਼੍ਰੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਨਗਰ ਪੰਚਾਇਤ ਦੀਆਂ ਚੋਣਾਂ ਨੂੰ ਅਮਨ-ਸ਼ਾਂਤੀ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪੁਲਿਸ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ, ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਚੋਣਾਂ ਦੌਰਾਨ ਮਾਹੌਲ ਖ਼ਰਾਬ ਨਾ ਕਰ ਸਕੇ ਅਤੇ ਵੋਟਰ ਬਿਨ੍ਹਾਂ ਕਿਸੇ ਡਰ ਅਤੇ ਭੈਅ ਤੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ।
ਇਸ ਮੌਕੇ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਮਾਨਸਾ ਸ਼੍ਰੀ ਕਾਲਾ ਰਾਮ ਕਾਂਸਲ, ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਨਿਤੇਸ਼ ਕੁਮਾਰ ਜੈਨ, ਡੀ.ਐਸ.ਪੀ. ਸ਼੍ਰੀ ਬੂਟਾ ਸਿੰਘ, ਡੀ.ਐਸ.ਪੀ. ਸ਼੍ਰੀ ਐਮ.ਐਸ. ਔਲਖ ਤੋਂ ਇਲਾਵਾ ਹੋਰ ਵੀ ਅਧਿਕਾਰੀ ਮੌਜੂਦ ਸਨ।

LEAVE A REPLY

Please enter your comment!
Please enter your name here