ਮਾਨਸਾ, 29 ਅਪ੍ਰੈਲ (ਸਾਰਾ ਯਹਾਂ/ ਮੁੱਖ ਸੰਪਾਦਕ ) :ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਜਸਪ੍ਰੀਤ ਸਿੰਘ ਨੇ ਪੰਜਾਬ ਵਿਲੇਜ਼ ਤੇ ਸਮਾਲ ਟਾਊਨਜ਼/ਪੈਟਰੋਲ ਐਕਟ 1918 ਦੀ ਧਾਰਾ 3 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਾਨਸਾ ਜ਼ਿਲੇ ਅੰਦਰ ਸਾਰੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਸਾਰੇ ਬਾਲ ਵਿਅਕਤੀਆਂ ਨੂੰ ਅਮਨ ਤੇ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ, ਹਰ ਰੋਜ਼ ਸ਼ਾਮ ਨੂੰ 8 ਵਜੇ ਤੋਂ ਸਵੇਰੇ 5 ਵਜੇ ਤੱਕ ਗਸ਼ਤ ਕਰਨ ਅਤੇ ਠੀਕਰੀ ਪਹਿਰਾ ਦੇਣ ਦੀ ਡਿਊਟੀ ਨਿਭਾਉਣ ਦੇ ਆਦੇਸ਼ ਜਾਰੀ ਕੀਤੇ ਹਨ।ਹੁਕਮ ਵਿਚ ਜ਼ਿਲਾ ਮੈਜਿਸਟਰੇਟ ਨੇ ਕਿਹਾ ਕਿ ਜ਼ਿਲੇ ਦੀ ਹਰ ਨਗਰ ਕੌਂਸਲ, ਨਗਰ ਪੰਚਾਇਤ ਅਤੇ ਪਿੰਡਾਂ ਦੀਆਂ ਪੰਚਾਇਤਾਂ ਉਕਤ ਐਕਟ ਦੀ ਧਾਰਾ 4(1) ਦੀ ਪੂਰੀ ਤਰਜ਼ਮਾਨੀ ਕਰਦਿਆਂ ਆਪਣੇ ਕਾਰਜ ਖੇਤਰ ਅੰਦਰ ਠੀਕਰੀ ਪਹਿਰਾ ਲਾਗੂ ਕਰਵਾਉਣਗੀਆਂ। ਡਿਊਟੀ ਦੇਣ ਵਾਲੇ ਵਿਅਕਤੀਆਂ ਦੀ ਅਗਾਊਂ ਸੂਚਨਾ ਸਬੰਧਤ ਮੁੱਖ ਥਾਣਾ ਅਫ਼ਸਰ ਨੂੰ ਮੁਹੱਈਆ ਕਰਵਾਉਣਗੀਆਂ।ਜ਼ਿਲਾ ਮੈਜਿਸਟਰੇਟ ਨੇ ਕਿਹਾ ਕਿ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ, ਜ਼ਿਲਾ ਮਾਨਸਾ ਦੀ ਆਮ ਜਨਤਾ ਲਈ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕਰਨ ਦੇ ਮੰਤਵ ਲਈ ਨਹਿਰਾਂ, ਡਰੇਨਾ ਦੇ ਕੰਢੇ ਅਤੇ ਪੁਲਾਂ, ਪਾਵਰ ਟਰਾਂਸਮਿਸ਼ਨ ਲਾਈਨਾਂ, ਸਬ ਸਟੇਸ਼ਨਾਂ ਅਤੇ ਟਰਾਂਸਫਾਰਮਰਜ਼, ਰੇਲਵੇ ਦੀਆਂ ਪਟੜੀਆਂ, ਸਰਕਾਰੀ ਪ੍ਰਾਪਰਟੀ, ਅਨਾਜ ਦੇ ਭੰਡਾਰ ਘਰਾਂ, ਪੈਟਰੋਲ ਪੰਪਾਂ, ਬੈਂਕਾਂ, ਡਾਕਘਰਾਂ, ਸਕੂਲਾਂ, ਵੱਖ ਵੱਖ ਧਾਰਮਿਕ ਅਦਾਰਿਆਂ ਅਤੇ ਹੋਰ ਸਰਕਾਰੀ ਦਫ਼ਤਰਾਂ ਦੀ ਭੰਨਤੋੜ ਅਤੇ ਕਿਸੇ ਅਣਸੁਖਾਵੀਂ ਘਟਨਾਂ ਨੂੰ ਵਾਪਰਨ ਤੋਂ ਬਚਾਉਣ ਦੀ ਲੋੜ ਹੈ। ਇਸ ਤਰਾਂ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜ਼ਿਲੇ ਅੰਦਰ ਪੈਂਦੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿਚ ਠੀਕਰੀ ਪਹਿਰਾ ਲਗਾਉਣ ਦੀ ਜ਼ਰੂਰਤ ਮਹਿਸੂਸ ਹੁੰਦੀ ਹੈ।ਇਹ ਹੁਕਮ 31 ਮਈ, 2022 ਤੱਕ ਲਾਗੂ ਰਹੇਗਾ।